ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਪਿੰਦਰ ਸਿੰਘ ਸਮਰਾ ਦੀ ਪ੍ਰਧਾਨਗੀ ਵਿੱਚ ਪ੍ਰਿੰਸੀਪਲ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਯੂਨੀਵਰਸਿਟੀ ਦੀਆਂ ਸਮੈਸਟਰ ਪ੍ਰੀਖਿਆਵਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਸਮਰਾ, ਡਾ. ਐਸ.ਕੇ. ਅਰੋੜਾ, ਪ੍ਰਿੰਸੀਪਲ ਡੀ.ਏ.ਵੀ. ਕਾਲਜ ਜਲੰਧਰ, ਡਾ. ਰੇਖਾ ਕਾਲੀਆ ਭਾਰਦਵਾਜ, ਪ੍ਰਿੰਸੀਪਲ ਐਚ.ਐਮ.ਵੀ. ਜਲੰਧਰ, ਡਾ. ਗੁਰਦੇਵ ਸਿੰਘ ਰੰਧਾਵਾ, ਪ੍ਰਿੰਸੀਪਲ ਗੁਰੂ ਨਾਨਕ ਸੁਖਚੈਨਆਣਾ, ਕਾਲਜ ਫਗਵਾੜਾ ਅਤੇ ਡਾ. ਆਰ.ਕੇ. ਤੁਲੀ, ਪ੍ਰਿੰਸੀਪਲ ਐਸ.ਐਸ.ਐਮ. ਕਾਲਜ ਦੀਨਾਨਗਰ ਨੇ ਸਾਂਝਾ ਬਿਆਨ ਜਾਰੀ ਕੀਤਾ। ਜਾਰੀ ਬਿਆਨ ਵਿੱਚ ਉਨ੍ਹਾਂ ਸਾਲ 2021-22 ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ 60% ਰਾਸ਼ੀ ਵਿਦਿਆਰਥੀਆਂ ਦੇ ਖਾਤੇ ਵਿੱਚ ਪਾਉਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕੇਂਦਰ ਦੀ ਤਰਜ਼ ‘ਤੇ ਪੰਜਾਬ ਸਰਕਾਰ ਨੂੰ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ 40% ਹਿੱਸਾ ਵਿਦਿਆਰਥੀਆਂ ਦੇ ਖਾਤੇ ਵਿੱਚ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲ ਦਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ ਵੀ ਕਾਲਜਾਂ ਨੂੰ ਅਜੇ ਤਕ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਾਲਜਾਂ ਨੂੰ ਪਿਛਲੇ ਤਿੰਨ ਸਾਲ ਦਾ ਸਕਾਲਰਸ਼ਿਪ ਦਾ ਪੈਸਾ ਜਾਰੀ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਰਾਸ਼ੀ ਵੀ ਕਾਲਜਾਂ ਨੂੰ ਅਜੇ ਤੱਕ ਪ੍ਰਾਪਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਾਲਜਾਂ ਨੇ ਪਿਛਲੇ ਤਿੰਨ ਸਾਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਦੇ ਫੀਸਾਂ ਦੇ ਖ਼ਰਚੇ ਆਪਣੇ ਕੋਲੋਂ ਕੀਤੇ ਹਨ। ਜਿਸ ਕਰਕੇ ਇਹ ਕਾਲਜ ਵਿੱਤੀ ਸੰਕਟ ਦੇ ਸ਼ਿਕਾਰ ਹੋ ਗਏ ਹਨ। ਕਾਲਜਾਂ ਨੂੰ ਸਰਕਾਰ ਵੱਲੋਂ ਚਾਰ ਮਹੀਨੇ ਦੀ ਸੈਲਰੀ ਗ੍ਰਾਂਟ ਵੀ ਜਾਰੀ ਨਾ ਹੋਣ ਕਾਰਨ ਕਾਲਜ ਵਿੱਤੀ ਸੰਕਟ ਵਿੱਚ ਘਿਰ ਗਏ ਹਨ, ਜਿਸ ਕਰਕੇ ਕਾਲਜ ਆਪਣੇ ਸਟਾਫ ਨੂੰ ਪਿਛਲੇ ਚਾਰ ਮਹੀਨੇ ਤੋਂ ਤਨਖਾਹ ਦੇਣ ਤੋਂ ਵੀ ਅਸਮਰੱਥ ਹੋ ਗਏ ਹਨ। ਇਸ ਲਈ ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪਿਛਲੇ ਤਿੰਨ ਸਾਲ ਦਾ ਪੈਸਾ ਵੀ ਕਾਲਜਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ ਅਤੇ ਸਾਲ 2021-22 ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ 40% ਰਾਸ਼ੀ ਵੀ ਵਿਦਿਆਰਥੀਆਂ ਦੇ ਖਾਤੇ ਵਿਚ ਤੁਰੰਤ ਪਾਈ ਜਾਵੇ, ਤਾਂ ਕਿ ਘੋਰ ਵਿੱਤੀ ਸੰਕਟ ਵਿੱਚ ਫਸੇ ਕਾਲਜ ਸੁਚਾਰੂ ਢੰਗ ਨਾਲ ਚੱਲ ਸਕਣ। ਇਸ ਮੌਕੇ ਉਨ੍ਹਾਂ ਯੂਨੀਵਰਸਿਟੀ ਦੀਆਂ ਸਮੈਸਟਰ ਪ੍ਰੀਖਿਆਵਾਂ ਦੀਆਂ ਤਿਆਰੀਆਂ ਸੰਬੰਧੀ ਵੀ ਚਰਚਾ ਕੀਤੀ।

 

 

 

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।