ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਬੀ.ਐਸ.ਸੀ. ਅਤੇ ਐਮ.ਐਸੀ.ਸੀ. ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਬੀ.ਐਸ.ਸੀ. ਵਿੱਚ ਬੌਟਨੀ, ਜ਼ੂਆਲੋਜੀ, ਕੈਮਿਸਟਰੀ, ਗਣਿਤ, ਫਿਜਿਕਸ, ਇਕਨਾਮਿਕਸ ਅਤੇ ਕੰਪਿਊਟਰ ਸਾਇੰਸ ਵਿਸ਼ਿਆਂ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਨਵੇਂ ਵਿਦਿਆਰਥੀਆਂ ਨੂੰ ਲਾਇਲਪੁਰ ਖ਼ਾਲਸਾ ਕਾਲਜ ਚੁਣਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਕਾਲਜ ਦੀਆਂ ਅਕਾਦਮਿਕ ਪਰੰਪਰਾਵਾਂ, ਖੇਡਾਂ, ਸੱਭਿਆਚਾਰ ਅਤੇ ਸੰਗੀਤ ਦੇ ਖੇਤਰਾਂ ਵਿੱਚ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਸ ਮਾਣਮੱਤੀ ਸੰਸਥਾ ਵਿਚੋਂ ਸਮੇਂ-ਸਮੇਂ ’ਤੇ ਆਪਣੇ ਅਧਿਆਪਕਾਂ ਪਾਸੋਂ ਮਾਰਗ-ਦਰਸ਼ਨ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਕਾਲਜ ਆਪਣੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਦੂਜੇ ਖੇਤਰਾਂ ਵਿਚ ਵੀ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਹਰ ਸਾਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਉਂਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਾਲ ਵੀ ਸਾਇੰਸਿਜ਼ ਵਿਭਾਗਾਂ ਦੇ ਵਿਦਿਆਰਥੀ ਮੈਰਿਟ ਵਿਚ ਆਉਣਗੇ। ਇਸ ਮੌਕੇ ਪ੍ਰੋ. ਨਵਦੀਪ ਕੌਰ ਕਾਲਜ ਰਜਿਸਟਰਾਰ ਨੇ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਨੂੰ ਨਿਰਧਾਰਤ ਕਰਨ ਤੇ ਉਹਨਾਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ। ਡਾ. ਹਰਜਿੰਦਰ ਕੌਰ ਅਤੇ ਡਾ. ਨੀਤਿਕਾ ਚੁੱਘ ਨੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਓਰੀਐਂਟੇਸ਼ਨ ਸੈਸ਼ਨ ਦਾ ਸੰਚਾਲਨ ਕੀਤਾ। ਨਵੇਂ ਵਿਦਿਆਰਥੀਆਂ ਨੂੰ ਵਿਭਾਗੀ ਪ੍ਰੋਫਾਈਲਾਂ, ਬੁਨਿਆਦੀ ਢਾਂਚੇ ਅਤੇ ਪ੍ਰਯੋਗਸ਼ਾਲਾ ਦੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੇ ਰਮੀਡੀਅਲ ਕਲਾਸਾਂ, ਸੰਸ਼ੋਧਨ ਕਲਾਸਾਂ, ਮੈਂਟਰਸ਼ਿਪ ਪ੍ਰੋਗਰਾਮ, ਗ੍ਰੀਵੈਂਸ ਰਿਡਰੈਸਲ ਸਿਸਟਮ ਅਤੇ ਸਕਾਲਰਸ਼ਿਪ ਸਕੀਮਾਂ ਦੇ ਪ੍ਰਬੰਧ ਬਾਰੇ ਜਾਣਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਨਵੀਂ ਸਿੱਖਿਆ ਨੀਤੀ 2020 ਬਾਰੇ ਜਾਣਕਾਰੀ ਦਿੱਤੀ ਗਈ। ਪਹਿਲੇ ਸਾਲ ਦੇ ਸਾਰੇ ਫਰੈਸ਼ਰ ਵਿਦਿਆਰਥੀਆਂ ਦੇ ਨਾਲ-ਨਾਲ ਸੀਨੀਅਰ ਵਿਦਿਆਰਥੀਆਂ ਦੁਆਰਾ ਸ਼ਾਨਦਾਰ ਡਾਂਸ ਅਤੇ ਸੰਗੀਤਕ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਨਾਲ ਭਰਪੂਰ ਸਮਾਗਮ ਸੀ। ਪ੍ਰੋਗਰਾਮ ਦੇ ਕਨਵੀਨਰ ਡਾ. ਗਗਨਦੀਪ ਕੌਰ, ਮੁਖੀ ਜੁਆਲੋਜੀ ਅਤੇ ਬੋਟਨੀ ਵਿਭਾਗ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਸਾਰੇ ਵਿਦਿਆਰਥੀਆਂ ਦੇ ਸਫਲ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਟੇਜ ਦਾ ਸੰਚਾਲਨ ਡਾ. ਅਮਨਪ੍ਰੀਤ ਕੌਰ ਸੰਧੂ ਅਤੇ ਡਾ. ਉਪਮਾ ਅਰੋੜਾ ਨੇ ਬਾਖੂਬੀ ਕੀਤਾ। ਇਸ ਮੌਕੇ ਸਾਇੰਸ ਵਿਭਾਗ ਦੇ ਸਾਰੇ ਮੁਖੀ ਅਤੇ ਫੈਕਲਟੀ ਮੈਂਬਰ ਹਾਜ਼ਰ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।