Sliderपंजाब

ਵਰਿੰਦਰ ਪਾਰਕ ਦੀ ਕੰਧ ਟੁੱਟਣ ਨਾਲ ਇਲਾਕਾ ਵਾਸੀਆਂ ਵਿੱਚ ਚਿੰਤਾ, ਵੈਲਫੇਅਰ ਐਸੋਸੀਏਸ਼ਨ ਨੇ ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਨਗਰ ਨਿਗਮ ਫਗਵਾੜਾ ਅਧੀਨ ਆਉਂਦੇ ਵਰਿੰਦਰ ਪਾਰਕ ਦੀ ਬਾਹਰੀ ਕੰਧ ਅੱਜ ਸਵੇਰੇ ਅਚਾਨਕ ਢਹਿ ਗਈ। ਖੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ, ਪਰ ਕੰਧ ਦੇ ਡਿੱਗਣ ਨਾਲ ਪਾਰਕ ਦੀ ਸੁਰੱਖਿਆ ਅਤੇ ਆਲੇ-ਦੁਆਲੇ ਦੇ ਰਹਿਣ ਵਾਲੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ।
ਘਟਨਾ ਤੋਂ ਬਾਅਦ ਵਰਿੰਦਰ ਪਾਰਕ ਵੈਲਫੇਅਰ ਐਸੋਸੀਏਸ਼ਨ (ਰਜਿ.) ਫਗਵਾੜਾ ਦੇ ਪ੍ਰਧਾਨ ਅਮਰਜੀਤ ਸਿੰਘ ਬਸੂਟਾ, ਸਕੱਤਰ ਦਵਿੰਦਰ ਕੌਸ਼ਲ ਅਤੇ ਖਜ਼ਾਨਚੀ ਰਮਨ ਨਹਿਰਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਨਗਰ ਨਿਗਮ ਫਗਵਾੜਾ ਦੇ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।
ਵਫ਼ਦ ਨੇ ਨਿਗਮ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਵਰਿੰਦਰ ਪਾਰਕ ਦੀ ਟੁੱਟੀ ਹੋਈ ਕੰਧ ਦਾ ਨਿਰਮਾਣ ਜਲਦ ਤੋਂ ਜਲਦ ਕਰਵਾਇਆ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਸ ਦੇ ਨਾਲ ਹੀ ਪਾਰਕ ਵਿੱਚ ਮੌਜੂਦ ਹੋਰ ਬੁਨਿਆਦੀ ਸਮੱਸਿਆਵਾਂ ਦਾ ਵੀ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ।
ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਵਰਿੰਦਰ ਪਾਰਕ ਇਲਾਕੇ ਦੇ ਲੋਕਾਂ ਲਈ ਸੈਰ, ਕਸਰਤ ਅਤੇ ਬੱਚਿਆਂ ਦੇ ਮਨੋਰੰਜਨ ਦਾ ਇੱਕ ਮਹੱਤਵਪੂਰਨ ਸਥਾਨ ਹੈ। ਪਾਰਕ ਦੀਆਂ ਸਹੂਲਤਾਂ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਉਮੀਦ ਜਤਾਈ ਕਿ ਨਿਗਮ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦੀ ਕਾਰਵਾਈ ਕਰੇਗਾ।
ਨਿਗਮ ਕਮਿਸ਼ਨਰ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਦੀ ਜਾਂਚ ਕਰਵਾ ਕੇ ਟੁੱਟੀ ਕੰਧ ਦੀ ਮੁਰੰਮਤ ਅਤੇ ਪਾਰਕ ਨਾਲ ਸੰਬੰਧਤ ਹੋਰ ਸਮੱਸਿਆਵਾਂ ਦੇ ਨਿਪਟਾਰੇ ਲਈ ਲੋੜੀਂਦੇ ਕਦਮ ਜਲਦ ਚੁੱਕੇ ਜਾਣਗੇ।

Related Articles

Back to top button