ਚੰਡੀਗੜ, 8 ਜੁਲਾਈ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਗੁਰਸੇਵਕ ਸਿੰਘ ਵਾਸੀ ਗ੍ਰੀਨ ਸਿਟੀ, ਰਾਏਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੇ ਨਿੱਜੀ ਸਹਾਇਕ ਲਾਡੀ ਰਾਹੀਂ ਜ਼ਮੀਨ ਦਾ ਇੰਤਕਾਲ ਕਰਵਾਉਣ ਬਦਲੇ 5000 ਰੁਪਏ ਦੀ ਨਜਾਇਜ਼ ਰਕਮ ਵਸੂਲੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਕਿਉਂਕਿ ਜ਼ੁਬਾਨੀ ਸਬੂਤਾਂ ਅਤੇ ਮੌਕੇ ਦੀ ਵੀਡੀਓ ਰਿਕਾਰਡਿੰਗ ਨੇ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਨੂੰ ਸਾਬਤ ਕਰ ਦਿੱਤਾ ਹੈ।

ਪੜਤਾਲ ਰਿਪੋਰਟ ਦੇ ਆਧਾਰ ’ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।