ਜਲੰਧਰ (07-11-2024): ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਜਲੰਧਰ ਲਗਾਤਾਰ ਯਤਨਸ਼ੀਲ ਹੈ। ਇਸ ਦੇ ਮੱਦੇਨਜਰ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਵੀਰਵਾਰ ਨੂੰ ਸਿਵਲ ਹਸਪਤਾਲ ਦੇ ਐਮ.ਸੀ.ਐਚ. ਸੈਂਟਰ ਅਤੇ ਸਪੇਸ਼ਲ ਨਿਊ ਬੋਰਨ ਕੇਅਰ ਯੂਨਿਟ (ਐਸ.ਐਨ.ਸੀ.ਯੂ.) ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਜੱਚਾ-ਬੱਚਾ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਗਿਆ ਅਤੇ ਸੰਬੰਧਤ ਸਟਾਫ਼ ਨੂੰ ਜਰੂਰੀ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਅਤੇ ਐਸ.ਐਮ.ਓ. ਗਾਇਨੀ ਡਾ. ਵਰਿੰਦਰ ਕੌਰ ਥਿੰਦ ਵੀ ਉਨ੍ਹਾਂ ਨਾਲ ਮੌਜੂਦ ਸਨ।
ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਮੌਕੇ ‘ਤੇ ਮੌਜੂਦ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਆਪਣੀਆਂ ਸੇਵਾਵਾਂ ਲੋਕਾਂ ਨੂੰ ਹੋਰ ਵੀ ਬਿਹਤਰ ਢੰਗ ਨਾਲ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਸਿਵਲ ਸਰਜਨ ਵੱਲੋਂ ਮਰੀਜਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ ਗਈ ਅਤੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੇ ਕੰਮ ‘ਤੇ ਤਸੱਲੀ ਪ੍ਰਗਟ ਕੀਤੀ ਗਈ।