
(07-04-2025): ਵਿਸ਼ਵ ਸਿਹਤ ਦਿਵਸ”ਮੌਕੇ ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਅਗਵਾਈ ਹੇਠ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਸਿਵਲ ਹਸਪਤਾਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਕਿਸੇ ਵਿਅਕਤੀ ਦੇ ਜੀਵਨ ਦਾ ਸਭ ਤੋਂ ਮਹੱਤਵਪੂਰਨ ਪਹਿਲੂ ਉਸਦੀ ਸਿਹਤ ਹੈ, ਜੋ ਉਸਦੇ ਜੀਵਨ ਦੀ ਗੁਣਵੱਤਾ ਨੂੰ ਨਿਰਧਾਰਤ ਕਰਦੀ ਹੈ। ਇਸਦੇ ਮੱਦੇਨਜਰ ਹੀ ਸਿਹਤ ਵਿਭਾਗ ਵੱਲੋਂ“ਵਿਸ਼ਵ ਸਿਹਤ ਦਿਵਸ” ਹਰ ਸਾਲ 7 ਅਪ੍ਰੈਲ ਨੂੰ ਲੋਕਾਂ ਨੂੰ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਪ੍ਰਤਿ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮਨਾਇਆ ਜਾਂਦਾ ਹੈ।
ਸਿਵਲ ਸਰਜਨ ਜਲੰਧਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ “ਵਿਸ਼ਵ ਸਿਹਤ ਦਿਵਸ”ਹਰ ਸਾਲ ਇੱਕ ਵਿਲੱਖਣ ਥੀਮ ਤਹਿਤ ਮਨਾਇਆ ਜਾਂਦਾ ਹੈ। ਇਸ ਸਾਲ ਇਸ ਦਿਵਸ ਨੂੰ “ਮੈਟਰਨਲ ਐਂਡ ਨਿਊ ਬੋਰਨ ਹੈਲਥ (ਮਾਂ ਅਤੇ ਨਵਜਨਮੇ ਬੱਚੇ ਦੀ ਸਿਹਤ)” ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਵੀ ਆਪਣੀ ਸਿਹਤ ਵੱਲ ਖਾਸ ਧਿਆਨ ਦੇਣ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਆਪਣਾ ਐਂਟੀਨੇਟਲ ਚੈਕਅਪ ਅਤੇ ਸੰਤੁਲਿਤ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਜੱਚਾ-ਬੱਚਾ ਮੌਤ ਦਰ ਨੂੰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਸਾਲ ਹੋ ਰਹੀਆਂ ਨਵਜਨਮੇ ਬੱਚਿਆਂ ਦੀ ਮੌਤਾਂ ਵਿੱਚੋਂ ਜ਼ਿਆਦਾਤਰ ਮੌਤਾਂ ਨੂੰ ਸਹੀ ਸਿਹਤ ਸੰਭਾਲ ਨਾਲ ਰੋਕਿਆ ਜਾ ਸਕਦਾ ਹੈ। ਇਸ ਲਈ ਜਰੂਰੀ ਹੈ ਕਿ ਬੱਚੇ ਨੂੰ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ। ਮਾਂ ਦਾ ਦੁੱਧ ਬੱਚੇ ਨੂੰ ਬਿਮਾਰੀਆਂ ਤੋਂ ਬਚਾਉਂਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਸ਼ਡਿਊਲ ਅਨੁਸਾਰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਜੋ ਬੱਚੇ ਅੰਦਰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਪੈਦਾ ਕਰਦਾ ਹੈ।
ਸਿਵਲ ਸਰਜਨ ਨੇ ਕਿਹਾ ਕਿ ਵਿਸ਼ਵ ਸਿਹਤ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਵੀ ਲੋਕਾਂ ਨੂੰ ਚੰਗੀ ਸਿਹਤ, ਖਾਣ-ਪੀਣ ਦੇ ਚੰਗੇ ਅਸੂਲ ਅਤੇ ਬੀਮਾਰੀਆਂ ਤੋਂ ਬਚਾਓ ਲਈ ਵਰਤੀਆਂ ਜਾਣ ਵਾਲੀਆਂ ਸਾਵਾਧਾਨੀਆਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਯੋਗ ਅਤੇ ਕਸਰਤ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆ ਤੋਂ ਬਚ ਸਕਦੇ ਹਾਂ। ਸਾਨੂੰ ਜੰਕ ਫੂਡ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਸਿਹਤ ਉੱਪਰ ਮਾੜਾ ਪ੍ਰਭਾਵ ਪਾਉਣ ਵਾਲੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਸੈਮੀਨਾਰ ਦੌਰਾਨ ਨਰਸਿੰਗ ਵਿਦਿਆਰਥਣਾਂ ਵੱਲੋ“ਵਿਸ਼ਵ ਸਿਹਤ ਦਿਵਸ”ਸੰਬੰਧੀ ਜਾਗਰੂਕਤਾ ਪੋਸਟਰ ਪ੍ਰਦਰਸ਼ਿਤ ਕੀਤੇ ਗਏ। ਜਿਨ੍ਹਾਂ ਨੂੰ ਸਿਵਲ ਸਰਜਨ ਜਲੰਧਰ ਅਤੇ ਹੋਰ ਅਧਿਕਾਰੀਆਂ ਵੱਲੋਂ ਵਾਚਿਆ ਗਿਆ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਨੂੰ ਪ੍ਰਾਪਤ ਕਰਨ ਵਾਲੇ ਪੋਸਟਰਾਂ ਨੂੰ ਬਣਾਉਣ ਵਾਲੀਆਂ ਨਰਸਿੰਗ ਵਿਦਿਆਰਥਣਾਂ ਨੂੰ ਪ੍ਰੋਤਸਾਹਿਤ ਕੀਤਾ ਗਿਆ। ਸੈਮੀਨਾਰ ਦੌਰਾਨ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਅਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ (ਕਾਰਜਕਾਰੀ) ਡਾ. ਮਨਦੀਪ ਕੌਰ ਵੱਲੋਂ ਵੀ ਸੈਮੀਨਾਰ ਦੌਰਾਨ ਆਪਣੇ ਵਿਚਾਰ ਸਾਂਝੇ ਕੀਤੇ ਗਏ। ਸੈਮੀਨਾਰ ਦੇ ਅਖੀਰ ਵਿੱਚ ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ ਵੱਲੋਂ ਨਰਸਿੰਗ ਸਕੂਲ ਦੀ ਪ੍ਰਿੰਸੀਪਲ ਸਤਵਿੰਦਰ ਕੌਰ, ਸਟਾਫ ਅਤੇ ਨਰਸਿੰਗ ਵਿਦਿਆਰਥਣਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ, ਨਰਸਿੰਗ ਟੀਚਰ ਰਵਿੰਦਰ ਕੌਰ, ਜਸਵੀਰ ਕੌਰ ਅਤੇ ਸੰਦੀਪ ਕੌਰ ਹਾਜਰ ਸਨ।