
(22.04.2025): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ – ਨਿਰਦੇਸ਼ਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵਲੋਂ ਸੂਬੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ। ਇਸਦੇ ਮੱਦੇਨਜ਼ਰ ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਅਗਵਾਈ ਹੇਠ ਮੰਗਲਵਾਰ ਨੂੰ ਸਿਟੀ ਗਰੂਪ ਆਫ ਇੰਸਟੀਟਿਊਸ਼ਨਸ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਵਾਇਸ ਚੇਅਰਮੈਨ ਸਿਟੀ ਗਰੂਪ ਆਫ ਇੰਸਟੀਟਿਊਸ਼ਨਸ ਹਰਪ੍ਰੀਤ ਸਿੰਘ, ਡੀਨ ਸਟੂਡੈਂਟ ਵੈਲਫੇਅਰ ਸੀ.ਟੀ. ਗਰੂਪ ਡਾ. ਅਰਜਨ, ਡਾ. ਅਰੂਣ, ਡਾ. ਅੱਨਾ ਕੇ ਧਾਲੀਵਾਲ ਵੱਲੋਂ ਸਿਵਲ ਸਰਜਨ ਡਾ. ਗੁਰਮੀਤ ਲਾਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਅਤੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਅਭੈ ਰਾਜ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ।
ਸੈਮੀਨਾਰ ਦੌਰਾਨ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਵਿਦਿਆਰਥੀਆਂ ਅਤੇ ਹਾਜ਼ਰੀਨ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਹ ਨਸ਼ੇ ਤੋਂ ਹਮੇਸ਼ਾ ਦੂਰ ਰਹਿਣ ਅਤੇ ਆਪਣੇ ਦੋਸਤਾਂ ਮਿੱਤਰਾਂ ਨੂੰ ਵੀ ਇਸ ਅਲਾਮਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਭ ਦੇ ਸਹਿਯੋਗ ਦੀ ਲੋੜ ਹੈ। ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਕੋਹੜ ਨੂੰ ਖਤਮ ਨਹੀ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਚੰਗੀ ਜੀਵਨਸ਼ੈਲੀ ਅਪਣਾਉਣ ਤੇ ਪੰਜਾਬੀ ਸੱਭਿਆਚਾਰ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ।
ਸਿਵਲ ਸਰਜਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਵੀ ਨਸ਼ਿਆਂ ਦੇ ਖਾਤਮੇ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਤੇ ਸੂਬੇ ਦਾ ਭਵਿੱਖ ਸੁਰੱਖਿਅਤ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਗਿਆ ਹੈ ’ਤੇ ਜਿੱਥੇ ਲੋਕ ਸ਼ਿਕਾਇਤ ਕਰਕੇ ਨਸ਼ਾ ਤਸਕਰਾਂ ਸੰਬੰਧੀ ਜਾਣਕਾਰੀ ਸਾਂਝੀ ਕਰ ਸਕਦੇ ਹਨ ਅਤੇ ਇਸ ਸੰਬੰਧੀ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਕ ਜਾਗਰੂਕ ਨਾਗਰਿਕ ਦਾ ਫਰਜ ਨਿਭਾਉਂਦਿਆਂ ਹੋਏ ਕਿਸੇ ਵੀ ਵਿਅਕਤੀ ਤੇ ਸੰਦੇਹ ਜਾਂ ਸੱਕ ਹੋਣ ਦੀ ਸੂਰਤ ਵਿਚ ਪ੍ਰਸਾਸਨ ਨੂੰ ਸਮੇ ਸਿਰ ਜਾਣਕਾਰੀ ਦੇਣ। ਇਸ ਦੌਰਾਨ ਸਮੂਹ ਹਾਜ਼ਰੀਨ ਨੇ ਸਹੁੰ ਚੁੱਕਦਿਆਂ ਕਿਹਾ ਕਿ ਉਹ ਕਦੇ ਨਸ਼ੇ ਨਹੀਂ ਕਰਨਗੇ ਅਤੇ ਉਹ ਜਿੱਥੇ ਵੀ ਨਸ਼ਾ ਵਿਕਦਾ ਦੇਖਣਗੇ, ਬਿਨਾਂ ਡਰ ਇਸ ਦੀ ਸੂਚਨਾ ਪੁਲੀਸ ਨੂੰ ਦੇਣਗੇ।
ਡਾ. ਅਭੈ ਰਾਜ ਸਿੰਘ ਨੇ ਦੱਸਿਆ ਨਸ਼ੇ ਤੋਂ ਬਚਾਅ ਲਈ ਸਮਾਜ ਦੇ ਹਰੇਕ ਵਿਅਕਤੀ ਦੀ ਮਨੋਵਿਗਿਆਨਿਕ ਤੰਦਰੁਸਤੀ ਜਰੂਰੀ ਹੈ, ਇਸ ਲਈ ਸਕੂਲਾਂ/ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਮਨੋਵਿਗਿਆਨਿਕ ਤੰਦਰੁਸਤੀ ਤੇ ਕੇਂਦਰਿਤ ਸਲਾਹ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਨਸ਼ਾ ਕਰਨ ਵਾਲੇ ਕਿਸੇ ਵੀ ਰੁਝਾਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਖਾਸ ਕਰਕੇ ਸਕੂਲਾਂ/ਕਾਲਜਾਂ ਵਿੱਚ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਦੇ ਮੁੱਦੇ ਤੇ ਜਾਗਰੂਕਤਾ ਲਿਆਉਣਾ ਬਹੁਤ ਜਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੀਪੀਟੀ ਰਾਹੀਂ ਵੀ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਨਸ਼ੇ ਤੋਂ ਦੂਰ ਰਹਿਣ ਅਤੇ ਬਚਾਓ ਲਈ ਅਪਣਾਏ ਜਾਣ ਵਾਲੇ ਵੱਖ-ਵੱਖ ਉਪਰਾਲਿਆਂ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਗੀਤ ਰਾਹੀਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੰਦੇਸ਼ ਦਿੱਤਾ ਗਿਆ। ਸੈਮੀਨਾਰ ਦੌਰਾਨ ਇਸ ਮੌਕੇ ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਸਟੇਜ ਸੈਕਟਰੀ ਡਾ. ਵਿਕਰਾਂਤ ਅਤੇ ਸਮੂਹ ਸਟਾਫ ਤੇ ਵਿਦਿਆਰਥੀ ਮੌਜੂਦ ਸਨ।