Sliderपंजाब

ਕੌਮੀ ਡੇਂਗੂ ਦਿਵਸ” ਮੌਕੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਢੁੱਕਵੇਂ ਕਦਮ ਚੁੱਕਣ ਦੀ ਅਪੀਲ

ਜਲੰਧਰ (15.05.2026): “ਕੌਮੀ ਡੇਂਗੂ ਦਿਵਸ” ਮੌਕੇ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਵੱਲੋਂ ਲੋਕਾਂ ਨੂੰ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਢੁੱਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ ਗਈ। ਉਨ੍ਹਾਂ ਨੇ ਲੋਕਾਂ ਨੂੰ ਡੇਂਗੂ ਰੋਕਥਾਮ ਅਤੇ ਨਿਯੰਤਰਣ ਉਪਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਾਵਧਾਨੀਆਂ ਵਰਤਣ ਪ੍ਰਤੀ ਜਾਗਰੂਕ ਰਹਿਣ ਲਈ ਕਿਹਾ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਸਾਲ 16 ਮਈ ਨੂੰ “ਕੌਮੀ ਡੇਂਗੂ ਦਿਵਸ” ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਡੇਂਗੂ ਰੋਕਥਾਮ ਦੇ ਲਈ ਲੋੜੀਂਦੇ ਕਦਮ ਚੁੱਕਣਾ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ। ਉਨ੍ਹਾਂ ਨੇ ਡੇਂਗੂ ਬੁਖਾਰ ਦੇ ਲੱਛਣਾਂ, ਕਾਰਣਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਦੇ ਸਮੇਂ ਕੱਟਦਾ ਹੈ। ਡੇਂਗੂ ਦੇ ਆਮ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਤੇਜ਼ ਬੁਖਾਰ, ਸਰੀਰ ਵਿੱਚ ਦਰਦ, ਪੇਟ ਦਰਦ, ਉਲਟੀਆਂ ਆਉਣਾ, ਮਸੂੜਿਆਂ ਚੋਂ ਖੂਨ ਆਉਣਾ ਅਤੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਹੋਣਾ ਇਸ ਬੁਖਾਰ ਦੇ ਆਮ ਲੱਛਣ ਹੋ ਸਕਦੇ ਹਨ। ਜੇਕਰ ਕਿਸੇ ਵਿਅਕਤੀ ਨੂੰ ਇਹ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਸੰਪਰਕ ਕਰਕੇ ਆਪਣੀ ਸਿਹਤ-ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਦਾ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ।
ਸਿਵਲ ਸਰਜਨ ਨੇ ਲੋਕਾਂ ਨੂੰ ਵੀ ਸਿਹਤ ਵਿਭਾਗ ਦੀ ਐਂਟੀ ਡੇਂਗੂ ਕੰਪੇਨ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਖੜ੍ਹੇ ਸਾਫ਼ ਪਾਣੀ ਅਤੇ ਮੱਛਰਾਂ ਦੇ ਵਧਦੇ ਪ੍ਰਜਨਨ ਕਾਰਨ ਅਕਸਰ ਡੇਂਗੂ ਦੇ ਕੇਸਾਂ ਵਿੱਚ ਵਾਧਾ ਹੁੰਦਾ ਹੈ। ਡੇਂਗੂ ਪ੍ਰਤੀ ਸੁਚੇਤ ਕਰਦੇ ਹੋਏ ਇਸ ਤੋਂ ਬਚਾਅ ਲਈ ਜਰੂਰੀ ਸਾਵਧਾਨੀਆਂ ਬਾਰੇ ਦਸਦਿਆਂ ਉਨ੍ਹਾਂ ਕਿਹਾ ਕਿ ਆਪਣੇ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਰਾਤ ਨੂੰ ਸੌਣ ਸਮੇਂ ਮੱਛਰਦਾਨੀ ਅਤੇ ਮੱਛਰ-ਭਜਾਊ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਜਾਲੀਦਾਰ ਦਰਵਾਜ਼ੇ ਅਤੇ ਖਿੜਕੀਆਂ ਮੱਛਰਾਂ ਨੂੰ ਕਮਰਿਆਂ ਦੇ ਅੰਦਰ ਆਉਣ ਤੋਂ ਰੋਕਦੀਆਂ ਹਨ । ਕੂਲਰਾਂ ਦਾ ਪਾਣੀ ਹਫਤੇ ਵਿੱਚ ਇੱਕ ਵਾਰ ਜਰੂਰ ਬਦਲਣਾ ਚਾਹੀਦਾ ਹੈ, ਫਰਿਜਾਂ ਦੀਆਂ ਟਰੇਆਂ ਵਿਚਲਾ ਪਾਣੀ ਕੱਢ ਕੇ ਟਰੇਅ ਨੂੰ ਸਾਫ ਕਰਨਾ ਚਾਹੀਦਾ ਹੈ। ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਗਮਲਿਆਂ, ਟਾਇਰਾਂ, ਟੁੱਟੇ-ਭੱਜੇ ਬਰਤਨਾਂ ਆਦਿ ਵਿੱਚ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ।
ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਵੱਖ-ਵੱਖ ਐਂਟੀ ਲਾਰਵਾ ਟੀਮਾਂ ਵੱਲੋਂ ਜਿਲ੍ਹੇ ਭਰ ਵਿੱਚ ਐਂਟੀ ਡੇਂਗੂ ਕੰਪੇਨ ਚਲਾਈ ਜਾ ਰਹੀ ਹੈ। ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ ਅਤੇ ਡਾ. ਸ਼ੋਭਨਾ ਬਾਂਸਲ ਦੀ ਅਗਵਾਈ ਹੇਠ ਇਸ ਜਾਗਰੂਕਤਾ ਮੁਹਿੰਮ ਤਹਿਤ ਐਮ.ਪੀ.ਐਚ.ਡਬਲਯੂ, ਬ੍ਰੀਡਿੰਗ ਚੈਕਰਸ ਅਤੇ ਆਸ਼ਾ ਵਰਕਰਾਂ ਵੱਲੋਂ ਡੋਰ ਟੂ ਡੋਰ ਜਾ ਕੇ ਚੈਕਿੰਗ ਕਰ ਰਹੇ ਹਨ ਅਤੇ ਮੌਕੇ ‘ਤੇ ਹੀ ਲਾਰਵਾ ਨਸ਼ਟ ਵੀ ਕੀਤਾ ਜਾ ਰਿਹਾ ਹੈ। ਇਸ ਦੌਰਾਨ ਘਰ-ਘਰ ਜਾ ਕੇ ਫਰਿੱਜਾਂ, ਕੂਲਰਾਂ, ਗਮਲਿਆਂ, ਟਾਇਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਚਿਕਨਗੁਨੀਆ ਅਤੇ ਪੀਲੇ ਬੁਖਾਰ ਵਰਗੇ ਸੰਕਰਮਣਾਂ ਦੇ ਫੈਲਣ ਨੂੰ ਰੋਕਣ ਲਈ ਰੋਕਥਾਮ ਅਤੇ ਨਿਯੰਤਰਣ ਉਪਾਵਾਂ ਬਾਰੇ ਦੱਸਦੇ ਹੋਏ ਜਾਗਰੂਕ ਕੀਤਾ ਜਾ ਰਿਹਾ ਹੈ।

Related Articles

Back to top button