Sliderपंजाब

ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰਨ ਦੀ ਸ ਸੁਖਮਿੰਦਰ ਸਿੰਘ ਰਾਜਪਾਲ ਨੇ ਕੀਤੀ ਨਿਖੇਧੀ

ਜਲੰਧਰ , 9 ਮਾਰਚ-
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਨੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਰਾਜਪਾਲ ਨੇ ਕਿਹਾ ਕਿ ਦਸਤਾਰ ਸਿੱਖ ਦੇ ਜੀਵਨ ਦਾ ਅਹਿਮ ਅੰਗ ਹੈ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ੋਰ ਦਾ ਪ੍ਰਯੋਗ ਕਰਦਿਆਂ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰੇ ਜਾਣਾ ਸਿੱਖ ਭਾਵਨਾਵਾਂ ਅਤੇ ਸਿੱਖੀ ਦੇ ਗੌਰਵ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਰੱਖਣਾ ਹੱਕ ਹੈ, ਜਿਸ ’ਤੇ ਕਿਸੇ ਤਰ੍ਹਾਂ ਦੀ ਰੋਕ ਲਗਾਉਣੀ ਪ੍ਰਸ਼ਾਸਨ ਦੀ ਧੱਕੇਸ਼ਾਹੀ ਹੈ।
ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਸਿੱਖ ਭਾਵਨਾਵਾਂ ਨੂੰ ਲੈ ਕੇ ਲਗਾਤਾਰ ਮੰਗ ਕਰ ਰਹੇ ਸਨ, ਜਿਸ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਣਸੁਣਿਆ ਕੀਤਾ ਗਿਆ ਅਤੇ ਪੁਲਿਸ ਦੁਆਰਾ ਲਾਠੀਚਾਰਜ ਕਰਕੇ ਵਿਦਿਆਰਥੀਆਂ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ। ਰਾਜਪਾਲ ਨੇ ਕਿਹਾ ਕਿ ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਪ੍ਰਸ਼ਾਸਨ ਦੀ ਵੀ ਜ਼ੁੰਮੇਵਾਰੀ ਹੈ। ਉਨ੍ਹਾਂ ਸਿੱਖ ਨੌਜੁਆਨਾਂ ਦੀਆਂ ਦਸਤਾਰਾਂ ਉਤਾਰਨ ਵਾਲੇ ਦੋਸ਼ੀ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਦੀ ਦਸਤਾਰ ਦਾ ਨਿਰਾਦਰ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।

Related Articles

Back to top button