दोआबापंजाब

ਇਫਟੂ, ਪੀ ਐਮ ਯੂ ਅਤੇ ਮੁਲਾਜ਼ਮ ਜਥਬੰਦੀਆਂ ਵਲੋਂ ਲੁਧਿਆਣਾ ਵਿਖੇ ਰੈਲੀ ਅਤੇ ਮੁਜ਼ਾਹਰਾ 22 ਮਾਰਚ ਨੂੰ

ਜਲੰਧਰ 2 ਮਾਰਚ,
ਇੰਡੀਅਨ ਫੇਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫ਼ਟੂ), ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ 22 ਮਾਰਚ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰਾ ਕੀਤਾ ਜਾਵੇਗਾ। ਇਸ ਦੀਆਂ ਤਿਆਰੀਆਂ ਲਈ 10 ਮਾਰਚ ਤੱਕ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਹ ਫੈਸਲਾ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਜਥੇਬੰਦੀਆਂ ਦੀ ਹੋਈ ਸੂਬਾ ਪੱਧਰੀ ਸਾਂਝੀ ਮੀਟਿੰਗ ਵਿਚ ਕੀਤਾ ਗਿਆ।
ਇਹ ਰੈਲੀ ਅਤੇ ਮੁਜ਼ਾਹਰਾ ਚਾਰ ਲੇਬਰ ਕੋਡ ਰੱਦ ਕਰਵਾਉਣ, ਮਗਨਰੇਗਾ ਕਾਨੂੰਨ ਨੂੰ ਬਹਾਲ ਕਰਾਉਣ,ਬਿਜਲੀ ਸੋਧ ਬਿੱਲ 2025 ਵਾਪਿਸ ਕਰਵਾਉਣ, ਮਿੱਡ ਡੇਅ ਮੀਲ, ਆਸ਼ਾ ਵਰਕਰਾਂ ਸਮੇਤ ਕੱਚੇ ਕਾਮਿਆਂ ਨੂੰ ਪੱਕੇ ਕਰਨ,ਹਰ ਮਜ਼ਦੂਰ ਨੂੰ ਪੱਕਾ ਰੁਜ਼ਗਾਰ ਅਤੇ ਘੱਟੋ ਘੱਟ ਉਜਰਤ ਪ੍ਰਤੀ ਮਹੀਨਾ 26000 ਰੂਪਏ ਕਰਨ ਆਦਿ ਮੰਗਾਂ ਨੂੰ ਲੈ ਕੇ ਕੀਤਾ ਜਾਵੇਗਾ।
ਇਸ ਮੌਕੇ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫ਼ਟੂ) ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ,ਅਵਤਾਰ ਸਿੰਘ ਤਾਰੀ,ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ, ਡੈਮੋਕ੍ਰੇਟਿਕ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਕੁੰਤਲਾ ਸਰੋਏ,ਮਿੱਡ ਡੇਅ ਮੀਲ ਵਰਕਰਜ਼ ਯੂਨੀਅਨ ਦੇ ਕੁਲਵਿੰਦਰ ਕੌਰ ਅਮਾਨਤਪੁਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਬੌੜਾਂ ਤੇ ਧਰਮਵੀਰ ਹਰੀਗੜ੍ਹ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰ ਪੱਖੀ 29 ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹਨਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਵਿਰੋਧੀ ਲੇਬਰ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਯੂਨੀਅਨ ਬਣਾਉਣ ਤੇ ਹੜਤਾਲ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ। ਪੱਕੀ ਨੌਕਰੀ ਦੀ ਥਾਂ “ਫਿਕਸਡ ਟਰਮ ਇੰਪਲਾਇਮੈਂਟ” ਲਾਗੂ ਹੋਵੇਗਾ,ਨੌਕਰੀ ਦੀ ਸੁਰੱਖਿਆ ਖ਼ਤਮ ਹੋ ਜਾਵੇਗੀ। ਮਜ਼ਦੂਰਾਂ ਉੱਪਰ ਸ਼ਰਤਾਂ ਮੜ੍ਹ ਕੇ ਕਈ ਕਰਮਚਾਰੀਆਂ ਨੂੰ ਮਜ਼ਦੂਰ ਮੰਨਣ ਤੋਂ ਇਨਕਾਰ ਕਰ ਦਿੱਤਾ ਜਾਵੇਗਾ। ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ। ਮਜ਼ਦੂਰਾਂ ਦੀ ਸੁਰੱਖਿਆ, ਸਹੂਲਤਾਂ, ਮਜ਼ਦੂਰੀ ਅਤੇ ਬੋਨਸ ਪ੍ਰਬੰਧਕਾਂ ਦੀ ਮਰਜ਼ੀ ਉੱਪਰ ਛੱਡ ਦਿੱਤੇ ਜਾਣਗੇ ਅਤੇ ਲੇਬਰ ਵਿਭਾਗ ਦੇ ਅਧਿਕਾਰੀਆਂ ਨੂੰ ਸਿਰਫ਼ ਦਰਸ਼ਕ ਬਣਾ ਦਿੱਤਾ ਜਾਵੇਗਾ।ਮਜ਼ਦੂਰ ਮੁਲਾਜ਼ਮ ਆਗੂਆਂ ਨੇ 22 ਮਾਰਚ ਦੀ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰੇ ਵਿੱਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।
ਇਸ ਮੌਕੇ ਮਜ਼ਦੂਰ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ,ਗੁਰਚਰਨ ਸਿੰਘ ਅਟਵਾਲ ਆਦਿ ਵੀ ਹਾਜ਼ਰ ਸਨ।

Related Articles

Back to top button