

ਜਲੰਧਰ 27 ਅਗਸਤ 2026 ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾਂ ਮੁਲਾਜ਼ਮ ਮੰਚ ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਨੂੰ ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਪੀਏਪੀ ਜਲੰਧਰ ਵਿਖੇ ਮੀਟਿੰਗ ਦਾ ਲਿਖਤੀ ਸੱਦਾ ਪੱਤਰ ਦਿੱਤਾ ਹੋਇਆ ਸੀ, ਇਹ ਮੀਟਿੰਗ ਪਹਿਲਾਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਣੀ ਸੀ। ਸਾਂਝਾ ਫਰੰਟ ਦੇ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਅੱਜ ਫਿਰ ਮੀਟਿੰਗ ਕਰਨ ਤੋਂ ਭੱਜ ਗਏ ਹਨ। ਪੀਏਪੀ ਜਲੰਧਰ ਦੇ ਗੋਲਫ ਕਲੱਬ ਤੋਂ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਗੁਰਨਾਮ ਸਿੰਘ ਵਿਰਕ, ਸਤੀਸ਼ ਰਾਣਾ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ ਅਤੇ ਜਗਦੀਸ਼ ਸਿੰਘ ਚਾਹਲ ਨੇ ਦੱਸਿਆ ਕਿ ਪਿਛਲੀ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਈ ਮਹਾਂ ਰੈਲੀ ਦੌਰਾਨ ਸਾਂਝੀ ਤਾਲਮੇਲ ਕਮੇਟੀ ਨੂੰ 27 ਅਗਸਤ ਦਾ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ, ਜਿਸ ਦਾ ਪਿਛਲੇ ਕੱਲ ਸ਼ਾਮ ਸਥਾਨ ਬਦਲ ਕੇ ਪੀਏਪੀ ਜਲੰਧਰ ਕਰ ਦਿੱਤਾ ਗਿਆ। ਪੁਲਿਸ ਪ੍ਰਸ਼ਾਸਨ ਵੱਲੋਂ ਮੀਟਿੰਗ ਲਈ ਸਾਥੀਆਂ ਨੂੰ ਅੰਦਰ ਗੋਲਫ ਕਲੱਬ ਵਿਖੇ ਲਿਜਾਇਆ ਗਿਆ, ਜਿੱਥੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਗੱਲ ਦਾ ਦਬਾਅ ਪਾਇਆ ਗਿਆ ਕਿ ਮੀਟਿੰਗ ਕਰਨ ਲਈ ਮੁੱਖ ਮੰਤਰੀ ਵੱਲੋਂ ਇਹ ਸ਼ਰਤ ਲਗਾਈ ਗਈ ਹੈ ਕਿ ਮੁਲਾਜ਼ਮ ਪਹਿਲਾਂ ਇਹ ਲਿਖ ਕੇ ਦੇਣ ਕਿ ਅੱਜ ਅਸੀਂ ਹੜਤਾਲ ਖਤਮ ਕਰਕੇ ਡਿਊਟੀ ਜੁਆਇਨ ਕਰਾਂਗੇ ਫਿਰ ਮੀਟਿੰਗ ਕੀਤੀ ਜਾਵੇਗੀ , ਮੁੱਖ ਮੰਤਰੀ ਦੀ ਇਸ ਸ਼ਰਤ ਨੂੰ ਮੁਲਾਜ਼ਮ ਆਗੂਆਂ ਵੱਲੋਂ ਨਕਾਰ ਦਿੱਤਾ ਗਿਆ ਅਤੇ ਮੁੱਖ ਮੰਤਰੀ ਮੀਟਿੰਗ ਕਰਨ ਤੋਂ ਫਿਰ ਭੱਜ ਗਏ। ਉਕਤ ਆਗੂਆਂ ਆਖਿਆ ਕਿ ਅਜੇ ਤਾਂ ਇਹ ਅੰਗੜਾਈ ਹੈ, ਅੱਗੇ ਹੋਰ ਲੜਾਈ ਹੈ। ਆਗੂਆਂ ਵੱਲੋਂ ਮੁੱਖ ਮੰਤਰੀ ਦੇ ਇਸ ਤਾਨਾਸ਼ਾਹ ਵਤੀਰੇ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਐਲਾਨ ਕੀਤਾ ਕਿ 28 ਅਤੇ 29 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਸਮੂਹ ਜ਼ਿਲ੍ਹਾ, ਤਹਿਸੀਲ, ਬਲਾਕ ਕੇਂਦਰਾ ਤੇ ਵੱਖ ਵੱਖ ਵਿਭਾਗਾਂ ਤੇ ਸਰਕਾਰੀ ਸੰਸਥਾਵਾਂ ਅੱਗੇ ਭਾਵ ਥਾਂ ਵਰ ਥਾਂ ਪੁਤਲੇ ਫੂਕੇ ਜਾਣਗੇ ਅਤੇ ਮੁਲਾਜ਼ਮ ਵਿਰੋਧੀ ਟਵੀਟ ਅਤੇ 27 ਅਗਸਤ ਦੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਸਮੂਹ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮੁਲਾਜ਼ਮ ਲੀਡਰਸ਼ਿਪ ਨੂੰ ਲਿਖਤੀ ਸੱਦਾ ਦੇ ਕੇ ਮੀਟਿੰਗ ਨਾ ਕਰਨਾ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ਼ ਵੱਡਾ ਫ਼ਰੇਬ ਹੈ। ਉਕਤ ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰ ਨੇ ਜੋ ਹੜਤਾਲੀ ਮੁਲਾਜ਼ਮਾਂ ਸਬੰਧੀ ਪੱਤਰ ਜਾਰੀ ਕੀਤਾ ਹੈ ਉਸ ਨੂੰ ਮੁੱਢੋਂ ਰੱਦ ਕਰਦਿਆਂ ਚੈਲੇਂਜ ਕਬੂਲ ਕਰਦਿਆਂ 30 ਅਗਸਤ ਨੂੰ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਦੀ ਮੀਟਿੰਗ ਲੁਧਿਆਣਾ ਵਿਖੇ ਸੱਦ ਲਈ ਗਈ ਹੈ, ਜਿਸ ਵਿੱਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਸਾਂਝੀ ਤਾਲਮੇਲ ਕਮੇਟੀ ਪੰਜਾਬ।



