ਜਲੰਧਰ (22.11.2024) : ਡੇਂਗੂ ਰੋਕਥਾਮ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਅਗਵਾਈ ਵਿੱਚ ਜਿਲ੍ਹੇ ਭਰ ਵਿੱਚ ਸਿਹਤ ਵਿਭਾਗ ਵੱਲੋਂ ਗਠਿਤ ਟੀਮਾਂ ਨੇ ਲੋਕਾਂ ਨੂੰ ਡੇਂਗੂ ਬੁਖਾਰ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਜਾਗਰੂਕ ਕੀਤਾ ।ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 18 ਨਵੰਬਰ ਤੋਂ 22 ਨਵੰਬਰ ਤੱਕ ਸਿਹਤ ਵਿਭਾਗ ਵੱਲੋਂ ਡੇਂਗੂ ਸੰਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਗਿਆ ਜਿਸ ਦੌਰਾਨ ਜਿਲ੍ਹੇ ਭਰ ਵਿੱਚ ਸਿਹਤ ਵਿਭਾਗ ਦੀਆਂ 80 ਟੀਮਾਂ ਜਿਨ੍ਹਾਂ ਵਿੱਚ ਜਿਲ੍ਹੇ ਦੇ ਵੱਖ-ਵੱਖ ਨਰਸਿੰਗ ਕਾਲਜਾਂ ਦੇ 490 ਵਿਦਿਆਰਥੀ ਵੀ ਸ਼ਾਮਿਲ ਸਨ ਨੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਬੁਖਾਰ ਪ੍ਰਤੀ ਚੌਕਸ ਕੀਤਾ ਅਤੇ ਡੇਂਗੂ ਲਾਰਵਾ ਦੀ ਸ਼ਨਾਖਤ ਕੀਤੀ। ਜਿਨ੍ਹਾਂ ਥਾਂਵਾਂ ‘ਤੇ ਡੇਂਗੂ ਲਾਰਵਾ ਪਾਇਆ ਗਿਆ ਉੱਥੇ ਲਾਰਵੇ ਨੂੰ ਨਿਰਧਾਰਿਤ ਵਿਧੀ ਰਾਂਹੀ ਨਸ਼ਟ ਕਰ ਦਿੱਤਾ ਗਿਆ।ਇਸ ਦੇ ਨਾਲ ਹੀ ਟੀਮਾਂ ਵੱਲੋਂ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ ਦੁਆਲੇ ਸਾਫ ਪਾਣੀ ਜਮ੍ਹਾ ਨਾ ਹੋਣ ਦੇਣ ਲਈ ਪ੍ਰੋਤਸਾਹਿਤ ਵੀ ਕੀਤਾ ਗਿਆ ਕਿਉਂ ਜੋ ਡੇਂਗੂ ਮੱਛਰ ਦਾ ਲਾਰਵਾ ਸਾਫ ਪਾਣੀ ਵਿੱਚ ਪਨਪਦਾ ਹੈ ਅਤੇ ਇਹ ਲਾਰਵਾ 7 ਤੋਂ 10 ਦਿਨਾਂ ਦੇ ਸਮੇਂ ਦੌਰਾਨ ਪੂਰੇ ਮੱਛਰ ਦਾ ਰੂਪ ਧਾਰਨ ਕਰ ਲੈਂਦਾ ਹੈ।ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਦਾ ਖਤਰਾ ਅਜੇ ਵੀ ਟਲਿਆ ਨਹੀਂ ਹੈ ਪਰ ਸਾਵਧਾਨੀਆਂ ਦੀ ਪਾਲਣਾ ਕਰਦੇ ਹੋਏ ਡੇਂਗੂ ਤੋਂ ਬਚਿਆ ਜਾ ਸਕਦਾ ਹੈ।
ਸਿਹਤ ਵਿਭਾਗ ਵੱਲੋਂ ਡੇਂਗੂ ਰੋਕਥਾਮ ਦੇ ਮੱਦੇਨਜ਼ਰ ” ਹਰ ਸ਼ੁੱਕਰਵਾਰ’ ਡੇਂਗੂ ‘ਤੇ ਵਾਰ ” ਮੁਹਿੰਮ ਦੇ ਤਹਿਤ ਵੀ ਡੇਂਗੂ ਖਿਲਾਫ ਜਨ-ਜਾਗਰੂਕਤਾ ਨਿਰੰਤਰ ਜਾਰੀ ਹੈ।ਇਸ ਦੇ ਚਲਦਿਆਂ ਹੀ ਸ਼ੁੱਕਰਵਾਰ ਨੂੰ ਸਿਵਲ ਸਰਜਨ ਡਾ. ਗੁਰਮੀਤ ਲਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਅਫਸਰ ਡਾ. ਸੁਖਵਿੰਦਰ ਸਿੰਘ ਅਤੇ ਜਿਲ੍ਹਾ ਐਪੀਡਿਮੋਲੋਜਿਸਟ ਡਾ. ਅਦਿਤਿਆਪਾਲ ‘ਤੇ ਆਧਾਰਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਸਰਸਵਤੀ ਵਿਹਾਰ, ਜਲੰਧਰ ਖੇਤਰ ਵਿੱਚ ਡੇਂਗੂ ਲਾਰਵਾ ਸੰਭਾਵੀ ਥਾਂਵਾਂ ਦੀ ਚੈਕਿੰਗ ਕੀਤੀ ਗਈ ਅਤੇ ਡੇਂਗੂ ਰੋਕਥਾਮ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਟੀਮਾਂ ਵੱਲੋਂ ਸ਼ਹਿਰੀ ਖੇਤਰਾਂ ਵਿੱਚ 864 ਘਰਾਂ ਅਤੇ ਪੇਂਡੂ ਖੇਤਰ ਵਿੱਚ 2,942 ਘਰਾਂ ਦਾ ਦੌਰਾ ਕਰਕੇ ਕੁੱਲ 3,806 ਘਰਾਂ ਦਾ ਸਰਵੇ ਕੀਤਾ।ਜਿਲ੍ਹਾ ਸਿਹਤ ਅਫਸਰ ਡਾ. ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਿਸ਼ੇਸ਼ ਜਾਗਰੂਕਤਾ ਹਫਤੇ ਦੇ ਅੰਤਿਮ ਦਿਨ ਸ਼ੁੱਕਰਵਾਰ ਨੂੰ ਸਰਵੇ ਦੌਰਾਨ ਸ਼ਹਿਰੀ ਖੇਤਰਾਂ ਵਿੱਚ 7 ਘਰਾਂ ਅਤੇ ਪੇਂਡੂ ਖੇਤਰਾਂ ‘ਚ 13 ਘਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਜਿਸ ਨੂੰ ਟੀਮਾਂ ਵੱਲੋਂ ਨਿਰਧਾਰਿਤ ਢੰਗ ਨਾਲ ਨਸ਼ਟ ਕਰਵਾ ਦਿੱਤਾ ਗਿਆ।
ਇਸ ਦੌਰਾਨ ਜਿਲ੍ਹਾ ਐਪੀਡਿਮੋਲੋਜਿਸਟ ਡਾ. ਅਦਿਤਿਆਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ।ਹਰ ਸ਼ੁੱਕਰਵਾਰ ਨੂਂ ਡਰਾਈ ਡੇ ਦੇ ਤੌਰ ‘ਤੇ ਮਨਾਉਂਦੇ ਹੋਏ ਡੇਂਗੂ ਬੁਖਾਰ ਤੋਂ ਬਚਾਓ ਲਈ ਸਾਵਧਾਨੀਆਂ ਵਰਤੀਆਂ ਜਾਣ ,ਜਿਵੇਂ ਕਿ ਖੜੇ ਪਾਣੀ ਵਿੱਚ ਮੱਛਰ ਦੀ ਪੈਦਾਇਸ਼ ਨਾ ਹੋਣ ਦਿੱਤੀ ਜਾਵੇ ,ਘਰਾਂ ਦੇ ਨੇੜੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ, ਕੂਲਰਾਂ ਅਤੇ ਗਮਲਿਆਂ ਵਿੱਚ ਮੌਜੂਦ ਪਾਣੀ ਨੂੰ ਕੱਢ ਦਿੱਤਾ ਜਾਵੇ, ਪੁਰਾਣੇ ਖਰਾਬ ਟਾਇਰ, ਟੁੱਟੇ-ਭੱਜੇ ਬਰਤਨਾਂ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ ।ਡੇਂਗੂ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਕੱਪੜੇ ਪੂਰੀਆਂ ਬਾਂਹਾਂ ਵਾਲੇ ਪਹਿਨਣੇ ਚਾਹੀਦੇ ਹਨ,ਪੈਰਾਂ ਵਿੱਚ ਵੀ ਜੁਰਾਂਬਾ ਪਹਿਨਣੀਆਂ ਚਾਹੀਦੀਆਂ ਹਨ।ਛੱਤਾਂ ‘ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਰੱਖਿਆ ਜਾਵੇ ਤਾਂ ਜੋ ਮੱਛਰ ਦੇ ਲਾਰਵੇ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਜਿਕਰਯੋਗ ਹੈ ਕਿ ” ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ ” ਮੁਹਿੰਮ ਦੇ ਤਹਿਤ ਸ਼ੁੱਕਰਵਾਰ ਨੂੰ ਜਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਖ ਵੱਖ ਖੇਤਰਾਂ ਵਿੱਚ ਸਰਵੇ ਕਰਕੇ ਲੋਕਾਂ ਨੂੰ ਡੇਂਗੂ ਅਤੇ ਉਸ ਦੀ ਰੋਕਥਾਮ ਪ੍ਰਤੀ ਜਾਗਰੂਕ ਕੀਤਾ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।