ਜਲੰਧਰ, 8 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਪਰਾਲੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਇਥੇ ਭਾਰਗੋ ਕੈਂਪ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿੱਚ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਤੋਂ ਵਿਧਾਇਕ ਮਹਿੰਦਰ ਭਗਤ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਢੁੱਕਵੇਂ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲ ਸਦਕਾ ਲੋਕਾਂ ਨੂੰ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਆਪਣੇ ਘਰਾਂ ਨੇੜੇ ਹੀ ਆਪਣੇ ਪ੍ਰਸ਼ਾਸਨਿਕ ਕੰਮ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਕੈਂਪ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੇ ਹਨ ਕਿਉਂਕਿ ਇਨ੍ਹਾਂ ਕੈਂਪਾਂ ਵਿੱਚ ਨਾ ਸਿਰਫ਼ ਇਕੋ ਛੱਤ ਹੇਠ ਜਿਥੇ ਵੱਖ-ਵੱਖ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਸਗੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੇ ਮਸਲਿਆਂ ਦੀ ਸੁਣਵਾਈ ਕਰਕੇ ਢੁੱਕਵਾਂ ਹੱਲ ਵੀ ਯਕੀਨੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਹੁਣ ਦੂਰ-ਦੁਰਾਡੇ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪੈ ਰਿਹਾ, ਜਿਸ ਨਾਲ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੋਵਾਂ ਦੀ ਬੱਚਤ ਹੋ ਰਹੀ ਹੈ ।

ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਲੋੜਵੰਦ ਵਿਅਕਤੀ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਲਈ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਵਿਧਾਇਕ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਕੈਂਪ ਲਗਾਏ ਜਾਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਪਾਵਰਕਾਮ, ਕਿਰਤ, ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ, ਪੰਜਾਬ ਮੰਡੀ ਬੋਰਡ, ਸਮਾਜਿਕ ਨਿਆਂ ਤੇ ਅਧਿਕਾਰਤਾ, ਮਾਰਕੀਟ ਕਮੇਟੀ ਜਲੰਧਰ, ਜਲੰਧਰ ਨਗਰ ਨਿਗਮ ਅਤੇ ਸੇਵਾ ਕੇਂਦਰ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਸਟਾਲ ਲਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਦੀ ਸੁਣਵਾਈ ਕੀਤੀ ਗਈ।

ਇਸ ਮੌਕੇ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ, ਐਸ.ਡੀ.ਐਮ. ਬਲਬੀਰ ਰਾਜ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਕੈਪਸ਼ਨ: ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪਹਿਲ ਤਹਿਤ ਲਾਏ ਵਿਸ਼ੇਸ਼ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਵਿਧਾਇਕ ਮਹਿੰਦਰ ਭਗਤ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।