
ਫਗਵਾੜਾ (ਸ਼ਿਵ ਕੋੜਾ) ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਅੱਜ ਇੱਥੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਚ ਹੋਈ ਪਹਿਲੀ ਰੈਂਡਮਾਈਜ਼ੇਸ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ ਪੋਲਿੰਗ ਡਿਊਟੀ ਲਈ 5408 ਮੁਲਾਜ਼ਮਾਂ ਦੀ ਚੋਣ ਕੀਤੀ ਗਈ।ਪਹਿਲੀ ਰੈਂਡਮਾਈਜ਼ੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁੱਲ 5408 ਪੋਲਿੰਗ ਅਫਸਰਾਂ ਦੀ ਰੈਂਡਮਾਈਜ਼ੇਸ਼ਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਰ ਵਿਧਾਨ ਸਭਾ ਹਲਕਿਆਂ ਕਪੂਰਥਲਾ, ਸੁਲਤਾਨਪੁਰ ਲੋਧੀ, ਭੁਲੱਥ ਅਤੇ ਫਗਵਾੜਾ ਵਿਚ ਕੁੱਲ 791 ਪੋਲਿੰਗ ਸਟੇਸ਼ਨ ਹਨ ਜਿਨ੍ਹਾਂ ਵਿੱਚ ਇਹ ਪੋਲਿੰਗ ਸਟਾਫ਼ ਤਾਇਨਾਤ ਕੀਤਾ ਜਾਵੇਗਾ। ਉਨ੍ਹਾ ਦੱਸਿਆ ਕਿ ਹਰੇਕ ਪੋਲਿੰਗ ਸਟੇਸ਼ਨ ਵਿੱਚ ਇੱਕ ਪ੍ਰੀਜ਼ਾਈਡਿੰਗ ਅਫ਼ਸਰ, ਇੱਕ ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਤੋਂ ਇਲਾਵਾ ਦੋ ਪੋਲਿੰਗ ਕਰਮਚਾਰੀ ਹੋਣਗੇ। ਰੈਂਡਮਾਈਜ਼ੇਸ਼ਨ ਨੈਕਸਟ ਜਨਰੇਸ਼ਨ ਡੀਇਸ (ਡੀ. ਆਈ. ਐਸ.ਈ.) ਸੌਫਟਵੇਅਰ ਰਾਹੀਂ ਕੀਤੀ ਗਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਕੁੱਲ 620819 ਵੋਟਰ ਹਨ ਜਿਨ੍ਹਾਂ ਵਿੱਚੋਂ ਕਪੂਰਥਲਾ ਹਲਕੇ ਵਿੱਚ 146313, ਸੁਲਤਾਨਪੁਰ ਲੋਧੀ ਹਲਕੇ ਵਿੱਚ 148177, ਭੁਲੱਥ ਹਲਕੇ ਵਿੱਚ 133787 ਅਤੇ ਫਗਵਾੜਾ ਹਲਕੇ ਵਿੱਚ 192545 ਵੋਟਰ ਹਨ। ਉਨ੍ਹਾਂ ਅੱਗੇ ਦੱਸਿਆ ਕਿ ਈ.ਵੀ.ਐਮਜ਼ ਦੀ ਰੈਂਡਮਾਈਜ਼ੇਸ਼ਨ 2 ਮਈ ਨੂੰ ਕੀਤੀ ਜਾਵੇਗੀ ਜਦਕਿ ਪੋਲਿੰਗ ਕਰਮਚਾਰੀਆਂ ਦੀ ਪਹਿਲੀ ਟ੍ਰੇਨਿੰਗ 5 ਮਈ ਨੂੰ ਹੋਵੇਗੀ। ਇਹ ਟ੍ਰੇਨਿੰਗ ਦੋ ਸ਼ਿਫਟਾਂ ਵਿੱਚ ਕੀਤੀ ਜਾਵੇਗੀ ਜਦਕਿ ਦੂਜੀ ਟ੍ਰੇਨਿੰਗ 25 ਮਈ 2024 ਨੂੰ ਹੋਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਜਿਲੇ ਵਿਚ ਪੈਂਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 20 ਮਾਡਲ ਪੋਲਿੰਗ ਸਟੇਸ਼ਨ ਬਣਾਏ ਜਾਣਗੇ ਜਦਕਿ ਹਰੇਕ ਵਿਧਾਨ ਸਭਾ ਹਲਕੇ ‘ਚ ਔਰਤਾਂ ਅਤੇ ਦਿਵਿਆਂਗ ਵੋਟਰਾਂ ਲਈ ਇੱਕ-ਇੱਕ ਪੋਲਿੰਗ ਸਟੇਸ਼ਨ ਬਣਾਏ ਜਾ ਰਹੇ ਹਨ। ਇਸੇ ਤਰ੍ਹਾਂ ਕਪੂਰਥਲਾ ਵਿੱਚ ਨੌਜਵਾਨਾਂ ਲਈ ਇੱਕ ਸਮਰਪਿਤ ਪੋਲਿੰਗ ਸਟੇਸ਼ਨ ਬਣਾਇਆ ਜਾ ਰਿਹਾ ਹੈ। ਰੈਂਡੇਮਾਈਜ਼ੇਸ਼ਨ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ, ਚੋਣ ਤਹਿਸੀਲਦਾਰ ਮਨਜੀਤ ਕੌਰ, ਚੋਣ ਕਾਨੂੰਨਗੋ ਪੂਜਾ ਕੱਕੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।