
ਜਲੰਧਰ, 20 ਮਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਗੀਤਾ ਕਲੋਨੀ ਵਿਖੇ 27 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਨਵੇਂ ਸੜਕੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।
ਉਦਘਾਟਨੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਾਣੀ ਦੀਆਂ ਪਾਈਪਾਂ ਵਿਛਾਉਣ ਕਰਕੇ ਪੁੱਟੀ ਹੋਈ ਸੜਕ ਨਵੀਂ ਸੜਕ ਬਣਨ ਨਾਲ ਲੋਕਾਂ ਨੂੰ ਵੱਡੇ ਪੱਧਰ ’ਤੇ ਫਾਇਦਾ ਹੋਵੇਗਾ ਅਤੇ ਗੀਤਾ ਕਲੋਨੀ ਦੇ ਵਾਸੀਆ ਦੀ ਮੰਗ ਵੀ ਪੂਰੀ ਹੋਵੇਗੀ।
ਸ਼੍ਰੀ ਭਗਤ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਤੇ ਗੁਣਵੱਤਾ ਅਨੁਸਾਰ ਯਕੀਨੀ ਬਣਾਉਣ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਗੱਲ ਲੋਕਾਂ ਦੀ ਭਲਾਈ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਦੀ ਆਉਂਦੀ ਹੈ ਤਾਂ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕਾਂ, ਜਲ ਸਪਲਾਈ ਅਤੇ ਸਟ੍ਰੀਟ ਲਾਈਟਾਂ ਆਦਿ ਸਮੇਤ ਬੁਨਿਆਦੀ ਸਹੂਲਤਾਂ ਨੂੰ ਅਪਗ੍ਰੇਡ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੀਤਾ ਕਲੋਨੀ ਦਾ ਪ੍ਰਾਜੈਕਟ ਵੀ ਅਜਿਹੀਆਂ ਪਹਿਲਕਦਮੀਆਂ ਵਿਚੋਂ ਇਕ ਹੈ, ਜੋ ਪ੍ਰਸ਼ਾਸਨ ਵੱਲੋਂ ਜ਼ਮੀਨੀ ਪੱਧਰ ’ਤੇ ਧਿਆਨ ਕੇਂਦਰਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਕੰਮ ਦੇ ਮਿਆਰ ਦੀ ਉੱਚ ਗੁਣਵੱਤਾ ਅਤੇ ਜ਼ੀਰੋ ਫੀਸਦੀ ਅਣਗਹਿਲੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਵੱਲ ਵਿਅਕਤੀਗਤ ਤਵੱਜੋਂ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਸਮਝੌਤਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਥਾਨਕ ਵਾਸੀਆਂ ਨੇ ਉਨ੍ਹਾਂ ਦੀ ਮੰਗ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਪ੍ਰਗਟਾਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਨਾਮ ਕਲੇਰ, ਸੁਰੇਸ਼ ਅਰੋੜਾ, ਸੁਭਾਸ਼ ਗੌਰੀਆ ਅਤੇ ਲਲਿਤਾ ਰਾਣੀ ਵੀ ਮੌਜੂਦ ਸਨ।