ਜਲੰਧਰ , 10 ਸਤੰਬਰ:
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਭਾਰੀ ਬਰਸਾਤ ਅਤੇ ਹੜ੍ਹਾਂ ਕਰਕੇ ਘਰਾਂ ਦੇ ਹੋਏ ਨੁਕਸਾਨ ਦੀ ਤੁਰੰਤ ਜਾਂਚ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਪ੍ਰਭਾਵਿਤ ਪਰਿਵਾਰ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਸਹਾਇਤਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਭਗਤ ਨੇ ਪਟਵਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਬਿਨੈਕਾਰਾਂ ਵਲੋਂ ਘਰਾਂ ਨੂੰ ਹੋਏ ਨੁਕਸਾਨ ਸਬੰਧੀ ਸਹਾਇਤਾ ਲਈ ਬਿਨੈਪੱਤਰ ਦਿੱਤੇ ਹੋਏ ਹਨ, ਖੁਦ ਨਿੱਜੀ ਤੌਰ ’ਤੇ ਜਾ ਕੇ ਉਹਨਾਂ ਨੂੰ ਮਿਲ ਕੇ ਸਮੇਂ ਸਿਰ ਜਾਂਚ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪਸ਼ਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਕਿਉਂਕਿ ਪੰਜਾਬ ਸਰਕਾਰ ਵਲੋਂ ਅਜਿਹੇ ਕੇਸਾਂ ਵਿੱਚ ਤੁਰੰਤ ਰਾਹਤ ਪਹੁੰਚਾਉਣ ਦੀਆਂ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਹੜ੍ਹ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹ ਕਿ ਇਸ ਔਖੀ ਘੜੀ ਵਿੱਚ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕੌਂਸਲਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਦ ਨੁਕਸਾਨੇ ਘਰਾਂ ਤੱਕ ਪਹੁੰਚ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਪਾਸ ਦਾਅਵੇ ਪੇਸ਼ ਕਰਨ ਵਿੱਚ ਸਹਾਇਤਾ ਕਰਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਕੇਂਦਰ ਸਰਕਾਰ ਦੁਆਰਾ ਹੜ੍ਹ ਪ੍ਰਭਾਵਿਤ ਪੰਜਾਬ ਲਈ 1600 ਕਰੋੜ ਰੁਪਏ ਦੀ ਨਾ-ਮਾਤਰ ਸਹਾਇਤਾ ਮੁਹੱਈਆ ਕਰਵਾਉਣ ’ਤੇ ਇਤਰਾਜ਼ ਜਾਹਿਰ ਕਰਦਿਆਂ ਇਸ ਨੂੰ ਸੂਬੇ ਦੇ ਲੋਕਾਂ ਨਾਲ ਮਜ਼ਾਕ ਕਰਾਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 20,000 ਕਰੋੜ ਦੇ ਕਰੀਬ ਹੜ੍ਹਾਂ ਨਾਲ ਨੁਕਸਾਨ ਹੋਇਆ ਹੈ। ਉਨ੍ਹਾਂ ਪੰਜਾਬ ਦੇ 60,000 ਕਰੋੜ ਰੁਪਏ ਦੇ ਬਕਾਇਆ ਫੰਡ ਵੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਜੋ ਕਿ ਸੂਬੇ ਨੂੰ ਇਸ ਔਖੀ ਘੜੀ ਨਾਲ ਅਸਰਦਾਰ ਢੰਗ ਨਾਲ ਨਿਪਟਣ ਵਿੱਚ ਸਹਾਈ ਹੋਣਗੇ।
ਇਸ ਮੌਕੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਨੇ ਵੀ ਪਟਵਾਰੀਆਂ ਨੂੰ ਹਰੇਕ ਘਰ ਨੂੰ ਹੋਏ ਨੁਕਸਾਨ ਦੀ ਤੁਰੰਤ ਵੈਰੀਫਿਕੇਸ਼ਨ ਯਕੀਨੀ ਬਣਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ ਤੇ ਇਸ ਤੋਂ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹਿਣਾ ਚਾਹੀਦਾ।
——————

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।