ਜਲੰਧਰ, 3 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਹੜ੍ਹਾਂ ਦੀ ਕੁਦਰਤੀ ਆਫ਼ਤ ਦੌਰਾਨ ਪੰਜਾਬ ਨੂੰ ਵਿੱਤੀ ਸਹਾਇਤਾ ਨਾ ਦੇਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ।
ਸਰਕਟ ਹਾਊਸ ਜਲੰਧਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਜਦੋਂ ਪੂਰਾ ਸੂਬਾ ਭਿਆਨਕ ਹੜ੍ਹਾਂ ਦੀ ਮਾਰ ਹੇਠ ਹੈ, ਕੇਂਦਰ ਨੇ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਦੀ ਸਹਾਇਤਾ ਲਈ ਅਜੇ ਤੱਕ ਕਿਸੇ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ।
ਸ਼੍ਰੀ ਭਗਤ ਨੇ ਕੇਂਦਰ ਦੀ ਉਦਾਸੀਨਤਾ ਨੂੰ ‘ਮੰਦਭਾਗਾ’ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਨੇ ਉਸ ਤਬਾਹੀ ਪ੍ਰਤੀ ਅੱਖਾਂ ਮੀਟ ਲਈਆਂ ਹਨ, ਜਿਸ ਕਰਕੇ ਜਾਇਦਾਦ ਅਤੇ ਜਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਤੇ ਸੀਨੀਅਰ ‘ਆਪ’ ਆਗੂਆਂ ਨਿਤਿਨ ਕੋਹਲੀ, ਦਿਨੇਸ਼ ਢੱਲ ਅਤੇ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰਾ ਮੰਤਰੀ ਮੰਡਲ, ਵਿਧਾਇਕ ਅਤੇ ਪਾਰਟੀ ਆਗੂ ਨਿੱਜੀ ਤੌਰ ‘ਤੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਲੋਕਾਂ ਦੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਵਿਆਪਕ ਬਚਾਅ ਕਾਰਜਾਂ ਦੇ ਨਾਲ-ਨਾਲ ਰਾਹਤ ਕੈਂਪ ਪਹਿਲਾਂ ਹੀ ਕਾਰਜਸ਼ੀਲ ਹਨ।
ਸ਼੍ਰੀ ਭਗਤ ਨੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਭਰੋਸਾ ਦਿੱਤਾ ਕਿ ਪੰਜਾਬ ਇਸ ਆਫ਼ਤ ’ਚੋਂ ਦ੍ਰਿੜਤਾ ਅਤੇ ਇਕਜੁੱਟਤਾ ਨਾਲ ਉਭਰ ਆਵੇਗਾ। ਉਨ੍ਹਾਂ ਨੇ ਜਲੰਧਰ ਸ਼ਹਿਰ ’ਚੋਂ ਮੀਂਹ ਦੇ ਪਾਣੀ ਦੀ ਤੇਜ਼ੀ ਨਾਲ ਨਿਕਾਸੀ ਕਰਕੇ ਆਮ ਸਥਿਤੀ ਬਹਾਲ ਕਰਨ ਦੇ ਸਥਾਨਕ ਅਥਾਰਟੀ ਵੱਲੋਂ ਕੀਤੇ ਜਾ ਰਹੇ ਯਤਨਾਂ ‘ਤੇ ਵੀ ਚਾਨਣਾ ਪਾਇਆ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।