
ਜਲੰਧਰ, 5 ਅਪ੍ਰੈਲ :
ਕਿਸਾਨਾਂ ਨੂੰ ਸਾਉਣੀ 2025 ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ ਦਾਣਾ ਮੰਡੀ ਕਰਤਾਰਪੁਰ ਵਿਖੇ ਲਗਾਇਆ ਗਿਆ, ਜਿਸ ਵਿਚ 1500 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ।
ਮੇਲੇ ਵਿੱਚ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਮੇਲੇ ਦਾ ਉਦਘਾਟਨ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਬੁੱਧੀਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਜ਼ਰੀਏ ਕਿਸਾਨੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਬਦਲਵੀਂ ਖੇਤੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਸਾਨ ਮੇਲਿਆਂ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਅਜਿਹੇ ਮੇਲੇ ਕਿਸਾਨਾਂ ਲਈ ਕਾਰਗਰ ਸਾਬਿਤ ਹੋ ਰਹੇ ਹਨ, ਕਿਉਂਕਿ ਇਥੋਂ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਬਾਰੇ ਵੀ ਪਤਾ ਲੱਗਦਾ ਹੈ।
ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਖੇਤੀ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਸਹਾਇਕ ਧੰਦੇ ਅਪਨਾਉਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਕਿਸਾਨ ਕਣਕ ਦੇ ਨਾੜ ਅਤੇ ਹੋਰ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਜ਼ਿਲ੍ਹੇ ਵਿੱਚ ਨਾੜ ਅਤੇ ਹੋਰ ਰਹਿੰਦ-ਖੁਹੰਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਵਿੱਢਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਧਰਤੀ ਦੀ ਉਪਰਲੀ ਪਰਤ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਜਮੀਨ ਵਿੱਚ ਮੌਜੂਦ ਤੱਤ ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ, ਸਲਫਰ ਅਤੇ ਜੈਵਿਕ ਮਾਦਾ ਵੀ ਨਸ਼ਟ ਹੋ ਜਾਂਦੇ ਹਨ।
ਹਲਕਾ ਵਿਧਾਇਕ ਬਲਕਾਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਨੂੰ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਬਜਾਏ ਸਰਕਾਰ ਵੱਲੋਂ ਸਬਸਿਡੀ ‘ਤੇ ਮੁੱਹਈਆ ਕਰਵਾਈ ਜਾਂਦੀ ਮਸ਼ੀਨਰੀ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ। ਉਨ੍ਹਾਂ ਕਿਸਾਨਾਂ ਨੂੰ ਆਧੁਨਿਕ ਅਤੇ ਬਦਲਵੀਂ ਖੇਤੀ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਖੇਤੀਬਾੜੀ ਵਿਭਾਗ, ਸਹਿਯੋਗੀ ਮਹਿਕਮਿਆਂ ਅਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਵੀ ਲਿਆ।
ਦਿਲਬਾਗ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਨੇ ਕਿਹਾ ਕਿ ਡੀ.ਐਸ.ਆਰ ਸਕੀਮ ਸਾਲ 2024-25 ਦੌਰਾਨ ਜ਼ਿਲਾ ਜਲੰਧਰ ਦੇ 141 ਕਿਸਾਨਾਂ ਵਲੋਂ 1334 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1500 ਪ੍ਰਤੀ ਏਕੜ ਦੇ ਹਿਸਾਬ ਨਾਲ ਕੁੱਲ 20,01,000 ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਡੀਬੀਟੀ ਰਾਹੀਂ ਮੁਹਈਆ ਕਰਵਾਈ ਜਾ ਚੁੱਕੀ ਹੈ।
ਡਾ. ਰਣਧੀਰ ਸਿੰਘ ਠਾਕੁਰ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਸਾਉਣੀ ਸੀਜ਼ਨ 2025 ਦੌਰਾਨ ਮੱਕੀ ਹੇਠ 45, 00 ਹੈਕਟੇਅਰ, ਬਾਸਮਤੀ ਹੇਠ 15,000 ਹੈਕਟਰ, ਗੰਨੇ ਹੇਠ 12,500 ਹੈਕਟੇਅਰ ਰਕਬਾ ਲਿਆਂਦਾ ਜਾਵੇਗਾ। ਉਹਨਾਂ ਦੱਸਿਆ ਕਿ ਸਾਉਣੀ 2025 ਲਈ ਮੱਕੀ, ਝੋਨਾ, ਬਾਸਮਤੀ, ਦਾਲਾਂ ਆਦਿ ਫਸਲਾਂ ਲਈ ਮਿਆਰੀ ਬੀਜਾਂ ਦੀਆਂ ਵੱਖ-ਵੱਖ ਕਿਸਮਾਂ ਦਾ ਪ੍ਰਬੰਧ ਕਿਸਾਨਾਂ ਲਈ ਕੀਤਾ ਜਾ ਰਿਹਾ ਹੈ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਤੋਂ ਪਹੁੰਚੇ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ, ਕੀੜੇ ਮਕੌੜੇ ਅਤੇ ਬਿਮਾਰੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਖੇਤੀ, ਬਾਗਬਾਨੀ, ਪਸ਼ੂ ਪਾਲਣ, ਪਾਣੀ ਅਤੇ ਭੋਂ ਸੁਰੱਖਿਆ ਸਮੇਤ ਵੱਖ-ਵੱਖ ਬਲਾਕਾਂ ਤੋਂ 1500 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ।
ਕੈਂਪ ਦੌਰਾਨ ਕਿਸਾਨਾਂ ਵੱਲੋਂ ਆਪਣੀਆਂ ਉਪਜਾਂ ਦੇ ਸਟਾਲ ਵੀ ਲਗਾਏ ਗਏ। ਇਸ ਤੋਂ ਇਲਾਵਾ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਕਿਸਾਨਾਂ ਨੂੰ ਖੇਤੀ ਮਸ਼ੀਨਾਂ ਸਬੰਧੀ ਤਕਨੀਕੀ ਜਾਣਕਾਰੀ ਮੁੱਹਇਆ ਕਰਵਾਈ ਗਈ।
ਇਸ ਪ੍ਰਦਰਸ਼ਨੀ ਵਿੱਚ ਡਾ. ਨਰਿੰਦਰ ਕਲਸੀ ਡਿਪਟੀ ਡਾਇਰੈਕਟਰ ਬਾਗਬਾਨੀ, ਡਾ. ਸੁਰਜੀਤ ਸਿੰਘ (ਏ.ਪੀ.ਪੀ.ਓ), ਡਾ. ਜਸਬੀਰ ਸਿੰਘ ਖੇਤੀਬਾੜੀ ਅਫਸਰ (ਸਦਰ ਮੁਕਾਮ), ਡਾ.ਅਮਰੀਕ ਸਿੰਘ ਖੇਤੀਬਾੜੀ ਵਿਕਾਸ ਅਫਸਰ ਅਤੇ ਡਾ. ਅਨੀਸ਼ ਚੰਦਰ ਖੇਤੀਬਾੜੀ ਵਿਕਾਸ ਅਫਸਰ ਨੇ ਵੀ ਕਿਸਾਨਾਂ ਨੂੰ ਖੇਤੀ ਸਬੰਧੀ ਯੋਗ ਸੁਝਾਵ ਦਿੱਤੇ।
ਕੈਂਪ ਵਿੱਚ ਕਿਸਾਨ ਆਗੂ ਸ਼੍ਰੀ ਗੁਰਵਿੰਦਰ ਸਿੰਘ ਪਿੰਡ ਲੱਲੀਆਂ ਕਲਾਂ ਨੇ ਵੀ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਰੱਖਣ ਲਈ ਸੰਬੋਧਿਤ ਕੀਤਾ।
———-