

ਜਲੰਧਰ, 27 ਅਗਸਤ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖੜੀ ਦੇ ਤਿਉਹਾਰ ਦੇ ਮੌਕੇ ’ਤੇ ਅੱਜ ਕਰੀਬ 1300 ਸਤਿਕਾਰ ਸਖੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।
ਇਥੇ ਬਸਤੀ ਪੀਰ ਦਾਦ ਰੋਡ ’ਤੇ ਮਨਾਏ ਗਏ ਰੱਖੜੀ ਦਾ ਮਹਾਉਤਸਵ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਤਿਕਾਰ ਸਖੀਆਂ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਮਹਿਲਾਵਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਤਿਕਾਰ ਸਖੀਆਂ ਦੀ ਮਿਹਨਤ ਸਦਕਾ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਣੀ ਸ਼ੁਰੂ ਹੋ ਗਈ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਸਤਿਕਾਰ ਸਖੀਆਂ ਦੀ ਬਦੌਲਤ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀਆਂ 52 ਹਜ਼ਾਰ ਮਹਿਲਾਵਾਂ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟਰ ਕੀਤਾ ਗਿਆ, ਜੋ ਅੱਜ ਸਨਮਾਨ ਰਾਸ਼ੀ ਪ੍ਰਾਪਤ ਕਰ ਰਹੀਆਂ ਹਨ। ਉਨ੍ਹਾਂ ਇਸ ਵਿਆਪਕ ਸਰਕਾਰੀ ਯੋਜਨਾ ਨੂੰ ਘਰ-ਘਰ ਪਹੁੰਚਾਉਣ ਲਈ ਸਾਰੀਆਂ ਸਤਿਕਾਰ ਸਖੀਆਂ ਦੀ ਮਿਹਨਤ ਤੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ, ਸਤਿਕਾਰ ਅਤੇ ਭਲਾਈ ਲਈ ਦ੍ਰਿੜ ਵਚਨਬੱਧ ਹੈ ਅਤੇ ਔਰਤਾਂ ਦੀ ਬਿਹਤਰੀ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਦੀ ਬਿਹਤਰੀ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਇਸ ਮੌਕੇ ਮਹਿਲਾਵਾਂ ਨੂੰ ਰੱਖੜੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਤੋਂ ਰੱਖੜੀ ਬੰਨ੍ਹਵਾਈ ਅਤੇ ਤੋਹਫੇ ਵੀ ਭੇਟ ਕੀਤੇ। ਉਨ੍ਹਾਂ ਕਿਹਾ ਕਿ ਰੱਖੜੀ ਸਿਰਫ਼ ਇਕ ਤਿਉਹਾਰ ਨਹੀਂ ਸਗੋਂ ਭੈਣ-ਭਰਾ ਦੇ ਪਿਆਰ, ਵਿਸ਼ਵਾਸ, ਸਨੇਹ ਅਤੇ ਆਪਸੀ ਸਤਿਕਾਰ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਤਿਉਹਾਰ ਸਾਨੂੰ ਰਿਸ਼ਤਿਆਂ ਦੀ ਕਦਰ ਕਰਨ ਦੇ ਨਾਲ-ਨਾਲ ਸਮਾਜ ਵਿੱਚ ਮਹਿਲਾਵਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਪ੍ਰੇਰਨਾ ਵੀ ਦਿੰਦਾ ਹੈ।
ਇਸ ਮੌਕੇ ਵੱਡੀ ਗਿਣਤੀ ਮਹਿਲਾਵਾਂ ਤੋਂ ਇਲਾਵਾ ਹੋਰ ਵੱਖ-ਵੱਖ ਸ਼ਖਸੀਅਤਾਂ ਵੀ ਮੌਜੂਦ ਸਨ।



