ਜਲੰਧਰ, 27 ਮਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ 11 ਜੂਨ ਨੂੰ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 10 ਜੂਨ ਨੂੰ ਵੱਡੇ ਪੱਧਰ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਸਬੰਧੀ ਅਧਿਕਾਰੀਆਂ ਨੂੰ ਸਮੇਂ ਸਿਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਨੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡੀ.ਸੀ.ਪੀ. ਨਰੇਸ਼ ਡੋਗਰਾ ਸਮੇਤ ਸਮਾਗਮਾਂ ਨੂੰ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਉਣ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪਦਿਆਂ ਵਿਸਥਾਰਪੂਰਵਕ ਹਦਾਇਤਾਂ ਦਿੱਤੀਆਂ। ਇਸ ਮੌਕੇ ਵੱਖ-ਵੱਖ ਜੱਥੇਬੰਦੀਆਂ ਦੇ ਅਹੁਦੇਦਾਰ ਵੀ ਸ਼ਾਮਿਲ ਸਨ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਇੰਤਜ਼ਾਮ ਦੀ ਵਿਅਕਤੀਗਤ ਨਿਗਰਾਨੀ ਯਕੀਨੀ ਬਣਾਈ ਜਾਵੇ, ਤਾਂ ਜੋ ਸਮਾਗਮਾਂ ਨੂੰ ਨਿਰਵਿਘਨ ਢੰਗ ਨਾਲ ਕਰਵਾਇਆ ਜਾ ਸਕੇ।
ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸ਼ੋਭਾ ਯਾਤਰਾ ਅਤੇ ਮੁੱਖ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਸਮਾਗਮਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਦੀਆਂ ਹਦਾਇਤਾਂ ਦਿੰਦਿਆਂ ਉਨ੍ਹਾਂ ਮਹਿਲਾ ਪੁਲਿਸ ਦੀ ਤਾਇਨਾਤੀ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਵਾਲੇ ਦਿਨ ਸ਼ਹਿਰ ਵਿੱਚ ਆਵਾਜਾਈ ਨੂੰ ਸਚਾਰੂ ਢੰਗ ਨਾਲ ਜਾਰੀ ਰੱਖਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਲੋਕਾਂ ਦੀ ਸਹੂਲਤ ਲਈ ਰੂਟ ਪਲਾਨ ਵੀ ਤਿਆਰ ਕਰਨ ਲਈ ਕਿਹਾ ਤਾਂ ਜੋ ਸਮਾਗਮਾਂ ਵਾਲੇ ਦਿਨ ਸੜਕਾਂ ’ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਸ਼੍ਰੀ ਭਗਤ ਨੇ ਸਮਾਗਮ ਵਾਲੇ ਸਥਾਨ ਅਤੇ ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ਼-ਸਫਾਈ, ਸਜਾਵਟ, ਚੌਕਾ ਦੇ ਸੁੰਦਰੀਕਰਨ, ਪੀਣ ਵਾਲੇ ਪਾਣੀ, ਆਰਜੀ ਪਖ਼ਾਨੇ, ਪਾਰਕਿੰਗ, ਫਾਇਰ ਬ੍ਰਿਗੇਡ, ਮੈਡੀਕਲ ਟੀਮਾਂ, ਐਂਬੂਲੈਂਸ ਤੇ ਦਵਾਈਆਂ ਸਮੇਤ ਸਮੁੱਚੇ ਲੋੜੀਂਦੇ ਬੰਦੋਬਸਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਕੈਬਨਿਟ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਵਾਲੇ ਰੂਟ ’ਤੇ ਜੇਕਰ ਕਿਤੇ ਕੋਈ ਬਿਜਲੀ ਦੀਆਂ ਤਾਰਾਂ ਲਟਕ ਰਹੀਆਂ ਹਨ ਤਾਂ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ੋਭਾ ਯਾਤਰਾ ਵਾਲੇ ਰਸਤਿਆਂ ਅਤੇ ਮੁੱਖ ਸਮਾਗਮ ਵਾਲੇ ਸਥਾਨ ’ਤੇ ਸਾਫ਼-ਸਫ਼ਾਈ ਤੇ ਲਾਈਟਾਂ ਆਦਿ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੌਕੇ ’ਤੇ ਜਾ ਕੇ ਬਾਰੀਕੀ ਨਾਲ ਨਿਰੀਖਣ ਕਰਕੇ ਸੌਂਪੇ ਗਏ ਕਾਰਜ ਸਿਰੇ ਚਾੜ੍ਹਨ ਚਾੜ੍ਹੇ ਜਾਣ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਕਮੀ-ਪੇਸ਼ੀ ਨਾ ਰਹੇ।
ਅਧਿਕਾਰੀਆਂ ਨੂੰ ਉਨ੍ਹਾਂ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਨਿਭਾਉਣ ਦੀ ਤਾਕੀਦ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਕਿਸਮ ਦੀ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਆਪਸੀ ਤਾਲਮੇਲ ਨਾਲ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਅਤੇ ਮੁੱਖ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪਦਿਆਂ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਪ੍ਰਸ਼ਾਸਨ ਵੱਲੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਐਸ.ਡੀ.ਐਮਜ਼ ਸ਼ਾਇਰੀ ਮਲਹੋਤਰਾ ਤੇ ਰਣਦੀਪ ਸਿੰਘ ਹੀਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ, ਸਿਵਲ ਸਰਜਨ ਡਾ. ਗੁਰਮੀਤ ਲਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
——–

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।