
‘ਚੜ੍ਹਦਾ ਪੰਜਾਬ ਤੇ ਲਹਿੰਦਾ ਪੰਜਾਬ ਹੋਣਗੇ ਆਹਮੋ-ਸਾਹਮਣੇ’: 1 ਨਵੰਬਰ ਨੂੰ ਜਲੰਧਰ ਵਿੱਚ ਭਾਰਤ-ਪਾਕਿਸਤਾਨ ਮੁਕਾਬਲੇ ’ਤੇ ਬੋਲੇ ਨਿਤਿਨ ਕੋਹਲੀ

ਜਲੰਧਰ, 14 ਸਤੰਬਰ: ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਪੰਜਾਬ ਵਿੱਚ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇੰਨੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਮੁੱਖ ਮੰਤਰੀ ਦੀ ਖੇਡਾਂ ਪ੍ਰਤੀ ਸੋਚ, ਪੰਜਾਬ ਦੀ ਅਮੀਰ ਖੇਡ ਵਿਰਾਸਤ ਪ੍ਰਤੀ ਸਨਮਾਨ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸਪੋਰਟਸ ਹੱਬ ਬਣਾਉਣ ਦੇ ਉਨ੍ਹਾਂ ਦੇ ਵਿਜ਼ਨ ਨੂੰ ਦਰਸਾਉਂਦੀ ਹੈ।
ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਸ਼ਡਿਊਲ ਦਾ ਰਸਮੀ ਐਲਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਏਸ਼ੀਅਨ ਹਾਕੀ ਫੈਡਰੇਸ਼ਨ ਦੇ ਉਪ ਪ੍ਰਧਾਨ ਭੋਲਾ ਨਾਥ, ਹਾਕੀ ਇੰਡੀਆ ਦੇ ਪ੍ਰਧਾਨ ਆਰ.ਪੀ. ਸਿੰਘ ਅਤੇ ਡਾਇਰੈਕਟਰ ਜਨਰਲ ਕਮਾਂਡਰ ਆਰ.ਕੇ. ਸ੍ਰੀਵਾਸਤਵ ਦੀ ਮੌਜੂਦਗੀ ਵਿੱਚ ਕੀਤਾ ਗਿਆ।
ਨਿਤਿਨ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡਾਂ ਨੂੰ ਲੈ ਕੇ ਇੱਕ ਨਵੀਂ ਸੋਚ ਅਤੇ ਨਵਾਂ ਮਾਹੌਲ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਡੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਨੂੰ ਪੰਜਾਬ ਵਿੱਚ ਲਿਆਉਣਾ, ਨੌਜਵਾਨ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਮੰਚ ਮੁਹੱਈਆ ਕਰਵਾਉਣਾ ਅਤੇ ਸੂਬੇ ਦੀ ਖੇਡ ਸਮਰੱਥਾ ਨੂੰ ਦੁਨੀਆ ਸਾਹਮਣੇ ਪੇਸ਼ ਕਰਨਾ ਮੁੱਖ ਮੰਤਰੀ ਦੀ ਸੋਚ ਦੇ ਅਹਿਮ ਹਿੱਸੇ ਹਨ।
“ਮੈਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਇਸ ਵੱਕਾਰੀ ਅੰਤਰਰਾਸ਼ਟਰੀ ਟੂਰਨਾਮੈਂਟ ਨੂੰ ਪੰਜਾਬ ਵਿੱਚ ਲਿਆਉਣ ਲਈ ਪਹਿਲ ਕੀਤੀ। ਏਸ਼ੀਅਨ ਚੈਂਪੀਅਨਜ਼ ਟਰਾਫੀ ਸਿਰਫ਼ ਇੱਕ ਹਾਕੀ ਮੁਕਾਬਲਾ ਨਹੀਂ ਹੈ, ਸਗੋਂ ਪੰਜਾਬ ਦੀ ਖੇਡ ਤਾਕਤ, ਸਾਡੇ ਨੌਜਵਾਨਾਂ ਅਤੇ ਸਾਡੀ ਅਮੀਰ ਹਾਕੀ ਵਿਰਾਸਤ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਦਾ ਇੱਕ ਵੱਡਾ ਮੌਕਾ ਹੈ,” ਕੋਹਲੀ ਨੇ ਕਿਹਾ।
ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਭ ਤੋਂ ਵੱਡੀ ਖੂਬੀ ਇਹ ਹੈ ਕਿ ਉਹ ਪੰਜਾਬ ਲਈ ਕੁਝ ਨਵਾਂ ਅਤੇ ਬਿਹਤਰ ਕਰਨ ਵਾਲੇ ਮੌਕਿਆਂ ਨੂੰ ਹਮੇਸ਼ਾ ਸਕਾਰਾਤਮਕ ਸੋਚ ਨਾਲ ਦੇਖਦੇ ਹਨ।
ਉਨ੍ਹਾਂ ਕਿਹਾ, “ਭਗਵੰਤ ਮਾਨ ਜੀ ਉਨ੍ਹਾਂ ਸ਼ਖ਼ਸੀਅਤਾਂ ਵਿੱਚੋਂ ਹਨ ਜੋ ਪੰਜਾਬ ਲਈ ਕੁਝ ਚੰਗਾ ਅਤੇ ਨਵਾਂ ਕਰਨ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੰਦੇ। ਖੇਡਾਂ ਨੂੰ ਲੈ ਕੇ ਉਨ੍ਹਾਂ ਦੀ ਸੋਚ ਸਿਰਫ਼ ਮੁਕਾਬਲਿਆਂ ਦੀ ਮੇਜ਼ਬਾਨੀ ਤੱਕ ਸੀਮਿਤ ਨਹੀਂ ਹੈ। ਉਹ ਚਾਹੁੰਦੇ ਹਨ ਕਿ ਪੰਜਾਬ ਦੀ ਖੇਡ ਵਿਰਾਸਤ ਨੂੰ ਭਵਿੱਖ ਦੀ ਤਾਕਤ ਬਣਾਇਆ ਜਾਵੇ ਅਤੇ ਸਾਡੇ ਨੌਜਵਾਨਾਂ ਨੂੰ ਬਿਹਤਰ ਮੌਕੇ, ਅੰਤਰਰਾਸ਼ਟਰੀ ਤਜਰਬਾ ਅਤੇ ਵੱਡੇ ਸੁਪਨੇ ਦੇਖਣ ਲਈ ਮੰਚ ਮਿਲੇ।”
‘ਚੜ੍ਹਦਾ ਪੰਜਾਬ ਤੇ ਲਹਿੰਦਾ ਪੰਜਾਬ ਹੋਣਗੇ ਆਹਮੋ-ਸਾਹਮਣੇ’
ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਣ ਵਾਲੇ ਮੁਕਾਬਲੇ ਬਾਰੇ ਗੱਲ ਕਰਦਿਆਂ ਨਿਤਿਨ ਕੋਹਲੀ ਨੇ ਕਿਹਾ ਕਿ ਇਹ ਮੁਕਾਬਲਾ ਸਰਹੱਦ ਦੇ ਦੋਵੇਂ ਪਾਸੇ ਵੱਸਦੇ ਪੰਜਾਬੀਆਂ ਲਈ ਵਿਸ਼ੇਸ਼ ਭਾਵਨਾਤਮਕ ਮਹੱਤਵ ਰੱਖੇਗਾ।
“ਚੜ੍ਹਦਾ ਪੰਜਾਬ ਤੇ ਲਹਿੰਦਾ ਪੰਜਾਬ ਇੱਕ-ਦੂਜੇ ਦੇ ਖ਼ਿਲਾਫ਼ ਖੇਡਣਗੇ। ਮੇਰੇ ਲਈ ਨਿੱਜੀ ਤੌਰ ’ਤੇ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਲਈ ਇਹ ਬਹੁਤ ਹੀ ਭਾਵੁਕ ਅਤੇ ਵਿਸ਼ੇਸ਼ ਪਲ ਹੈ। ਹਾਕੀ ਦੇ ਗੜ੍ਹ ਜਲੰਧਰ ਵਿੱਚ ਭਾਰਤ ਅਤੇ ਪਾਕਿਸਤਾਨ ਨੂੰ ਹਾਕੀ ਖੇਡਦੇ ਦੇਖਣਾ ਇੱਕ ਯਾਦਗਾਰ ਮੌਕਾ ਹੋਵੇਗਾ,” ਕੋਹਲੀ ਨੇ ਕਿਹਾ।
ਪੰਜਾਬ ਵਿੱਚ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੀ ਮੇਜ਼ਬਾਨੀ ਬਾਰੇ ਨਿਤਿਨ ਕੋਹਲੀ ਨੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਵੱਡੀ ਉਪਲਬਧੀ ਹੈ। ਉਨ੍ਹਾਂ ਕਿਹਾ, “ਮੈਂ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਪੰਜਾਬੀਆਂ, ਖ਼ਾਸ ਕਰਕੇ ਪਾਕਿਸਤਾਨੀ ਪੰਜਾਬੀਆਂ ਦੇ ਇਸ ਸੁਪਨੇ ਨੂੰ ਪੂਰਾ ਕੀਤਾ ਹੈ। ਇਹ ਮੇਰੇ ਲਈ ਨਿੱਜੀ ਤੌਰ ’ਤੇ ਵੀ ਬਹੁਤ ਵੱਡਾ ਸੁਪਨਾ ਹੈ, ਕਿਉਂਕਿ ਮੈਂ ਪਿਛਲੇ 40 ਸਾਲਾਂ ਤੋਂ ਹਾਕੀ ਨਾਲ ਜੁੜਿਆ ਹੋਇਆ ਹਾਂ ਅਤੇ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਹਾਕੀ ਨਾਲ ਜੁੜ ਕੇ ਕੰਮ ਕਰ ਰਿਹਾ ਹਾਂ। ਪੰਜਾਬ ਹਾਕੀ ਵਿੱਚ ਮੁੱਖ ਮੰਤਰੀ ਜੀ ਦੀ ਦਿਲਚਸਪੀ ਪੰਜਾਬ ਹਾਕੀ, ਪੰਜਾਬੀਆਂ, ਪੰਜਾਬ ਦੇ ਹਾਕੀ ਖਿਡਾਰੀਆਂ ਅਤੇ ਪੂਰੇ ਖੇਡ ਜਗਤ ਲਈ ਬਹੁਤ ਸ਼ਲਾਘਾਯੋਗ ਹੈ।”
ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਤੋਂ ਹੋਵੇਗੀ। ਟੂਰਨਾਮੈਂਟ ਵਿੱਚ ਭਾਰਤ, ਪਾਕਿਸਤਾਨ, ਜਾਪਾਨ, ਮਲੇਸ਼ੀਆ, ਚੀਨ ਅਤੇ ਕੋਰੀਆ ਦੀਆਂ ਟੀਮਾਂ ਹਿੱਸਾ ਲੈਣਗੀਆਂ। ਫਾਈਨਲ ਮੁਕਾਬਲਾ 5 ਨਵੰਬਰ ਨੂੰ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਹਾਕੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ।
ਜਲੰਧਰ ਵਿੱਚ ਮੁਕਾਬਲਿਆਂ ਦੀ ਮੇਜ਼ਬਾਨੀ ਬਾਰੇ ਨਿਤਿਨ ਕੋਹਲੀ ਨੇ ਕਿਹਾ ਕਿ ਇਹ ਸ਼ਹਿਰ ਭਾਰਤੀ ਹਾਕੀ ਦੀ ਰੂਹ ਨਾਲ ਡੂੰਘੇ ਤੌਰ ’ਤੇ ਜੁੜਿਆ ਹੋਇਆ ਹੈ।
“ਜਲੰਧਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਭਾਰਤੀ ਹਾਕੀ ਦਾ ਇੱਕ ਮਜ਼ਬੂਤ ਕੇਂਦਰ ਹੈ। ਇਸ ਸ਼ਹਿਰ ਨੇ ਦੇਸ਼ ਨੂੰ ਵੱਡੀ ਗਿਣਤੀ ਵਿੱਚ ਓਲੰਪੀਅਨ ਅਤੇ ਅੰਤਰਰਾਸ਼ਟਰੀ ਖਿਡਾਰੀ ਦਿੱਤੇ ਹਨ। ਇਸ ਦੇ ਨਾਲ ਹੀ ਖੇਡ ਸਮਾਨ ਬਣਾਉਣ ਦੇ ਖੇਤਰ ਵਿੱਚ ਵੀ ਜਲੰਧਰ ਦੀ ਵਿਸ਼ਵ ਪੱਧਰੀ ਪਛਾਣ ਹੈ। ਅਜਿਹੇ ਸ਼ਹਿਰ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨਾ ਜਲੰਧਰ ਦੀ ਅਮੀਰ ਹਾਕੀ ਵਿਰਾਸਤ ਨੂੰ ਸਨਮਾਨ ਦੇਣ ਦੇ ਬਰਾਬਰ ਹੈ,” ਉਨ੍ਹਾਂ ਕਿਹਾ।
ਉਨ੍ਹਾਂ ਨੇ ਜਲੰਧਰ ਨੂੰ ਇਸ ਵੱਕਾਰੀ ਮੁਕਾਬਲੇ ਦੀ ਮੇਜ਼ਬਾਨੀ ਦਾ ਮੌਕਾ ਦੇਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਕੋਹਲੀ ਨੇ ਕਿਹਾ, “ਏਸ਼ੀਆ ਦੀਆਂ ਕੁਝ ਸਰਵੋਤਮ ਹਾਕੀ ਟੀਮਾਂ ਨੂੰ ਜਲੰਧਰ ਵਿੱਚ ਖੇਡਦੇ ਦੇਖਣਾ ਹਰ ਹਾਕੀ ਪ੍ਰੇਮੀ ਲਈ ਮਾਣ ਦਾ ਪਲ ਹੋਵੇਗਾ। ਇਹ ਮੁਕਾਬਲਾ ਜਲੰਧਰ ਦੀ ਹਾਕੀ ਨਗਰੀ ਵਜੋਂ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ।”
ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਦਾ ਸਭ ਤੋਂ ਵੱਡਾ ਲਾਭ ਪੰਜਾਬ ਦੇ ਬੱਚਿਆਂ ਅਤੇ ਨੌਜਵਾਨ ਖਿਡਾਰੀਆਂ ਨੂੰ ਮਿਲੇਗਾ।
“ਅੱਜ ਸਟੇਡੀਅਮ ਵਿੱਚ ਬੈਠਾ ਕੋਈ ਬੱਚਾ ਕਿਸੇ ਅੰਤਰਰਾਸ਼ਟਰੀ ਖਿਡਾਰੀ ਨੂੰ ਆਪਣੇ ਸਾਹਮਣੇ ਖੇਡਦੇ ਦੇਖੇਗਾ ਅਤੇ ਹੋ ਸਕਦਾ ਹੈ ਕਿ ਕੱਲ੍ਹ ਉਹੀ ਬੱਚਾ ਭਾਰਤੀ ਟੀਮ ਦੀ ਜਰਸੀ ਪਹਿਨੇ। ਵੱਡੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਦੀ ਅਸਲ ਤਾਕਤ ਇਹੀ ਹੈ। ਇਹ ਨੌਜਵਾਨਾਂ ਅੰਦਰ ਸੁਪਨੇ, ਜਜ਼ਬਾ ਅਤੇ ਆਤਮਵਿਸ਼ਵਾਸ ਪੈਦਾ ਕਰਦੇ ਹਨ।”
ਕੋਹਲੀ ਨੇ ਸਾਰੇ ਮੁਕਾਬਲਿਆਂ ਲਈ ਦਰਸ਼ਕਾਂ ਨੂੰ ਮੁਫ਼ਤ ਐਂਟਰੀ ਦੇਣ ਦੇ ਫੈਸਲੇ ਦਾ ਵੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ, ਵਿਦਿਆਰਥੀਆਂ, ਪਰਿਵਾਰਾਂ ਅਤੇ ਹਾਕੀ ਪ੍ਰੇਮੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੰਤਰਰਾਸ਼ਟਰੀ ਹਾਕੀ ਦੇਖਣ ਦਾ ਮੌਕਾ ਮਿਲੇਗਾ ਅਤੇ ਸਟੇਡੀਅਮਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਦਾ ਮਾਹੌਲ ਬਣੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਕੋਲ ਦੇਸ਼ ਦਾ ਮੋਹਰੀ ਸਪੋਰਟਸ ਹੱਬ ਬਣਨ ਲਈ ਲੋੜੀਂਦੀਆਂ ਸਾਰੀਆਂ ਤਾਕਤਾਂ ਮੌਜੂਦ ਹਨ। ਇਨ੍ਹਾਂ ਵਿੱਚ ਖੇਡ ਪ੍ਰਤਿਭਾ, ਅਮੀਰ ਖੇਡ ਵਿਰਾਸਤ, ਮਜ਼ਬੂਤ ਸਪੋਰਟਸ ਮੈਨੂਫੈਕਚਰਿੰਗ ਇੰਡਸਟਰੀ ਅਤੇ ਖੇਡਾਂ ਪ੍ਰਤੀ ਲੋਕਾਂ ਦਾ ਜਜ਼ਬਾ ਸ਼ਾਮਲ ਹੈ।
“ਪੰਜਾਬ ਦੀ ਸਭ ਤੋਂ ਵੱਡੀ ਤਾਕਤ ਸਾਡੇ ਨੌਜਵਾਨ, ਸਾਡੀ ਖੇਡ ਪ੍ਰਤਿਭਾ ਅਤੇ ਸਾਡੀ ਖੇਡ ਵਿਰਾਸਤ ਹੈ। ਲੋੜ ਸਿਰਫ਼ ਸਹੀ ਸੋਚ ਅਤੇ ਲਗਾਤਾਰ ਸਹਿਯੋਗ ਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਿੱਚ ਪੰਜਾਬ ਉਸੇ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ ਅਤੇ ਏਸ਼ੀਅਨ ਚੈਂਪੀਅਨਜ਼ ਟਰਾਫੀ ਇਸ ਯਾਤਰਾ ਵਿੱਚ ਇੱਕ ਮਹੱਤਵਪੂਰਨ ਪੜਾਅ ਹੈ,” ਕੋਹਲੀ ਨੇ ਕਿਹਾ।
ਨਿਤਿਨ ਕੋਹਲੀ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਅੰਤਰਰਾਸ਼ਟਰੀ ਟੀਮਾਂ ਨੂੰ ਸਿਰਫ਼ ਹਾਕੀ ਹੀ ਨਹੀਂ, ਸਗੋਂ ਪੰਜਾਬ ਦੀ ਖੇਡ ਸੰਸਕ੍ਰਿਤੀ, ਸਪੋਰਟਸ ਇੰਡਸਟਰੀ, ਖਾਣ-ਪੀਣ ਅਤੇ ਵਿਰਾਸਤ ਨਾਲ ਵੀ ਜਾਣੂ ਹੋਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੀ ਖੇਡ ਅਤੇ ਸੈਰ-ਸਪਾਟਾ ਸਮਰੱਥਾ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਪੇਸ਼ ਕਰਨ ਵਿੱਚ ਵੀ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ਼ ਆਪਣੀ ਪੁਰਾਣੀ ਖੇਡ ਵਿਰਾਸਤ ’ਤੇ ਮਾਣ ਕਰਨ ਤੱਕ ਸੀਮਿਤ ਨਹੀਂ ਰਹਿਣਾ ਚਾਹੀਦਾ, ਸਗੋਂ ਨਵਾਂ ਇਤਿਹਾਸ ਵੀ ਸਿਰਜਣਾ ਚਾਹੀਦਾ ਹੈ।
“ਅਸੀਂ ਸਿਰਫ਼ ਇਹ ਨਹੀਂ ਕਹਿ ਸਕਦੇ ਕਿ ਪੰਜਾਬ ਨੇ ਦੇਸ਼ ਨੂੰ ਮਹਾਨ ਹਾਕੀ ਖਿਡਾਰੀ ਦਿੱਤੇ ਹਨ। ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਅਗਲੀ ਪੀੜ੍ਹੀ ਨੂੰ ਇਸ ਤੋਂ ਵੀ ਬਿਹਤਰ ਸਹੂਲਤਾਂ, ਮੌਕੇ ਅਤੇ ਅੰਤਰਰਾਸ਼ਟਰੀ ਐਕਸਪੋਜ਼ਰ ਦੇਈਏ। ਮੁੱਖ ਮੰਤਰੀ ਜੀ ਦੀ ਸੋਚ ਪੰਜਾਬ ਨੂੰ ਇਸ ਦਿਸ਼ਾ ਵਿੱਚ ਅੱਗੇ ਲਿਜਾਣ ਦੀ ਸਮਰੱਥਾ ਰੱਖਦੀ ਹੈ।”
ਨਿਤਿਨ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਸਰਕਾਰ, ਹਾਕੀ ਇੰਡੀਆ ਅਤੇ ਟੂਰਨਾਮੈਂਟ ਨਾਲ ਜੁੜੇ ਸਾਰੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਕੀ ਪੰਜਾਬ ਇਸ ਇਤਿਹਾਸਕ ਮੁਕਾਬਲੇ ਨੂੰ ਸਫਲ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਵੇਗੀ।
ਅੰਤ ਵਿੱਚ ਉਨ੍ਹਾਂ ਕਿਹਾ, “ਮੈਂ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ। ਪੰਜਾਬ ਲਈ ਕੁਝ ਚੰਗਾ ਅਤੇ ਨਵਾਂ ਕਰਨ ਦੀ ਉਨ੍ਹਾਂ ਦੀ ਭਾਵਨਾ ਅਤੇ ਖੇਡਾਂ ਪ੍ਰਤੀ ਉਨ੍ਹਾਂ ਦੀ ਸੋਚ ਆਉਣ ਵਾਲੀਆਂ ਪੀੜ੍ਹੀਆਂ ਲਈ ਮਜ਼ਬੂਤ ਨੀਂਹ ਤਿਆਰ ਕਰ ਸਕਦੀ ਹੈ। ਏਸ਼ੀਅਨ ਚੈਂਪੀਅਨਜ਼ ਟਰਾਫੀ ਸਿਰਫ਼ ਇੱਕ ਮੁਕਾਬਲਾ ਨਹੀਂ, ਸਗੋਂ ਪੰਜਾਬ ਦੀ ਨਵੀਂ ਖੇਡ ਪਛਾਣ ਦਾ ਇੱਕ ਮਹੱਤਵਪੂਰਨ ਅਧਿਆਇ ਹੈ।”



