ਜਲੰਧਰ, 29 ਮਾਰਚ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਬੁੱਧਵਾਰ ਨੂੰ ਚੋਣ ਕਮਿਸ਼ਨ ਨੂੰ ਇੱਕ ਚਿੱਠੀ ਲਿਖ ਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ।

 

 

 

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ਼੍ਰੀ ਰਾਜੀਵ ਕੁਮਾਰ ਨੂੰ ਲਿਖੇ ਆਪਣੇ ਪੱਤਰ ਵਿੱਚ ਕਰਮਜੀਤ ਕੌਰ ਚੌਧਰੀ ਨੇ ਪੰਜਾਬ ਸਰਕਾਰ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀਆਂ ਤਿੰਨ ਸੰਭਾਵੀ ਉਲੰਘਣਾਵਾਂ ਵੱਲ ਧਿਆਨ ਦਿਵਾਇਆ। ਇਹਨਾਂ ਵਿੱਚ ਜਲੰਧਰ ਸੰਸਦੀ ਹਲਕੇ ਵਿੱਚ ਤਾਇਨਾਤ ਕਈ IPS, PCS, ਅਤੇ PPS ਅਧਿਕਾਰੀਆਂ ਦੇ ਤਬਾਦਲੇ, ਆਮ ਆਦਮੀ ਕਲੀਨਿਕਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਸਵੀਰਾਂ ਅਤੇ ਪ੍ਰਿੰਟ, ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ‘ਚ ਸਰਕਾਰੀ ਇਸ਼ਤਿਹਾਰਾਂ ਦਾ ਪ੍ਰਕਾਸ਼ਨ ਸ਼ਾਮਲ ਹਨ।

 

 

 

ਉਹਨਾਂ ਨੇ ਲਿਖਿਆ ਕਿ ਤਬਾਦਲੇ ਦੇ ਹੁਕਮ “ਲੋਕ ਸਭਾ ਜ਼ਿਮਨੀ ਚੋਣ ਦੌਰਾਨ ਸੱਤਾਧਾਰੀ ਪਾਰਟੀ ਦਾ ਪ੍ਰਭਾਵ ਵਧਾਉਣ ਦੇ ਇਰਾਦੇ ਨਾਲ ਪਾਸ ਕੀਤੇ ਗਏ” ਪ੍ਰਤੀਤ ਹੁੰਦੇ ਹਨ। ਉਹਨਾਂ ਨੇ ਮੁੱਖ ਚੋਣ ਕਮਿਸ਼ਨਰ ਨੂੰ ਅਪੀਲ ਕਰਦਿਆਂ ਕਿਹਾ ਕਿ ਤਬਾਦਲੇ ਦੇ ਹੁਕਮਾਂ ਨੂੰ ਰੱਦ ਕੀਤਾ ਜਾਵੇ ਅਤੇ ਪਹਿਲਾਂ ਵਾਲੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇ।

 

 

 

ਕਰਮਜੀਤ ਚੌਧਰੀ ਨੇ ਆਮ ਆਦਮੀ ਕਲੀਨਿਕਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਸਵੀਰਾਂ ਹਟਾਉਣ ਅਤੇ ਕਲੀਨਿਕਾਂ ਦੇ ਨਾਵਾਂ ਤੋਂ ‘ਆਮ ਆਦਮੀ’ ਸ਼ਬਦ ਹਟਾਉਣ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਬੇਨਤੀ ਕੀਤੀ ਕਿ ਜ਼ਿਮਨੀ ਚੋਣ ਪੂਰੀ ਹੋਣ ਤੱਕ ਕਿਸੇ ਵੀ ਤਰਾਂ ਦੇ ਮੀਡੀਆ ਵਿੱਚ ਕੋਈ ਵੀ ਸਰਕਾਰੀ ਇਸ਼ਤਿਹਾਰ ਪ੍ਰਕਾਸ਼ਿਤ ਨਾ ਕੀਤਾ ਜਾਵੇ।

 

 

 

ਚਿੱਠੀ ‘ਤੇ ਟਿੱਪਣੀ ਕਰਦਿਆਂ ਕਰਮਜੀਤ ਚੌਧਰੀ ਨੇ ਕਿਹਾ, “ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਦਰਸ਼ ਚੋਣ ਜ਼ਾਬਤੇ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਉਲੰਘਣਾ ਲੋਕਤੰਤਰੀ ਢਾਂਚੇ ਨੂੰ ਕਮਜ਼ੋਰ ਕਰਦੀ ਹੈ ਅਤੇ ਇਸ ਨਾਲ ਚੋਣ ਪ੍ਰਣਾਲੀ ਦੀ ਨਿਰਪੱਖਤਾ ਵਿੱਚ ਲੋਕਾਂ ਦਾ ਭਰੋਸਾ ਘੱਟ ਹੁੰਦਾ ਹੈ। ਮੇਰੀ ਚੋਣ ਕਮਿਸ਼ਨ ਨੂੰ ਅਪੀਲ ਹੈ ਕਿ ਇਨ੍ਹਾਂ ਉਲੰਘਣਾਵਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ।”

 

 

 

ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਲੋਕਤਾਂਤਰਿਕ ਸਿਧਾਂਤਾਂ ਨੂੰ ਬਰਕਰਾਰ ਰੱਖਣ ਅਤੇ ਜਲੰਧਰ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।