ਜਲੰਧਰ, 3 ਸਤੰਬਰ : ਜਲੰਧਰ ਵਿੱਚ 72 ਘੰਟਿਆਂ ਤੋਂ ਵੱਧ ਸਮੇਂ ਤੱਕ ਹੋਈ ਭਾਰੀ ਬਾਰਿਸ਼ ਤੋਂ ਬਾਅਦ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜਲੰਧਰ ਨਗਰ ਨਿਗਮ ਦੇ ਸਾਂਝੇ ਯਤਨਾਂ ਸਦਕਾ ਵਸਨੀਕਾਂ ਨੂੰ ਰਾਹਤ ਮਿਲੀ ਅਤੇ ਹਾਲਾਤ ਹੌਲੀ-ਹੌਲੀ ਆਮ ਵਾਂਗ ਹੋ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਅਧਿਕਾਰੀਆਂ ਨੇ ਪਾਣੀ ਦੀ ਨਿਕਾਸੀ, ਟੋਇਆਂ ਦੀ ਮੁਰੰਮਤ ਕਰਨ ਅਤੇ ਉਨ੍ਹਾਂ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਮਿਸ਼ਨ ਮੋਡ ’ਤੇ ਕੰਮ ਕੀਤਾ, ਜਿਨ੍ਹਾਂ ਦੇ ਘਰਾਂ ਵਿੱਚ ਮੀਂਹ ਦਾ ਪਾਣੀ ਭਰ ਗਿਆ ਸੀ।
ਵਸਨੀਕਾਂ ਦੀ ਅਸੁਵਿਧਾ ਨੂੰ ਘੱਟ ਤੋਂ ਘੱਟ ਕਰਨ ਅਤੇ ਸ਼ਹਿਰ ਵਿੱਚ ਆਮ ਹਾਲਾਤ ਬਹਾਲ ਕਰਨ ਲਈ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਜੁਆਇੰਟ ਕਮਿਸ਼ਨਰ ਡਾ. ਮਨਦੀਪ ਕੌਰ ਅਤੇ ਸੁਮਨਦੀਪ ਕੌਰ ਦੀ ਅਗਵਾਈ ਵਾਲੀਆਂ ਟੀਮਾਂ ਨੇ ਤਾਲਮੇਲ ਵਾਲੀ ਰਣਨੀਤੀ ਅਪਣਾਈ।
ਪਾਣੀ ਜਮ੍ਹਾ ਹੋਣ ਦੀ ਸਮੱਸਿਆ ਨਾਲ ਨਜਿੱਠਣ ਲਈ ਭਾਰੀ ਬਾਰਿਸ਼ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸਥਿਤੀ ’ਤੇ ਨਜ਼ਰ ਰੱਖਣ ਲਈ 6 ਐਸ.ਡੀ.ਓਜ਼. ਦੇ ਨਾਲ 10 ਜੇ.ਈਜ਼ ਨੂੰ ਤਾਇਨਾਤ ਕੀਤਾ ਗਿਆ ਸੀ। ਮੀਂਹ ਦੇ ਪਾਣੀ ਦੀ ਸੁਚਾਰੂ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਦੇ 375 ਕਰਮਚਾਰੀਆਂ ਨੂੰ ਕੰਮ ’ਤੇ ਲਗਾਇਆ ਗਿਆ।
ਇਸੇ ਤਰ੍ਹਾਂ 14 ਟਰੈਕਟਰ, ਦੋ ਸਕਸ਼ਨ ਟੈਂਕਰ, ਪੰਜ ਸਲੇਜ ਪੰਪ ਅਤੇ ਛੇ ਸੁਪਰ ਸਕਸ਼ਨ ਮਸ਼ੀਨਾਂ ਸੰਵੇਦਨਸ਼ੀਲ ਥਾਵਾਂ ‘ਤੇ ਤਾਇਨਾਤ ਕੀਤੀਆਂ ਗਈਆਂ । ਇਸੇ ਤਰ੍ਹਾਂ, ਸਥਿਤੀ ਨੂੰ ਹੋਰ ਸੁਧਾਰਣ ਲਈ ਛੇ ਨਵੇਂ ਮੱਡ ਪੰਪ ਵੀ ਲਗਾਏ ਗਏ ਹਨ। ਨਗਰ ਨਿਗਮ ਨੇ ਆਵਾਜਾਈ ਨੂੰ ਮੁੜ ਸ਼ੁਰੂ ਕਰਨ ਦੇ ਉਦੇਸ਼ ਨਾਲ ਪਾਣੀ ਨਾਲ ਭਰੇ ਸੁਭਾਨਾ ਰੇਲਵੇ ਅੰਡਰ ਬ੍ਰਿਜ ਨੂੰ ਸਾਫ਼ ਕਰ ਦਿੱਤਾ ਹੈ। ਅਧਿਕਾਰੀਆਂ ਵੱਲੋਂ ਛੱਤ ਡਿੱਗਣ ਦੀ ਸਥਿਤੀ ਵਿੱਚ ਲੋਕਾਂ ਨੂੰ ਜ਼ਰੂਰੀ ਅਤੇ ਸਮੇਂ ਸਿਰ ਸਹਾਇਤਾ ਵੀ ਯਕੀਨੀ ਬਣਾਈ ਗਈ ਹੈ।
ਪੰਪਿੰਗ ਸਟੇਸ਼ਨਾਂ ਦੇ ਨਿਰਵਿਘਨ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਸਾਰੇ ਐਸ.ਟੀ.ਪੀਜ਼. ‘ਤੇ ਜੈਨਸੈੱਟ ਵੀ ਉਪਲਬਧ ਰੱਖੇ ਗਏ ਸਨ।
ਇਸ ਦੌਰਾਨ ਟਿਊਬਵੈੱਲਾਂ ਨੂੰ ਕਲੋਰੀਨੇਟ ਕੀਤਾ ਗਿਆ ਅਤੇ ਪੀਣ ਵਾਲਾ ਸਾਫ਼ ਪਾਣੀ ਯਕੀਨੀ ਬਣਾਉਣ ਲਈ ਘਰ-ਘਰ ਜਾ ਕੇ ਪਾਣੀ ਦੇ ਨਮੂਨੇ ਲਏ ਗਏ। ਸਫਾਈ ਨੂੰ ਉਤਸ਼ਾਹਿਤ ਕਰਨ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਗਈਆਂ। ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਦੇ ਟੈਂਕਰਾਂ ਦਾ ਪ੍ਰਬੰਧ ਕੀਤਾ ਗਿਆ, ਜਦਕਿ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਨਿਰੰਤਰ ਫੋਗਿੰਗ ਵੀ ਕਰਵਾਈ ਗਈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।