
ਫਗਵਾੜਾ 10 ਜੁਲਾਈ (ਸ਼ਿਵ ਕੌੜਾ) ਐਸ.ਆਈ.ਆਰ. ਤਹਿਤ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਅਤੇ ਉਨ੍ਹਾਂ ਦੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਮਕਸਦ ਨਾਲ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਨੁਕਤਿਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਬੀ.ਐੱਲ.ਓਜ਼ ਵੱਲੋਂ 100% ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ, ਉਹ ਫਾਰਮਾਂ ਵਿਚਲੀਆਂ ਕਮੀਆਂ/ਤਰੁੱਟੀਆਂ ਨੂੰ ਦੂਰ ਕਰਨ ਵੱਲ ਧਿਆਨ ਦੇਣਗੇ। ਜਿਨ੍ਹਾਂ ਬੂਥਾਂ ‘ਤੇ ਫਾਰਮ ਵੱਡੀ ਗਿਣਤੀ ਵਿੱਚ ਇਕੱਠੇ ਹੋ ਚੁੱਕੇ ਹਨ ਪਰ ਡਿਜੀਟਾਈਜ਼ੇਸ਼ਨ ਦਾ ਕੰਮ ਬਾਕੀ ਹੈ, ਉੱਥੇ ਬਾਕੀ ਰਹਿੰਦੇ ਫਾਰਮ ਇਕੱਠੇ ਕਰਨ ਦੇ ਨਾਲ-ਨਾਲ ਡਿਜੀਟਾਈਜ਼ੇਸ਼ਨ ਪ੍ਰਕਿਰਿਆ ਨੂੰ ਪਹਿਲ ਦਿੱਤੀ ਜਾਵੇਗੀ। ਇਸੇ ਤਰ੍ਹਾਂ, ਘੱਟ ਫਾਰਮ ਇਕੱਠੇ ਕਰਨ ਵਾਲੇ ਬੀ.ਐੱਲ.ਓਜ਼ ਫਾਰਮ ਇਕੱਠੇ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਾਲ ਦੀ ਨਾਲ ਡਿਜੀਟਾਈਜ਼ ਵੀ ਕਰਨਗੇ ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਨੂੰ ਸਫ਼ਲ ਬਣਾਉਣ ਲਈ ਸਬੰਧਤ ਸਕੂਲਾਂ ਦੇ ਸਟਾਫ਼, ਮਾਲ ਪਟਵਾਰੀਆਂ, ਆਂਗਣਵਾੜੀ ਵਰਕਰਾਂ, ਸੁਪਰਵਾਈਜ਼ਰਾਂ ਅਤੇ ਸਮੂਹ ਏ.ਐੱਲ.ਐੱਮ.ਟੀ./ਡੀ.ਐੱਲ.ਐੱਮ.ਟੀ. ਦੀ ਡਿਊਟੀ ਵੀ ਬੀ.ਐੱਲ.ਓਜ਼ ਦੇ ਨਾਲ ਲਗਾਈ ਗਈ ਹੈ, ਤਾਂ ਜੋ ਫਾਰਮ ਭਰਨ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫ੍ਰੀ ਵੋਟਰ ਹੈਲਪਲਾਈਨ ਨੰਬਰ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।