
ਜਲੰਧਰ (24 ਅਪ੍ਰੈਲ 2026): ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜਿਲ੍ਹਾ ਵਾਸੀਆਂ ਨੂੰ ਸ਼ੁੱਧ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਫੂਡ ਸੇਫਟੀ ਵਿੰਗ ਜਲੰਧਰ ਵੱਲੋਂ ਅੱਜ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਕਾਰਵਾਈ ਦੌਰਾਨ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਨੇ ਸਪੱਸ਼ਟ ਕੀਤਾ ਕਿ ਜਿਲ੍ਹੇ ਦੇ ਹਰ ਨਾਗਰਿਕ ਤੱਕ ਸ਼ੁੱਧ, ਮਿਆਰੀ ਅਤੇ ਮਿਲਾਵਟ ਰਹਿਤ ਖਾਧ ਪਦਾਰਥਾਂ ਦੀ ਪਹੁੰਚ ਯਕੀਨੀ ਬਣਾਉਣਾ ਸਿਹਤ ਵਿਭਾਗ ਦੀ ਸਭ ਤੋਂ ਮੁੱਖ ਤਰਜੀਹ ਹੈ ਅਤੇ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਸੇ ਟੀਚੇ ਦੀ ਪ੍ਰਾਪਤੀ ਲਈ ਜਿਲ੍ਹਾ ਸਿਹਤ ਅਫ਼ਸਰ ਡਾ. ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਫੂਡ ਸੇਫਟੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਫੂਡ ਸੇਫਟੀ ਅਫ਼ਸਰ ਰਾਸ਼ੂ ਮਹਾਜਨ ਵੱਲੋਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦੇ 7 ਸੈਂਪਲ ਭਰੇ ਗਏ, ਜਿਨ੍ਹਾਂ ਵਿੱਚ ਦਹੀਂ, ਗੁੜ, ਫਰੂਟ ਜੂਸ, ਨਮਕੀਨ ਅਤੇ ਮੱਠੀਆਂ ਆਦਿ ਸ਼ਾਮਿਲ ਹਨ। ਇਸ ਦੇ ਨਾਲ ਹੀ ਵਿਭਾਗ ਦੀ ਮੋਬਾਈਲ ਫੂਡ ਸੇਫਟੀ ਵੈਨ ਰਾਹੀਂ ਮੌਕੇ ‘ਤੇ ਹੀ ਦੁੱਧ, ਦਹੀਂ, ਬਰਫੀ ਅਤੇ ਹਲਦੀ ਪਾਊਡਰ ਦੇ 5 ਸੈਂਪਲ ਟੈਸਟ ਕੀਤੇ ਗਏ ਅਤੇ ਲੋਕਾਂ ਨੂੰ ਖਾਦ ਪਦਾਰਥਾਂ ਦੀ ਸ਼ੁੱਧਤਾ ਪ੍ਰਤੀ ਜਾਗਰੂਕ ਕੀਤਾ ਗਿਆ।
ਜਿਲ੍ਹਾ ਸਿਹਤ ਅਫ਼ਸਰ ਡਾ. ਸੁਖਵਿੰਦਰ ਸਿੰਘ ਨੇ ਸਮੂਹ ਫੂਡ ਵਿਕਰੇਤਾਵਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਾਰੇ ਦੁਕਾਨਦਾਰਾਂ ਕੋਲ ਫੂਡ ਲਾਇਸੰਸ ਜਾਂ ਰਜਿਸਟ੍ਰੇਸ਼ਨ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਦੁਕਾਨਾਂ ‘ਤੇ ਸਾਫ-ਸਫਾਈ ਦਾ ਵਿਸ਼ੇਸ਼ ਪ੍ਰਬੰਧ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟਖੋਰੀ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਫੂਡ ਸੇਫਟੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਅੱਜ ਲਏ ਗਏ ਸਾਰੇ ਸੈਂਪਲ ਜਾਂਚ ਲਈ ਸਟੇਟ ਫੂਡ ਲੈਬੋਰਟਰੀ ਵਿੱਚ ਭੇਜੇ ਜਾ ਰਹੇ ਹਨ ਅਤੇ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਸਿਹਤ ਵਿਭਾਗ ਵੱਲੋਂ ਮਿਲਾਵਟਖੋਰੀ ਨੂੰ ਰੋਕਣ ਲਈ ਇਹ ਚੈਕਿੰਗ ਮੁਹਿੰਮ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹੇਗੀ।