ਜਲੰਧਰ, (1 ਸਤੰਬਰ 2025) ਡਾ. ਰਮਨ ਗੁਪਤਾ ਨੇ ਸੋਮਵਾਰ ਨੂੰ ਸਿਵਲ ਸਰਜਨ (ਕਾਰਜਕਾਰੀ) ਵਜੋਂ ਆਪਣਾ ਚਾਰਜ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਲੋਕ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਭਰੋਸਾ ਦਿਵਾਇਆ। ਉਨ੍ਹਾਂ ਨੇ ਖ਼ਾਸ ਤੌਰ ‘ਤੇ ਗੌਤਮ ਨਗਰ ਵਿੱਚ ਡਾਇਰੀਆ ਨਾਲ ਪ੍ਰਭਾਵਿਤ ਲੋਕਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਜਰੂਰਤਮੰਦਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਦੇ ਨਾਲ ਹੀ ਡਾ. ਗੁਪਤਾ ਨੇ ਪੰਜਾਬ ਵਿੱਚ ਹੜ੍ਹ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਵੀ ਜਿਲ੍ਹੇ ਵਿੱਚ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਸਟਾਫ ਨੂੰ ਚੌਕਸ ਰਹਿਣ ਅਤੇ ਹਰ ਕਿਸਮ ਦੀ ਸਿਹਤ ਸਬੰਧੀ ਐਮਰਜੈਂਸੀ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਕੋਲ ਦਵਾਈਆਂ ਅਤੇ ਜ਼ਰੂਰੀ ਸਾਮਾਨ ਲੋੜੀਂਦੀ ਮਾਤਰਾ ‘ਚ ਮੌਜੂਦ ਹੈ। ਉਨ੍ਹਾਂ ਨੇ ਬਰਸਾਤੀ ਮੌਸਮ ਦੇ ਮੱਦੇਨਜਰ ਕਿਹਾ ਕਿ ਵੈਕਟਰ ਬੋਰਨ ਅਤੇ ਵਾਟਰ ਬੋਰਨ ਡਿਸੀਜ਼, ਡਾਇਰੀਆ, ਹੈਜਾ, ਡੇਂਗੂ, ਚਿਕਨਗੁਨੀਆ, ਮਲੇਰੀਆ ਵਰਗੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ।

ਸਹੀ ਪੋਸ਼ਣ ਹੀ ਸਿਹਤਮੰਦ ਜੀਵਨ ਦੀ ਕੁੰਜੀ – ਡਾ. ਰਮਨ ਗੁਪਤਾ

ਸਿਵਲ ਸਰਜਨ (ਕਾਰਜਕਾਰੀ) ਡਾ. ਰਮਨ ਗੁਪਤਾ ਨੇ “ਰਾਸ਼ਟਰੀ ਪੋਸ਼ਣ ਹਫ਼ਤਾ-2025” ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਹ ਹਫ਼ਤਾ 1 ਤੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਹਫ਼ਤੇ ਦਾ ਮੰਤਵ ਲੋਕਾਂ ਵਿੱਚ ਸੰਤੁਲਿਤ ਆਹਾਰ, ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਤੇ ਜੀਵਨ-ਸ਼ੈਲੀ ਸੰਬੰਧੀ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕਤਾ ਫੈਲਾਉਣਾ ਹੈ। ਡਾ. ਰਮਨ ਗੁਪਤਾ ਨੇ ਕਿਹਾ ਕਿ ਸਹੀ ਪੋਸ਼ਣ ਹੀ ਸਿਹਤਮੰਦ ਜੀਵਨ ਦੀ ਕੁੰਜੀ ਹੈ। ਤੰਦਰੁਸਤ ਜੀਵਨ ਲਈ ਸੰਤੁਲਿਤ ਭੋਜਨ ਬਹੁਤ ਜ਼ਰੂਰੀ ਹੈ, ਜਿਸ ਵਿੱਚ ਅਨਾਜ, ਦਾਲਾਂ, ਸਬਜ਼ੀਆਂ, ਫਲ, ਦੁੱਧ, ਸੁੱਕੇ ਫਲ ਅਤੇ ਹਰੇ ਪੱਤੇਦਾਰ ਸਬਜ਼ੀਆਂ ਸ਼ਾਮਲ ਹੋਣ। ਉਨਾਂ ਨੇ ਲੋਕਾਂ ਨੂੰ ਕਿਹਾ ਕਿ ਫਾਸਟ ਫੂਡ ਦੀ ਬਜਾਏ ਘਰ ਵਿੱਚ ਬਣੇ ਭੋਜਨ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਸ਼ਟਰੀ ਪੋਸ਼ਣ ਹਫ਼ਤੇ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਸੰਤੁਲਿਤ ਆਹਾਰ ਪ੍ਰਤੀ ਜਾਗਰੂਕ ਰਹਿੰਦੇ ਹੋਏ ਜ਼ਿਲ੍ਹੇ ਨੂੰ ਲੋਕ ਸਿਹਤ ਅਤੇ ਪੋਸ਼ਣ ਦੇ ਖੇਤਰ ਵਿੱਚ ਮਿਸਾਲ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।