ਜਲੰਧਰ, 26 ਅਕਤੂਬਰ
ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਢੰਗ ਨਾਲ ਜਾਰੀ ਰੱਖਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਵਲੋਂ ਅੱਜ ਜ਼ਿਲ੍ਹੇ ਭਰ ਦੀਆਂ ਮੰਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰੇ ਦਾ ਮੰਤਵ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣਾ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਪੇਸ਼ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨਾ ਸੀ।
ਜਾਂਚ ਦੌਰਾਨ ਬੋਲਦਿਆਂ ਡਾ. ਅਗਰਵਾਲ ਵਲੋਂ ਪੰਜਾਬ ਸਰਕਾਰ ਦੀ ਕਿਸਾਨਾਂ ਵਲੋਂ ਲਿਆਂਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਵਚਨਬੱਧਤਾ ਨੂੰ ਦੁਹਰਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਜਿੰਮੇਵਾਰੀ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਖ਼ਰੀਦੇ ਗਏ ਝੋਨੇ ਦੀ ਸੁਚੱਜੀ ਚੁਕਾਈ ਦੇ ਨਾਲ-ਨਾਲ ਕਿਸਾਨਾਂ ਨੂੰ ਖ਼ਰੀਦੀ ਫ਼ਸਲ ਬਦਲੇ ਪਹਿਲਾਂ ਹੀ 600 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਵਲੋਂ ਕਿਸੇ ਵੀ ਸਮੱਸਿਆਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ, ਕਿਸਾਨਾਂ, ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਵਿੱਚ ਬਿਹਤਰ ਆਪਸੀ ਤਾਲਮੇਲ ’ਤੇ ਜ਼ੋਰ ਦਿੱਤਾ ਗਿਆ।
ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਖ਼ਰੀਦ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਪਾਸੋਂ ਵੱਡਮੁੱਲੇ ਸੁਝਾਵ ਵੀ ਲਏ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਨਿਗਰਾਨੀ ਲਈ ਸਬੰਧਿਤ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਵਲੋਂ ਨਿਯਮਤ ਤੌਰ ’ਤੇ ਅਨਾਜ ਮੰਡੀਆਂ ਦੇ ਦੌਰੇ ਕਰਕੇ ਕਿਸਾਨਾਂ ਨੁੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।
ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਪੁਲਿਸ ਟੀਮਾਂ ਵਲੋਂ ਸਿਵਲ ਪ੍ਰਸ਼ਾਸਨ ਦੁਆਰਾ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡੀ.ਐਸ.ਪੀਜ਼ ਵਲੋਂ ਲਗਾਤਾਰ ਐਸ.ਡੀ.ਐਮਜ਼ ਨਾਲ ਰਾਬਤਾ ਬਣਾਕੇ ਰੱਖਿਆ ਜਾ ਰਿਹਾ ਹੈ।
ਨਕੋਦਰ ਵਿਖੇ ਰਾਈਸ ਮਿੱਲਰਾਂ ਨੂੰ ਬਲੈਕਲਿਸਟ ਕਰਨ ਸਬੰਧੀ ਫੈਲੀਆਂ ਅਫਵਾਹਾਂ ਦਾ ਖੰਡਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਨੂੰ ਝੂਠੀਆਂ ਤੇ ਬੇਬੁਨਿਆਦੀ ਦੱਸਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਜਿਹੀਆਂ ਅਫ਼ਵਾਹਾਂ ’ਤੇ ਯਕੀਨ ਨਹੀਂ ਕਰਨਾ ਚਾਹੀਦਾ। ਡਾ.ਅਗਰਵਾਲ ਨੇ ਦੱਸਿਆ ਕਿ ਕਿਸੇ ਵੀ ਰਾਈਸ ਮਿੱਲ ਨੂੰ ਬਲੈਕਲਿਸਟ ਨਹੀਂ ਕੀਤਾ ਗਿਆ। ਇਸ ਸਬੰਧੀ ਰਾਈਸ ਮਿੱਲਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਸੋਹਲ ਵਲੋਂ ਵੀ ਮਿੱਲਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਜਿਹੀਆਂ ਝੂਠੀਆਂ ਅਫਵਾਹਾਂ ’ਤੇ ਧਿਆਨ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਰਾਈਸ ਮਿੱਲ ਨੂੰ ਬਲੈਕ ਲਿਸਟ ਨਹੀਂ ਕੀਤਾ ਗਿਆ।
————–
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।