
ਜਲੰਧਰ, 18 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਅੰਤਰਰਾਜੀ ਬੱਸ ਟਰਨੀਮਲ ਦਾ ਦੌਰਾ ਕੀਤਾ ਅਤੇ ਉਥੇ ਯਾਤਰੀਆਂ ਲਈ ਉਪਲਬਧ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਡਾ. ਅਗਰਵਾਲ ਨੇ ਬੱਸ ਸਟੈਂਡ ਵਿਖੇ ਐਸਪੀਰੇਸ਼ਨਲ ਬਲਾਕਸ ਅਤੇ ਜ਼ਿਲ੍ਹਾ ਪ੍ਰੋਗਰਾਮ ਅਧੀਨ ਲਗਾਈ ਗਈ ਅਕਾਂਕਸ਼ਾ ਹੱਟ ਦਾ ਵੀ ਨਿਰੀਖਣ ਕੀਤਾ ਅਤੇ ਸੈਲਫ਼ ਹੈਲਪ ਗਰੁੱਪਾਂ ਵੱਲੋਂ ਤਿਆਰ ਕੀਤੇ ਉਤਪਾਦ ਦੇਖੇ।
ਸੈਲਫ ਹੈਲਪ ਗਰੁੱਪਾਂ ਦੀਆਂ ਮੈਂਬਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਡਾ. ਅਗਰਵਾਲ ਨੇ ਉਨ੍ਹਾਂ ਨੂੰ ਹੋਰ ਵੀ ਮਿਹਨਤ ਨਾਲ ਕੰਮ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਮਹਿਲਾਵਾਂ ਨੂੰ ਸਵੈ ਸਹਾਇਤਾ ਸਮੂਹਾਂ ਨਾਲ ਜੋੜ ਕੇ ਉਨ੍ਹਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਹਮੇਸ਼ਾ ਤਤਪਰ ਹੈ।
23 ਅਗਸਤ ਤੱਕ ਚੱਲਣ ਵਾਲੀ ਇਸ ਅਕਾਂਕਸ਼ਾ ਹੱਟ ਵਿੱਚ ਸ਼ਾਹਕੋਟ ਬਲਾਕ ਦੇ ਸਵੈ ਸਹਾਇਤਾ ਗਰੁਪਾਂ ਵੱਲੋਂ ਤਿਆਰ ਵੱਖ-ਵੱਖ ਉਤਪਾਦਾਂ ਦੇ ਸਟਾਲ ਲਗਾਏ ਗਏ ਹਨ, ਜਿਨ੍ਹਾਂ ਵਿੱਚ ਅਚਾਰ, ਮੁਰੱਬੇ, ਚਟਨੀਆਂ, ਤੇਲ, ਹਲਦੀ, ਸ਼ਹਿਦ, ਕੱਪੜੇ, ਬਿਨਾਂ ਰਸਾਇਣਿਕ ਖਾਦ ਤੋਂ ਤਿਆਰ ਸਬਜ਼ੀਆਂ, ਦਾਲਾਂ, ਦਲੀਆ, ਕਣਕ ਆਦਿ ਉਤਪਾਦ ਸ਼ਾਮਲ ਹਨ।
ਇਸ ਮੌਕੇ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ), ਐਸ.ਡੀ.ਐਮ. ਸ਼ਾਹਕੋਟ ਸ਼ੁਭੀ ਆਂਗਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
—–