
ਜਲੰਧਰ, 02 ਜੂਨ 2026:** ਪੰਜਾਬ ਸਟੇਟ ਮਨਿਸਟੀਰੀਅਲ ਸਟਾਫ ਯੂਨੀਅਨ (PSMSU), ਪੰਜਾਬ ਵੱਲੋਂ ਦਿੱਤੇ ਗਏ ਸੰਘਰਸ਼ ਪ੍ਰੋਗਰਾਮ ਤਹਿਤ ਅੱਜ ਡੀ.ਸੀ. ਦਫ਼ਤਰ, ਜਲੰਧਰ ਦੇ ਸਾਹਮਣੇ ਪੁੱਡਾ ਗਰਾਊਂਡ ਵਿਖੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਪਿੱਟ-ਸਿਆਪਾ ਕੀਤਾ।
ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ ਕਿਸ਼ਤਾਂ ਨਾ ਦੇਣ ਦੇ ਹੱਕ ਵਿੱਚ ਅਦਾਲਤ ਵਿੱਚ ਪੇਸ਼ ਕੀਤੀ ਗਈ **ਸੀਲਬੰਦ ਮੁਲਾਜ਼ਮ ਵਿਰੋਧੀ ਰਿਪੋਰਟ** ਦੀਆਂ ਕਾਪੀਆਂ ਸਾੜ ਕੇ ਆਪਣਾ ਤਿੱਖਾ ਰੋਸ ਪ੍ਰਗਟ ਕੀਤਾ। ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਚੋਣਾਂ ਸਮੇਂ ਮੁਲਾਜ਼ਮ ਹਿਤੈਸ਼ੀ ਹੋਣ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਅਦਾਲਤਾਂ ਵਿੱਚ ਮੁਲਾਜ਼ਮਾਂ ਦੇ ਬਣਦੇ ਹੱਕਾਂ ਦੇ ਵਿਰੁੱਧ ਰਿਪੋਰਟਾਂ ਪੇਸ਼ ਕਰ ਰਹੀ ਹੈ।
ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ (OPS) ਬਹਾਲ ਕਰਨ ਦਾ ਵਾਅਦਾ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਵੀ ਲੰਬੇ ਸਮੇਂ ਤੋਂ ਰੋਕੀਆਂ ਹੋਈਆਂ ਹਨ, ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਆਰਥਿਕ ਤੌਰ ‘ਤੇ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਧ ਰਹੀ ਮਹਿੰਗਾਈ ਦੇ ਦੌਰ ਵਿੱਚ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਰੱਖਣਾ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ।
ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ, ਡੀ.ਏ. ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕਰੇ ਅਤੇ ਅਦਾਲਤ ਵਿੱਚ ਪੇਸ਼ ਕੀਤੀ ਗਈ ਮੁਲਾਜ਼ਮ ਵਿਰੋਧੀ ਸੀਲਬੰਦ ਰਿਪੋਰਟ ਨੂੰ ਵਾਪਸ ਲਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
**ਇਸ ਮੌਕੇ ਸੁਖਵਿੰਦਰ ਸਿੰਘ ਨਿੱਝਰ (ਚੇਅਰਮੈਨ, ਪੰਜਾਬ ਰੋਡਵੇਜ਼), ਅਮਰਪ੍ਰੀਤ ਸਿੰਘ (ਸੂਬਾ ਪ੍ਰਧਾਨ, NCC ਪੰਜਾਬ), ਰਣਜੀਤ ਸਿੰਘ (ਸੀਨੀਅਰ ਮੀਤ ਪ੍ਰਧਾਨ, ਜ਼ਿਲ੍ਹਾ ਜਲੰਧਰ), ਹਰਪ੍ਰੀਤ ਸਿੰਘ (ਸਰਗਰਮ ਆਗੂ), ਗੁਰਇਕਬਾਲ ਸਿੰਘ, ਪੰਕਜ ਕੁਮਾਰ (ਪ੍ਰਧਾਨ, DLR) ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਗੂਆਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। **