08 ਸਤੰਬਰ 2022
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ ਦੀ ਰੋਕਥਾਮ ਲਈ ਉਪਰਾਲੇ ਹੋਰ ਤੇਜ ਕਰਨ, ਤਿਉਹਾਰਾਂ ਦੇ ਸੀਜਨ ਦੇ ਮੱਦੇਨਜ਼ਰ ਖਾਣ-ਪੀਣ ਵਾਲੀਆਂ ਵਸਤਾਂ ਦੇ ਮਿਆਰ ਨੂੰ ਚੈਕ ਕਰਨ, ਦਿਵਆਂਗ ਵਿਅਕਤੀਆਂ ਦੇ ਵਿਲੱਖਣ ਸ਼ਨਾਖਤੀ ਕਾਰਡ ਬਣਾਉਣ ਅਤੇ ਮਿਡ ਡੇਅ ਸਕੀਮ ਤਹਿਤ ਦਿੱਤੇ ਜਾਂਦੇ ਖਾਣੇ ਦੇ ਨਿਰੰਤਰ ਮਿਆਰ ਨੂੰ ਚੈਕ ਕਰਨ ਦੇ ਨਿਰਦੇਸ਼ ਦਿੱਤੇ।
ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਅੱਜ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕੋਵਿਡ-19 ਟੀਕਾਕਰਨ ਅਤੇ ਇਸ ਲਈ ਸਮਾਜਿਕ ਸੰਸਥਾਵਾ ਦੇ ਸਹਿਯੋਗ, ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਯੂ.ਡੀ. ਆਈ.ਡੀ, ਆਰ. ਬੀ. ਐਸ. ਕੇ. ਪ੍ਰੋਗਰਾਮ ਅਤੇ ਆਮ ਆਦਮੀ ਕਲੀਨਿਕਾਂ ਦੇ ਕੰਮਾਕਾਜ ਆਦਿ ਦਾ ਵਿਸਥਾਰ ਵਿੱਚ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਦੇ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜੰਗੀ ਪੱਧਰ ’ਤੇ ਲਾਰਵਾ ਚੈਕਿੰਗ ਕੀਤੀ ਜਾਵੇ ਅਤੇ ਲੋਕਾਂ ਨੂੰ ਇੱਕ ਥਾਂ ’ਤੇ ਲੰਮਾਂ ਸਮਾਂ ਪਾਣੀ ਜਮ੍ਹਾ ਨਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਨਗਰ ਨਿਗਮ ਦੀਆਂ ਟੀਮਾਂ ਨਾਲ ਰਾਬਤਾ ਕਰਕੇ ਲੋੜੀਂਦੀਆਂ ਥਾਵਾਂ ’ਤੇ ਤੁਰੰਤ ਫਾਗਿੰਗ ਅਮਲ ਵਿੱਚ ਲਿਆਂਦੀ ਜਾਵੇ।
ਆਉਂਦੇ ਸਮੇਂ ਵਿੱਚ ਤਿਉਹਾਰਾਂ ਨੂੰ ਲੈ ਕੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਦੁਕਾਨਾਂ ਖਾਸਕਾਰ ਮਿਠਾਈ ਵਾਲੀਆਂ ਦੁਕਾਨਾਂ ’ਤੇ ਮਿਆਰੀ ਖਾਦ ਪਦਾਰਥਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਨ੍ਹਾਂ ਪਦਾਰਥਾਂ ਦੇ ਸੈਂਪਲ ਲੈਣ ਦੀ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਆਰ.ਬੀ.ਐਸ.ਕੇ ਪ੍ਰੋਗਰਾਮ ਤਹਿਤ ਜਿਲ੍ਹਾ ਜੰਲਧਰ ਵਿੱਚ ਬਣਾਈਆਂ 19 ਮੋਬਾਇਲ ਹੈਲਥ ਟੀਮਾਂ ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਅਤੇ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਇਸੇ ਦੌਰਾਨ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਸਰਵੇ ਟੀਮਾਂ ਵੱਲੋਂ ਘਰ-ਘਰ ਲਾਰਵਾ ਚੈਕ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ 30 ਹਜਾਰ ਤੋਂ ਵੱਧ ਥਾਵਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਚੋਂ 1234 ਥਾਵਾਂ ’ਤੇ ਲਾਰਵਾ ਮਿਲਣ ਤੇ ਨਸਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਡੇਂਗੂ ਦੇ ਕੁੱਲ 32 ਮਾਮਲੇ ਸਾਹਮਣੇ ਆਏ ਸਨ ਜਿਨ੍ਹਾਂ ’ਚੋ 19 ਸ਼ਹਿਰੀ ਅਤੇ 13 ਪੇਂਡੂ ਖੇਤਰਾਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਛਾਣ ਪੱਤਰ ਜਾਰੀ ਕਰਨ ਦੀ ਮੁਹਿੰਮ ਤਹਿਤ 21991 ਕਾਰਡ ਬਣਾਏ ਜਾ ਚੁੱਕੇ ਹਨ ਅਤੇ 2257 ਅਰਜੀਆਂ ਬਕਾਇਆ ਹਨ ਜਿਨ੍ਹਾਂ ਬਾਰੇ ਜਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਫੂਡ ਸੇਫਟੀ ਅਧਿਕਾਰੀਆਂ ਵੱਲੋਂ 79 ਸੈਂਪਲ ਲਏ ਜਾ ਚੁੱਕੇ ਹਨ ਅਤੇ 3 ਮਾਮਲਿਆਂ ਵਿੱਚ ਜੁਰਮਾਨਾ ਵੀ ਕੀਤਾ ਜਾ ਚੁੱਕਾ ਹੈ।
ਕੋਵਿਡ-19 ਟੀਕਾਕਰਨ ਕਰਨ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ ਕੁੱਲ 4024233 ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ ਜਿਨ੍ਹਾਂ ਵਿੱਚੋਂ ਲਾਭਪਾਤਰੀਆਂ ਨੂੰ 1952230 ਪਹਿਲੀ ਖੁਰਾਕ, 1879171 ਦੂਜੀ ਖੁਰਾਕ ਅਤੇ 192832 ਅਹਿਤਿਆਤੀ ਖੁਰਾਕਾਂ ਸ਼ਾਮਿਲ ਹਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਵੀ ਵਿਸਥਾਰਤ ਜਾਣਕਾਰੀ ਹਾਸਿਲ ਕੀਤੀ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।