ਜਲੰਧਰ,12 ਫ਼ਰਵਰੀ,
ਟ੍ਰੇਡ ਯੂਨੀਅਨਾਂ ਦੇ ਸੱਦੇ ਉੱਤੇ ਦੇਸ਼ ਪੱਧਰੀ ਆਮ ਹੜਤਾਲ ਦੇ ਸੱਦੇ ਉੱਤੇ ਜ਼ਿਲ੍ਹੇ ਭਰ ਵਿੱਚ ਹੜਤਾਲ ਕੀਤੀ ਗਈ। ਹੜਤਾਲ ਕਰਕੇ ਅੱਜ ਏਥੇ ਲੇਬਰ ਕੋਡ ਰੱਦ ਕਰਕੇ ਪਹਿਲੇ ਮਜ਼ਦੂਰ ਕਾਨੂੰਨਾਂ ਨੂੰ ਬਹਾਲ ਕਰਨ,ਮਿੱਡ ਡੇ ਮੀਲ, ਆਸ਼ਾ ਵਰਕਰ, ਆਂਗਣਵਾੜੀ ਵਰਕਰਾਂ ਸਮੇਤ ਕੱਚੇ ਮੁਲਾਜ਼ਮਾਂ ਨੂੰ ਪੱਕੇ ਵਰਕਰ ਦਾ ਦਰਜਾ ਦੇਣ, ਤਨਖਾਹ 26000 ਰੂਪਏ ਪ੍ਰਤੀ ਮਹੀਨਾ ਕਰਨ, ਬਿਜਲੀ ਸੋਧ ਬਿੱਲ 2025 ਤੇ ਬੀਜ਼ ਬਿੱਲ 2025 ਨੂੰ ਰੱਦ ਕਰਨ, ਵਿਕਸਤ ਭਾਰਤ ਜੀ ਰਾਮ ਜੀ ਰੱਦ ਕਰਕੇ ਮਗਨਰੇਗਾ ਕਾਨੂੰਨ ਮੁੜ ਬਹਾਲ ਕਰਨ,ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕਰਨ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੈਂਕੜਿਆਂ ਦੀ ਗਿਣਤੀ ਵਿੱਚ ਟ੍ਰੇਡ ਯੂਨੀਅਨ ਵਰਕਰਾਂ,ਮਿੱਡ ਡੇ ਮੀਲ ਵਰਕਰਾਂ, ਆਸ਼ਾ ਵਰਕਰ, ਪੇਂਡੂ ਤੇ ਖੇਤ ਮਜ਼ਦੂਰਾਂ, ਮੁਲਾਜ਼ਮਾਂ, ਪੈਨਸ਼ਨਰਾਂ, ਕਿਸਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ।
ਰੈਲੀ ਕਰਨ ਉਪਰੰਤ ਜਥੇਬੰਦੀਆਂ ਨੇ ਦੇਸ਼ ਭਗਤ ਯਾਦਗਾਰ ਹਾਲ ਤੋਂ ਪ੍ਰੈੱਸ ਕਲੱਬ ਤੱਕ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ। ਜਦੋਂ ਮੁਜ਼ਾਹਰਾਕਾਰੀ ਪ੍ਰੈੱਸ ਕਲੱਬ ਤਰਫ਼ ਨੂੰ ਵੱਧ ਰਹੇ ਸਨ ਤਾਂ ਉਹਨਾਂ ਨੂੰ ਦੇਸ਼ ਭਗਤ ਯਾਦਗਾਰ ਹਾਲ ਦੇ ਬਾਹਰ ਭਾਰੀ ਪੁਲਿਸ ਫੋਰਸ ਵਲੋਂ ਮੁੱਖ ਸੜਕ ਉੱਪਰ ਮੋਟਰ ਗੱਡੀਆਂ ਅਤੇ ਭਾਰੀ ਬੈਰੀਕੇਟ ਲਗਾ ਕੇ ਜ਼ਬਰੀ ਰੋਕ ਲਿਆ ਗਿਆ ਤਾਂ ਪ੍ਰਦਰਸ਼ਨਕਾਰੀਆਂ ਨੇ ਉੱਥੇ ਹੀ ਸੜਕ ਵਿਚਕਾਰ ਧਰਨਾ ਲਗਾ ਦਿੱਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕ ਮਿਲਣੀ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ। ਲੋਕ ਇਕੱਠੇ ਹੋ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਮੁਜ਼ਾਹਰਾ ਕਰ ਰਹੇ ਸਨ ਪ੍ਰੰਤੂ ਮੁੱਖ ਮੰਤਰੀ ਨੇ ਇਹਨਾਂ ਲੋਕਾਂ ਨੂੰ ਮਿਲ ਕੇ ਮੰਗਾਂ ਮਸਲਿਆਂ ਨੂੰ ਹੱਲ ਕਰਨਾ ਤਾਂ ਦੂਰ ਇਹਨਾਂ ਨੂੰ ਮਿਲਣਾ ਵੀ ਜ਼ਰੂਰੀ ਨਹੀਂ ਸਮਝਿਆ।ਇੱਕ ਪਾਸੇ ਅੱਜ ਦੀ ਦੇਸ਼ ਪੱਧਰੀ ਹੜਤਾਲ ਦਾ ਪੰਜਾਬ ਸਰਕਾਰ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸਮੱਰਥਨ ਕਰਨ ਦਾ ਐਲਾਨ ਕੀਤਾ ਅਤੇ ਦੂਜੇ ਹੜਤਾਲ ਦੀ ਹਮਾਇਤ ਵਿੱਚ ਮੁਜ਼ਾਹਰਾ ਕਰ ਰਹੇ ਕਿਰਤੀ ਲੋਕਾਂ ਨੂੰ ਸੂਬਾ ਸਰਕਾਰ ਦੇ ਇਸ਼ਾਰੇ ਉੱਤੇ ਮੁਜ਼ਾਹਰਾ ਕਰਨ ਤੋਂ ਪੁਲਿਸ ਫੋਰਸ ਵਲੋਂ ਜ਼ਬਰੀ ਰੋਕ ਦਿੱਤਾ ਗਿਆ।ਜੋ ਅਤਿ ਨਿੰਦਣਯੋਗ ਹੈ ਅਤੇ ਸੂਬਾ ਸਰਕਾਰ ਦੇ ਦੋਹਰੇ ਚਿਹਰੇ ਨੂੰ ਬੇਪਰਦ ਕਰਦਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਕੇਂਦਰ ਸਰਕਾਰ ਨੇ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹਨਾਂ ਚਾਰ ਲੇਬਰ ਕੋਡਾ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਪਾਸ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ। ਪੱਕੀ ਨੌਕਰੀ ਦੀ ਥਾਂ “ਫਿਕਸਡ ਟਰਮ ਇੰਪਲਾਇਮੈਂਟ” ਲਾਗੂ ਹੋਵੇਗਾ,ਨੌਕਰੀ ਦੀ ਸੁਰੱਖਿਆ ਖ਼ਤਮ ਹੋ ਜਾਵੇਗੀ। ਮਜ਼ਦੂਰਾਂ ਉੱਪਰ ਸ਼ਰਤਾਂ ਮੜ੍ਹ ਕੇ ਕਈ ਕਰਮਚਾਰੀਆਂ ਨੂੰ “ਮਜ਼ਦੂਰ” ਮੰਨਣ ਤੋਂ ਇਨਕਾਰ ਕਰ ਦਿੱਤਾ ਜਾਵੇਗਾ। ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ। ਮਜ਼ਦੂਰਾਂ ਦੀ ਸੁਰੱਖਿਆ, ਸਹੂਲਤਾਂ, ਮਜ਼ਦੂਰੀ ਅਤੇ ਬੋਨਸ ਪ੍ਰਬੰਧਕਾਂ ਦੀ ਮਰਜ਼ੀ ਉੱਪਰ ਛੱਡ ਦਿੱਤੇ ਜਾਣਗੇ ਅਤੇ ਲੇਬਰ ਵਿਭਾਗ ਦੇ ਅਧਿਕਾਰੀਆਂ ਨੂੰ ਸਿਰਫ਼ ਦਰਸ਼ਕ ਬਣਾ ਦਿੱਤਾ ਜਾਵੇਗਾ। ਉਨ੍ਹਾਂ ਨੇ ਆਪਣੇ ਜਮਹੂਰੀ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ ਲਈ ਮਜ਼ਦੂਰ ਵਿਰੋਧੀ ਇਹਨਾਂ ਲੇਬਰ ਕੋਡਾ ਨੂੰ ਰੱਦ ਕਰਵਾਉਣ ਸਮੇਤ ਬਾਕੀ ਮੰਗਾਂ ਦੇ ਹੱਲ ਲਈ ਸੰਘਰਸ਼ ਉੱਤੇ ਟੇਕ ਰੱਖਣ ਦਾ ਸੱਦਾ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ 22 ਫ਼ਰਵਰੀ ਨੂੰ ਸੂਬਾ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਸਮੇਤ ਭਾਜਪਾ ਦੇ ਆਗੂਆਂ ਦੇ ਘਰਾਂ ਅੱਗੇ ਧਰਨੇ ਮੁਜ਼ਾਹਰੇ ਕੀਤੇ ਜਾਣਗੇ।
ਇਸ ਮੌਕੇ ਸੰਘਰਸ਼ ਨੂੰ ਤੇਜ਼ ਤੇ ਵਿਸ਼ਾਲ ਕਰਨ ਦਾ ਐਲਾਨ ਕਰਦਿਆਂ ਦੋ ਘੰਟੇ ਉਪਰੰਤ ਧਰਨਾ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਗਿਆ।
ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਆਗੂ ਹਰਿੰਦਰ ਦੁਸਾਂਝ,ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਕੁਲਵਿੰਦਰ ਨੂਸੀ, ਪੈਨਸ਼ਨਰ ਐਸੋਸ਼ੀਏਸ਼ਨ ਦੇ ਬਲਵਿੰਦਰ ਕੁਮਾਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਬਲਦੇਵ ਸਿੰਘ ਨੂਰਪੁਰੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਮੇਸ਼ ਮਾਲੜੀ, ਪੰਜਾਬ ਖੇਤ ਮਜ਼ਦੂਰ ਸਭਾ ਦੇ ਵੀਰ ਕੁਮਾਰ,ਡੈਮੋਕ੍ਰੇਟਿਕ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਅੰਮ੍ਰਿਤਪਾਲ ਕੌਰ ਨੂਸੀ,ਜੋਤੀ, ਇਸਤਰੀ ਜਾਗ੍ਰਿਤੀ ਮੰਚ ਦੇ ਜਸਵੀਰ ਕੌਰ ਜੱਸੀ,ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਸਵੰਤ ਸਿੰਘ ਸਿੰਘਾਪੁਰ ਦੋਨਾਂ,ਸੀਟੀਯੂ ਦੇ ਹਰੀਮੁਨੀ ਸਿੰਘ, ਤਰਕਸ਼ੀਲ ਸੁਸਾਇਟੀ ਦੇ ਜਸਵਿੰਦਰ ਸਿੰਘ ਪਟਵਾਰੀ,ਪ ਸ ਸ ਫ ਦੇ ਪੁਸ਼ਪਿੰਦਰ ਵਿਰਦੀ,ਜਨਰਲ ਮਜ਼ਦੂਰ ਯੂਨੀਅਨ ਦੇ ਰਛਪਾਲ ਕੈਲੇ ਤੋਂ ਇਲਾਵਾ ਮਿੱਡ ਡੇ ਮੀਲ ਵਰਕਰ ਆਗੂਆਂ ਸੀਮਾ,ਰਜਨੀ,ਪ੍ਰਵੀਨ ਆਦਿ ਨੇ ਸੰਬੋਧਨ ਕੀਤਾ।