

ਜਲੰਧਰ, 1 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲਗਾਤਾਰ ਜੰਗ ਵਿੱਢੀ ਹੋਈ ਹੈ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਇਕ ਬਲਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਅਤੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ, ਜਿਸ ਤਹਿਤ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ 1 ਮਾਰਚ 2025 ਤੋਂ 30 ਅਗਸਤ 2026 ਤੱਕ 58797 ਕੇਸ ਦਰਜ ਕਰਕੇ 76701 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ 21.99 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ।
ਸ਼੍ਰੀ ਭਗਤ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਇਸ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਦੇ ਬਿਹਤਰ ਆਪਸੀ ਤਾਲਮੇਲ ਦੀ ਲੋੜ ’ਤੇ ਜ਼ੋਰ ਦਿੱਤਾ।
ਕੈਬਨਿਟ ਮੰਤਰੀ ਨੇ ਡੀ.ਐਸ.ਪੀਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਐਸ.ਐਚ.ਓਜ਼, ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਨਿਯਮਿਤ ਮੀਟਿੰਗਾਂ ਕੀਤੀਆਂ ਜਾਣ ਅਤੇ ਆਪਣੇ ਇਲਾਕਿਆਂ ਵਿੱਚ ਨਸ਼ਿਆਂ ਸਬੰਧੀ ਗਤੀਵਿਧੀਆਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਪੁਲਿਸ ਨੂੰ ਜ਼ਮਾਨਤ ਜਾਂ ਪੈਰੋਲ ’ਤੇ ਬਾਹਰ ਆਏ ਨਸ਼ਾ ਤਸਕਰਾਂ ’ਤੇ ਵੀ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹਾ ਵਿਅਕਤੀ ਮੁੜ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਨਸ਼ਿਆਂ ਖਿਲਾਫ਼ ਲੜਾਈ ਨੂੰ ਪੁਲਿਸ, ਸਿਵਲ ਪ੍ਰਸ਼ਾਸਨ, ਨਾਗਰਿਕਾਂ, ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਹੋਰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਉਥੇ ਨਸ਼ਿਆਂ ਦੇ ਦਲਦਲ ਵਿੱਚ ਫਸੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਰੰਗਲਾ ਪੰਜਾਬ ਦੇ ਨਿਰਮਾਣ ਲਈ ਸਮਾਜ ਦੇ ਹਰ ਵਰਗ ਦਾ ਯੋਗਦਾਨ ਬਹੁਤ ਜ਼ਰੂਰੀ ਹੈ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਅਤੇ ਹਲਕਾ ਕੋਆਰਡੀਨੇਟਰਾਂ ਤੋਂ ਫੀਡਬੈਕ ਵੀ ਪ੍ਰਾਪਤ ਕੀਤੀ।
ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿੱਚ ਹਰ ਵਰਗ ਦੇ ਲੋਕਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਲੜਾਈ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰੇਕ ਨਾਗਰਿਕ ਨੂੰ ਇਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਬਚਾਇਆ ਜਾ ਸਕੇ।
ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਜਾਣੂ ਕਰਵਾਇਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ 1 ਮਾਰਚ 2025 ਤੋਂ ਹੁਣ ਤੱਕ 2815 ਕੇਸ ਦਰਜ ਕਰਕੇ 3980 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੜ ਵਸੇਬਾ ਯਤਨਾਂ ਤਹਿਤ ਹੁਣ ਤੱਕ 6500 ਤੋਂ ਵੱਧ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦਿਹਾਤੀ ਪੁਲਿਸ ਵੱਲੋਂ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਲਗਾਤਾਰ ਮੀਟਿੰਗਾਂ ਤੋਂ ਇਲਾਵਾ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਸੈਮੀਨਾਰ/ਵਰਕਸ਼ਾਪ ਵੀ ਕਰਵਾਏ ਜਾ ਰਹੇ ਹਨ।
ਅਖੀਰ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ ਨੇ ਮੁਹਿੰਮ ਤਹਿਤ ਜ਼ਿਲ੍ਹਾ ਤੇ ਹਲਕੇ ਪੱਧਰ ਦੀਆਂ ਗਤੀਵਿਧੀਆਂ ’ਤੇ ਚਾਨਣਾ ਪਾਇਆ ਅਤੇ ਨਸ਼ਿਆਂ ਖਿਲਾਫ਼ ਲੜਾਈ ਵਿੱਚ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਮੀਟਿੰਗ ਵਿੱਚ ਡੀ.ਐਸ.ਪੀਜ਼, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ (ਦਿਹਾਤੀ) ਅਜੈ ਭੀਲ ਤੋਂ ਇਲ਼ਾਵਾ ਹਲਕਾ ਕੋਆਰਡੀਨੇਟਰ, ਬਲਾਕ ਕੋਆਰਡੀਨੇਟਰ ਆਦਿ ਵੀ ਮੌਜੂਦ ਸਨ।



