ਜਲੰਧਰ (26.06.2025) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਚਲਦਿਆਂ “ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਅੰਤਰਰਾਸ਼ਟਰੀ ਦਿਵਸ” ਮੌਕੇ ‘ਬ੍ਰੇਕਿੰਗ ਦ ਚੇਨ, ਪ੍ਰੀਵੈਂਸ਼ਨ-ਟ੍ਰੀਟਮੈਂਟ ਐਂਡ ਰਿਕਵਰੀ ਫਾਰ ਆਲ’ ਥੀਮ ਤਹਿਤ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਸਿਵਲ ਹਸਪਤਾਲ ਜਲੰਧਰ ਦੇ ਡੀ-ਅਡੀਕਸ਼ਨ ਸੈਂਟਰ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸਦੀ ਅਗਵਾਈ ਸਿਵਲ ਸਰਜਨ ਡਾ. ਗੁਰਮੀਤ ਲਾਲ ਵਲੋਂ ਕੀਤੀ ਗਈ।
ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਸਿਹਤ ਵਿਭਾਗ ਜਲੰਧਰ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ। ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਮੁਕਤੀ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ। ਜਦ ਵੀ ਕੋਈ ਵਿਅਕਤੀ ਡੀ-ਅਡੀਕਸ਼ਨ ਸੈਂਟਰ ਤੋਂ ਡਿਸਚਾਰਜ ਹੋ ਕੇ ਚਲਾ ਜਾਂਦਾ ਹੈ ਤਾਂ ਉਸਦੇ ਪਰਿਵਾਰ ਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਪਿਆਰ ਤੇ ਅਪਣੇਪਨ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰਨ ਤਾਂ ਜੋ ਉਹ ਨਸ਼ੇ ਦੀ ਦਲਦਲ ਵਿੱਚ ਦੋਬਾਰਾ ਜਾਣ ਤੋਂ ਬੱਚ ਸਕੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਵਿਚ ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਨਸ਼ਿਆਂ ਖਿਲਾਫ਼ ਜੰਗ ਜਾਰੀ ਹੈ ਅਤੇ ਇਸ ਮੁਹਿੰਮ ਨੂੰ ਸਹਿਯੋਗ ਦਿੰਦੇ ਹੋਏ ਸਾਨੂੰ ਸਭ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਹੀ ਤੰਦਰੁਸਤ ਜੀਵਨਸ਼ੈਲੀ ਅਪਨਾਉਣੀ ਚਾਹੀਦੀ ਹੈ।
ਇਸ ਦੌਰਾਨ ਐਲ.ਐਲ.ਆਰ. ਨਰਸਿੰਗ ਸਕੂਲ ਦੀ ਵਿਦਿਆਰਥਣਾਂ ਵਲੋਂ ਪੋਸਟਰ ਮੇਕਿੰਗ ਕੰਪੀਟਿਸ਼ਨ ਵਿੱਚ ਭਾਗੀਦਾਰੀ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਸੰਬੰਧੀ ਪੋਸਟਰ ਪ੍ਰਦਰਸ਼ਿਤ ਕੀਤੇ ਗਏ। ਸਿਵਲ ਸਰਜਨ ਡਾ. ਗੁਰਮੀਤ ਲਾਲ ਅਤੇ ਡਾਕਟਰਾਂ ਦੀ ਟੀਮ ਵੱਲੋਂ ਇਨ੍ਹਾਂ ਪੋਸਟਰਾਂ ਨੂੰ ਵਾਚੀਆ ਗਿਆ। ਨਰਸਿੰਗ ਵਿਦਿਆਰਥਣਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਵੱਲੋਂ ਪਹਿਲੇ ਅਤੇ ਦੂਜੇ ਸਥਾਨ ਤੇ ਆਉਣ ਵਾਲੀਆਂ ਨਰਸਿੰਗ ਵਿਦਿਆਰਥਣਾਂ ਕੋਮਲ ਅਤੇ ਸ਼ਿਪਰਾ ਨੂੰ ਸ਼ਲਾਘਾ ਪੱਤਰ ਅਤੇ ਇਨਾਮ ਵੀ ਦਿੱਤੇ ਗਏ।
ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸਕਿਟ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਸੰਦੇਸ਼ ਦਿੱਤਾ ਗਿਆ। ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ ਵੱਲੋਂ ਸੈਮੀਨਾਰ ਦੀ ਸਮਾਪਤੀ ‘ਤੇ ਮੌਜੂਦ ਅਧਿਕਾਰੀਆਂ, ਕਰਮਾਚਾਰੀਆਂ, ਨਰਸਿੰਗ ਵਿਦਿਆਰਥਣਾਂ ਅਤੇ ਮਰੀਜਾਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਨਸ਼ੇ ਦੇ ਖਾਤਮੇ ਲਈ ਪ੍ਰੇਰਿਤ ਕਰਨ ਸੰਬੰਧੀ ਸਹੁੰ ਚੁਕਾਈ ਗਈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਡਾ. ਅਭਯਰਾਜ, ਡਾ. ਹਰਮਨ ਕਿਰਨਦੀਪ ਕੌਰ, ਡਾ. ਰਾਜਦੀਪ ਕੌਰ ਅਤੇ ਸਿਹਤ ਵਿਭਾਗ ਦਾ ਸਟਾਫ ਮੌਜੂਦ ਸੀ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।