
ਜਲੰਧਰ,23 ਜੁਲਾਈ,
ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰਨ ਅਤੇ ਕਾਨੂੰਨ ਵਿੱਚ ਮਜ਼ਦੂਰਾਂ ਨੂੰ ਦਿੱਤੇ ਗਏ ਜ਼ਮੀਨੀ ਹੱਕ ਦੀ ਮੰਗ ਕਰਦੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਉੱਪਰ ਮੜੀਆਂ ਪਾਬੰਦੀਆਂ ਖਿਲਾਫ਼ ਮਜ਼ਦੂਰ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ ‘ਤੇ 25 ਜੁਲਾਈ ਨੂੰ ਸੰਗਰੂਰ ਵਿਖੇ ਰੈਲੀ ਅਤੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਯੂਨੀਅਨ ਦੀ ਅਗਵਾਈ ਹੇਠ ਇਸ ਰੈਲੀ ਵਿੱਚ ਪੰਜਾਬ ਭਰ ਤੋਂ ਪੇਂਡੂ ਮਜ਼ਦੂਰ ਕਾਫ਼ਲਿਆਂ ਦੇ ਰੂਪ ਚ ਭਰਵੀਂ ਸ਼ਮੂਲੀਅਤ ਕਰਨਗੇ।
ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ,ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਤਰ੍ਹਾਂ ਤਰ੍ਹਾਂ ਦੀਆਂ ਗਾਰੰਟੀਆਂ ਦੇਣ ਵਾਲੀ ਭਗਵੰਤ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਝੂਠ ਦਾ ਪੁਲੰਦਾ ਸਾਬਿਤ ਹੋਈ ਹੈ। ਲੋਕ ਮਾਰੂ,ਲੋਕ ਵਿਰੋਧੀ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਤੋਂ ਸਮਾਜ ਦੇ ਸਾਰੇ ਤਬਕੇ ਦੁਖੀ ਹੋ ਕੇ ਮਜ਼ਬੂਰਨ ਸੰਘਰਸ਼ਾਂ ਦੇ ਰਾਹ ਪਏ ਹੋਏ ਹਨ। ਸੰਗਰੂਰ ਅੰਦਰ ਅਣ ਐਲਾਨੀ ਐਮਰਜੈਂਸੀ ਲਗਾ ਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀਆਂ ਸਰਗਰਮੀਆਂ ਉੱਪਰ ਮੜੀ ਪਾਬੰਦੀ ਅਤੇ ਗੱਲਬਾਤ ਦੇ ਬਹਾਨੇ ਬੁਲਾ ਕੇ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕਰਨ ਕਾਰਨ ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ ਦੇ ਮਨਾਂ ਵਿੱਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਤੀਆਂ ਗਾਰੰਟੀਆਂ ਤੋਂ ਭਗੌੜੀ ਮਾਨ ਸਰਕਾਰ ਬੁਖਲਾਹਟ ਵਿੱਚ ਆ ਕੇ ਸੰਘਰਸ਼ਸ਼ੀਲ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਵੱਖ ਵੱਖ ਵਰਕਰਾਂ ਵੱਲੋਂ ਆਪਣੇ ਹੱਕਾਂ ਲਈ ਇਕੱਠੇ ਹੋਣ,ਬੋਲਣ ਅਤੇ ਵਿਰੋਧ ਕਰਨ ਦੇ ਸੰਵਿਧਾਨਕ ਅਧਿਕਾਰਾਂ ਨੂੰ ਵੀ ਪੰਜਾਬ ਪੁਲਿਸ ਦੇ ਜ਼ੋਰ ਕੁਚਲ ਰਹੀ ਹੈ। ਯੂਨੀਅਨ ਵਲੋਂ ਪੰਜਾਬ ਦੇ ਸਮੁੱਚੇ ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ ਨੂੰ 25 ਜੁਲਾਈ ਨੂੰ ਸੰਗਰੂਰ ਰੈਲੀ ਤੇ ਮੁਜ਼ਾਹਰੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।