ਜਲੰਧਰ, 24 ਮਾਰਚ

ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ, ਜਲੰਧਰ ਬਾਈਪਾਸ ਅਤੇ ਜਲੰਧਰ-ਹੁਸ਼ਿਆਰਪੁਰ ਐਨ.ਐਚ. 70 ਨੂੰ ਚਹੁੰ ਮਾਰਗੀ ਕਰਨ ਸਮੇਤ ਤਿੰਨ ਹਾਈਵੇ ਪ੍ਰਾਜੈਕਟਾਂ ਅਧੀਨ ਜ਼ਮੀਨ ਮਾਲਕਾਂ ਨੂੰ ਹੁਣ ਤੱਕ 466.46 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਾਈਵੇ ਪ੍ਰਾਜੈਕਟਾਂ ਅਧੀਨ ਅਕਵਾਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੀ ਵੰਡ ਅਤੇ ਕਬਜ਼ਾ ਲੈਣ ਦੀ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਪ੍ਰਾਜੈਕਟ ਅਧੀਨ ਐਸ.ਡੀ.ਐਮ. ਨਕੋਦਰ ਵੱਲੋਂ 26.72 ਕਰੋੜ ਰੁਪਏ, ਐਸ.ਡੀ.ਐਮ. ਜਲੰਧਰ-2 ਵੱਲੋਂ 119 ਕਰੋੜ ਰੁਪਏ ਅਤੇ ਐਸ.ਡੀ.ਐਮ. ਫਿਲੌਰ ਵੱਲੋਂ 27.24 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਜਾ ਚੁੱਕਾ ਹੈ। ਇਸੇ ਤਰ੍ਹਾਂ ਜਲੰਧਰ ਬਾਈਪਾਸ ਅਤੇ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ-70 ਨੂੰ ਚਹੁੰ-ਮਾਰਗੀ ਕਰਨ ਲਈ ਕ੍ਰਮਵਾਰ 95.50 ਕਰੋੜ ਅਤੇ 198 ਕਰੋੜ ਰੁਪਏ ਦੀ ਰਾਸ਼ੀ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਪ੍ਰਾਜੈਕਟ ਤਹਿਤ ਪਿੰਡ ਪੰਡੋਰੀ ਅਤੇ ਸ਼ਾਹਪੁਰ ਵਿੱਚ ਐਕੁਆਇਰ ਕੀਤੀ ਜ਼ਮੀਨ ਦਾ ਕਬਜ਼ਾ ਲੈ ਲਿਆ ਗਿਆ ਹੈ ਅਤੇ ਪ੍ਰਾਜੈਕਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਨ.ਐਚ.ਏ.ਆਈ. ਨੂੰ ਸੌਂਪ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਮੁਆਵਜ਼ੇ ਦੀ ਵੰਡ ਅਤੇ ਕਬਜ਼ੇ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨਿਰਧਾਰਿਤ ਸਮੇਂ ਵਿੱਚ ਮੁਆਵਜ਼ੇ ਦੀ ਵੰਡ ਅਤੇ ਕਬਜ਼ਾ ਲੈਣ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਤਾਂ ਜੋ ਚੱਲ ਰਹੇ ਸਾਰੇ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਕੰਮਲ ਕੀਤਾ ਜਾ ਸਕੇ।

ਜ਼ਮੀਨ ਮਾਲਕਾਂ ਨੂੰ ਆਪਣੀ ਐਕਵਾਇਰ ਕੀਤੀ ਜ਼ਮੀਨ ਦੇ ਬਦਲੇ ਉਸ ਦਾ ਮੁਆਵਜ਼ਾ (ਅਵਾਰਡ) ਪ੍ਰਾਪਤ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਮੀਨ ਮਾਲਕ ਆਪਣਾ ਮੁਆਵਜ਼ਾ ਪ੍ਰਾਪਤ ਕਰਨ ਤੋਂ ਬਾਅਦ ਵੀ ਲੈਂਡ ਇਨਹੈਂਸਮੈਂਟ ਲਈ ਆਰਬਿਟ੍ਰੇਟਰਾਂ ਪਾਸ ਅਪੀਲ ਦਾਇਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਸਵੀਕ੍ਰਿਤੀ ਅਤੇ ਲੈਂਡ ਇਨਹੈਂਸਮੈਂਟ ਵੱਖੋ-ਵੱਖਰੇ ਮੁੱਦੇ ਹਨ। ਕੋਈ ਵੀ ਅਵਾਰਡ ਪ੍ਰਾਪਤ ਕਰਨ ਦੇ ਬਾਵਜੂਦ ਅਵਾਰਡ ਵਿੱਚ ਵਾਧੇ ਦੀ ਮੰਗ ਕਰਨ ਲਈ ਆਰਬਿਟ੍ਰੇਟਰ ਪਾਸ ਜਾ ਸਕਦਾ ਹੈ।

ਇਸ ਦੌਰਾਨ ਉਨ੍ਹਾਂ ਕੰਪੀਟੈਂਟ ਅਥਾਰਟੀ ਫਾਰ ਲੈਂਡ ਐਕੂਜ਼ੀਸ਼ਨ (ਸੀ.ਏ.ਐਲ.ਏ) ਨੂੰ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਲੈਣ ਲਈ ਧਾਰਾ 3ਈ2 ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਧਾਰਾ ਸਪੱਸ਼ਟ ਕਰਦੀ ਹੈ ਕਿ ਸਬੰਧਤ ਅਥਾਰਟੀ ਵੱਲੋਂ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਪੁਲਿਸ ਬਲ ਦੀ ਮਦਦ ਨਾਲ ਲਿਆ ਜਾ ਸਕਦਾ ਹੈ। ਉਨ੍ਹਾਂ ਅਥਾਰਟੀ ਨੂੰ ਆਪਣੇ ਪੁਲਿਸ ਹਮਰੁਤਬਾ ਨੂੰ ਜਿਥੇ ਅਜੇ ਵੀ ਕਬਜ਼ਾ ਬਕਾਇਆ ਹੈ, ਸਬੰਧੀ ਸੂਚਿਤ ਕਰਨ ਲਈ ਕਿਹਾ ਤਾਂ ਜੋ ਸਮੁੱਚੀ ਅਕਵਾਇਰ ਕਰਨ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਿਆ ਜਾ ਸਕੇ।

ਚੱਲ ਰਹੇ ਪ੍ਰਾਜੈਕਟਾਂ ਨੂੰ ਪਹਿਲੀ ਤਰਜੀਹ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁਆਵਜ਼ੇ ਦੀ ਵੰਡ ਅਤੇ ਕਬਜ਼ਾ ਲੈਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ । ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਨਾ ਸਿਰਫ਼ ਜਲੰਧਰ ਦੇ ਲੋਕਾਂ ਨੂੰ ਸਹੂਲਤ ਹੋਵੇਗੀ ਸਗੋਂ ਜਲੰਧਰ ਤੋਂ ਲੰਘਣ ਵਾਲੇ ਨੇੜਲੇ ਸੂਬਿਆਂ ਦੇ ਯਾਤਰੀਆਂ ਨੂੰ ਵੀ ਫਾਇਦਾ ਹੋਵੇਗਾ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।