ਜਲੰਧਰ (11.07.2024): ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਜਗਦੀਪ ਚਾਵਲਾ ਦੀ ਅਗਵਾਈ ਹੇਠ ਵੀਰਵਾਰ ਨੂੰ ਐਮ.ਸੀ.ਐਚ. ਸੈਂਟਰ ਸਿਵਲ ਹਸਪਤਾਲ ਜਲੰਧਰ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ ਦੌਰਾਨ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਵਧਦੀ ਆਬਾਦੀ ਅਤੇ ਉਸ ਨਾਲ ਜੁੜੀਆਂ ਚੁਣੌਤੀਆਂ ‘ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ 11 ਜੁਲਾਈ ਦਾ ਦਿਨ “ਵਿਸ਼ਵ ਆਬਾਦੀ ਦਿਵਸ” ਵਜੋਂ ਹਰ ਸਾਲ ਆਬਾਦੀ ਦੇ ਮਸਲਿਆਂ ’ਤੇ ਸੋਚਣ ਤੇ ਵਿਚਾਰਨ ਲਈ ਇਕ ਥੀਮ (ਵਿਸ਼ੇ) ਦੇ ਤਹਿਤ ਮਨਾਇਆ ਜਾਂਦਾ ਹੈ। ਇਸ ਵਾਰ ਇਸ ਦਿਵਸ ਨੂੰ “ਵਿਕਸਿਤ ਭਾਰਤ ਦੀ ਨਵੀਂ ਪਹਿਚਾਣ – ਪਰਿਵਾਰ ਨਿਯੋਜਨ ਹਰ ਦੰਪਤੀ ਦੀ ਸ਼ਾਨ” ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ।
ਸਿਵਲ ਸਰਜਨ ਡਾ. ਜਗਦੀਪ ਚਾਵਲਾ ਨੇ ਮੌਕੇ ‘ਤੇ ਮੌਜੂਦ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੀਮਿਤ ਪਰਿਵਾਰ ਰੱਖ ਕੇ ਬੱਚਿਆਂ ਦਾ ਪਾਲਣ-ਪੋਸ਼ਣ ਬਿਹਤਰ ਢੰਗ ਨਾਲ ਕੀਤਾ ਜਾ ਸਕਦਾ ਹੈ। ਬੱਚਿਆਂ ਨੂੰ ਚੰਗੀ ਸਿਹਤ ਅਤੇ ਚੰਗੀ ਸਿੱਖਿਆ ਦਿੱਤੀ ਜਾ ਸਕਦੀ ਹੈ। ਇਸ ਲਈ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਪਰਿਵਾਰ ਭਲਾਈ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 11 ਜੁਲਾਈ ਤੋਂ 24 ਜੁਲਾਈ ਤੱਕ “ਆਬਾਦੀ ਸਥਿਰਤਾ ਪੰਦਰਵਾੜਾ” ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਅੰਦਰ ਵੱਖ -ਵੱਖ ਸਿਹਤ ਸੰਸਥਾਵਾਂ ‘ਤੇ ਵਿਸ਼ੇਸ਼ ਕੈਂਪ ਲਗਾ ਕੇ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਵੱਲੋਂ ਸਾਰੇ ਯੋਗ ਜੋੜਿਆਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਇਸ ਆਬਾਦੀ ਸਥਿਰਤਾ ਪੰਦਰਵਾੜੇ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਲਗਾਤਾਰ ਵੱਧਦੀ ਆਬਾਦੀ ਇਕ ਚਿੰਤਾ ਦਾ ਵਿਸ਼ਾ ਹੈ। ਅਨਪੜ੍ਹਤਾ, ਬੇਰੁਜਗਾਰੀ, ਭੁੱਖਮਰੀ ਅਤੇ ਗਰੀਬੀ ਬੇਕਾਬੂ ਆਬਾਦੀ ਦਾ ਨਤੀਜਾ ਹਨ। ਵੱਧ ਰਹੀ ਆਬਾਦੀ ਦੀ ਇਸ ਵੱਡੀ ਸਮੱਸਿਆ ਨਾਲ ਨਜਿੱਠਣ ਲਈ ਪਰਿਵਾਰਿਕ ਯੋਜਨਾਬੰਦੀ ਵਰਗੇ ਹੱਲ ਹਨ ਪਰ ਲੋਕਾਂ ਨੂੰ ਜਾਗਰੂਕਤਾ ਦੀ ਘਾਟ ਕਾਰਨ ਇਸ ਸਮੱਸਆਿ ਤੋਂ ਛੁਟਕਾਰਾ ਨਹੀਂ ਮਿਲ ਰਿਹਾ। ਡਾ. ਮਨਦੀਪ ਕੌਰ ਨੇ ਕੰਟਰਾਸੈਪਟਿਵ ਇੰਜੈਕਟੇਬਲ (ਐਮ.ਪੀ.ਏ.) ਅੰਤਰਾ ਇੰਜੈਕਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਬੱਚਿਆਂ ਦੇ ਜਨਮ ਵਿੱਚ ਵਕਫਾ ਪਾਉਣ ਦਾ ਬਹੁਤ ਹੀ ਆਸਾਨ ਤਰੀਕਾ ਹੈ। ਇਸ ਟੀਕੇ ਦਾ ਤਿੰਨ ਮਹੀਨੇ ਤੱਕ ਅਸਰ ਰਹਿੰਦਾ ਹੈ ਅਤੇ ਉਸ ਤੋਂ ਬਾਅਦ ਤਿੰਨ-ਤਿੰਨ ਮਹੀਨੇ ਬਾਅਦ ਇਸ ਇੰਜੈਕਸ਼ਨ ਨੂੰ ਲਗਾਉਣਾ ਪੈਂਦਾ ਹੈ ਤਾਂ ਜੋ ਸਰੀਰ ਵਿੱਚ ਇਸ ਦਾ ਅਸਰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਆਬਾਦੀ ਸਥਿਰਤਾ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਪਰਿਵਾਰ ਨੂੰ ਸੀਮਤ ਰੱਖਣ ਦੇ ਮੱਦੇਨਜ਼ਰ ਨਲਬੰਦੀ ਅਤੇ ਨਸਬੰਦੀ ਆਪਰੇਸ਼ਨ ਕੀਤੇ ਜਾਣਗੇ ਅਤੇ ਲੋਕਾਂ ਨੂੰ ਪਰਿਵਾਰ ਸੀਮਤ ਰੱਖਣ ਲਈ ਅਸਥਾਈ ਸਾਧਨਾਂ ਦਾ ਵੀ ਲਾਭ ਦਿੱਤਾ ਜਾਵੇਗਾ। ਇਸ ਮੌਕੇ ਡਾ. ਅਨਾਮਿਕਾ, ਡਿਪਟੀ ਐਮ.ਈ.ਆਈ.ਓ. ਤਰਸੇਮ ਲਾਲ, ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ।