ਸ਼ਾਹਕੋਟ (ਜਲੰਧਰ), 15 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣਾ ਵਾਅਦਾ ਨਿਭਾਅ ਦਿੱਤਾ ਗਿਆ ਹੈ। ਉਹ ਅੱਜ ਇਥੇ ਸ਼ਾਹਕੋਟ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੀ ਵੰਡ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਵਲੋਂ ਜਲੰਧਰ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਨੂੰ 13 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਦੁੱਖ-ਸੁੱਖ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹ ਪੀੜਤ ਪਰਿਵਾਰਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

ਜ਼ਿਲ੍ਹੇ ਦੇ ਪਿੰਡ ਮੂਲੇਵਾਲ ਅਰਾਈਆਂ, ਸੀਚੇਵਾਲ, ਨਾਰੰਗਪੁਰ, ਸੋਹਲ ਖਾਲਸਾ, ਬਿੱਲੀ ਵੜੈਚ ਦੇ 47 ਹੜ੍ਹ ਪੀੜਤ ਕਿਸਾਨਾਂ ਨੂੰ ‘ਮਿਸ਼ਨ ਪੁਨਰਵਾਸ’ ਤਹਿਤ ਕਰੀਬ 10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਖੇਤੀ ਯੋਗ ਜ਼ਮੀਨ, ਫ਼ਸਲਾਂ, ਜਾਇਦਾਦਾਂ, ਪਸ਼ੂਆਂ ਆਦਿ ਦਾ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਤੁਰੰਤ ਜ਼ਮੀਨੀ ਪੱਧਰ ’ਤੇ ਕੰਮ ਸ਼ੁਰੂ ਕਰਦਿਆਂ ਗਿਰਦਾਵਰੀ ਕਰਵਾਈ ਅਤੇ ਹੁਣ ਪੀੜਤਾਂ ਨੂੰ ਮੁਆਵਜ਼ਾ ਮੁਹੱਈਆ ਕਰਵਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਪੂਰਾ ਕਰਦਿਆਂ ਸਿਰਫ਼ 30 ਦਿਨਾਂ ’ਚ ਹੜ੍ਹ ਪੀੜਤਾਂ ਨੂੰ ਸਭ ਤੋਂ ਵੱਡੀ ਮੁਆਵਜ਼ਾ ਰਾਸ਼ੀ ਦੀ ਵੰਡ ਕੀਤੀ ਗਈ ਹੈ।

ਕੈਬਿਨਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅਜਨਾਲਾ ਵਿਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ‘ਮਿਸ਼ਨ ਪੁਨਰਵਾਸ’ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਅੱਜ ਸੂਬੇ ਭਰ ਵਿੱਚ ਵੱਖ-ਵੱਖ ਕੈਬਨਿਟ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਰਾਹਤ ਫੰਡ ਦੀ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਲੋਕਾਂ ਨਾਲ ਇਸ ਔਖੀ ਘੜੀ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਹੜ੍ਹਾਂ ਵਰਗੀ ਸਥਿਤੀ ਨੂੰ ਰੋਕਣ ਲਈ ਕੀਤੇ ਗਏ ਅਣਥੱਕ ਯਤਨਾਂ ਦੀ ਸ਼ਲਾਘਾ ਵੀ ਕੀਤੀ।

ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਹੜ੍ਹ ਪੀੜਤ ਨੂੰ ਬਣਦਾ ਮੁਆਵਜ਼ਾ ਸਮੇਂ ਸਿਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਹਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਮੁਆਵਜ਼ਾ ਰਾਸ਼ੀ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁਆਵਜ਼ਾ ਰਾਸ਼ੀ ਲਈ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸੰਗਤ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਸਤਲੁਜ ਦੇ ਬੰਨ੍ਹ ਦੇ ਮਜ਼ਬੂਤੀਕਰਨ ਲਈ ਡਟ ਕੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਬੰਨ੍ਹ ਟੁੱਟਣ ਨਾਲ ਵੱਡਾ ਨੁਕਸਾਨ ਹੋ ਸਕਦਾ ਸੀ, ਪਰ ਸ਼ਾਹਕੋਟ ਦੀ ਸੰਗਤ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਜਜ਼ਬੇ ਨੇ ਵੱਡਾ ਨੁਕਸਾਨ ਹੋਣ ਤੋਂ ਬਚਾਅ ਲਿਆ। ਉਨ੍ਹਾਂ ਕਿਹਾ ਕਿ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਵਿੱਚ ਸ਼ਾਹਕੋਟ ਬਲਾਕ ਨੇ ਮੋਹਰੀ ਸਥਾਨ ਹਾਸਲ ਕੀਤਾ ਹੈ ਅਤੇ ਸ਼ਾਹਕੋਟ ਨੇ ਸਾਬਿਤ ਕਰ ਦਿੱਤਾ ਕਿ ਉਹ ਹਰ ਖੇਤਰ ਵਿੱਚ ਡੱਟ ਕੇ ਖੜ੍ਹ ਸਕਦਾ ਹੈ।

ਇਸ ਮੌਕੇ ਹੜ੍ਹ ਪੀੜਤ ਕਿਸਾਨਾਂ ਨੇ ਮੁੱਖ ਮੰਤਰੀ ਸ.ਭਗਵੰਤ ਮਾਨ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਸ ਰਾਹਤ ਰਾਸ਼ੀ ਨਾਲ ਉਨ੍ਹਾਂ ਨੂੰ ਵਿੱਤੀ ਸੰਕਟ ਵਿੱਚੋਂ ਨਿਕਲਣ ਵਿੱਚ ਮਦਦ ਮਿਲੇਗੀ। ਉਨ੍ਹਾਂ ਹੜ੍ਹਾਂ ਤੋਂ ਬਾਅਦ ਰਾਹਤ ਪ੍ਰਦਾਨ ਕਰਨ ਲਈ ਤੇਜ਼ੀ ਨਾਲ ਕਾਰਵਾਈ ਅਮਲ ਵਿੱਚ ਲਿਆਉਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਵੀ ਕੀਤੀ।

ਇਸ ਮੌਕੇ ਐਸ.ਡੀ.ਐਮ. ਸ਼ੁਭੀ ਆਂਗਰਾ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਭੋਗਲ, ‘ਆਪ’ ਆਗੂ ਪਿੰਦਰ ਪੰਡੋਰੀ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਬੀਰ ਸਿੰਘ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
——

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।