
ਜਲੰਧਰ, 24 ਜੁਲਾਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਸ਼ੇਖ ਅਤੇ ਪੀ.ਐਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਸਤੀ ਦਾਨਿਸ਼ਮੰਦਾ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ ਕੀਤੀ ਗਈ।
ਕੈਬਨਿਟ ਮੰਤਰੀ ਨੇ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਬਿਹਤਰ ਸਿੱਖਿਆ, ਲੋੜੀਂਦੀਆਂ ਸਹੂਲਤਾਂ ਅਤੇ ਰੌਸ਼ਨ ਭਵਿੱਖ ਲਈ ਸਮਾਨ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ, ਜਿਸ ਦੇ ਸਿੱਟੇ ਵਜੋਂ ਅੱਜ ਪੰਜਾਬ ਪੂਰੇ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸਥਾਨ ’ਤੇ ਪਹੁੰਚ ਗਿਆ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਆਧੁਨਿਕੀਕਰਨ ਕੀਤਾ ਗਿਆ। ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਪ੍ਰਯੋਗਸ਼ਾਲਾਵਾਂ, ਬਿਹਤਰ ਫਰਨੀਚਰ, ਸਾਫ਼-ਸੁਥਰਾ ਵਾਤਾਵਰਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ।
ਸ਼੍ਰੀ ਭਗਤ ਨੇ ਵਿਦਿਆਰਥੀਆਂ ਨੂੰ ਲਗਨ ਤੇ ਮਿਹਨਤ ਨਾਲ ਪੜ੍ਹਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਅਕ ਹੋ ਕੇ ਉਹ ਆਪਣੇ ਪਰਿਵਾਰ, ਸਮਾਜ, ਸੂਬੇ ਅਤੇ ਦੇਸ਼ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਿਰੰਤਰ ਮਿਹਨਤ ਅਤੇ ਟੀਚੇ ਨਿਰਧਾਰਿਤ ਕਰਕੇ ਉਨ੍ਹਾਂ ਦੀ ਪ੍ਰਾਪਤੀ ਲਈ ਪੂਰੀ ਇਮਾਨਦਾਰੀ ਨਾਲ ਯਤਨ ਕਰਨ ਲਈ ਕਿਹਾ।
ਇਸ ਮੌਕੇ ਕੈਬਨਿਟ ਮੰਤਰੀ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਸ਼ੇਖ ਵਿਖੇ ਕਿਚਨ ਸ਼ੈੱਡ, ਫਰਸ਼ ਅਤੇ ਹੋਰ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ 15 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਪ੍ਰਿੰ. ਰੇਖਾ ਰਾਣੀ, ਪ੍ਰਿੰ. ਦਿਨੇਸ਼ ਕੁਮਾਰ, ਐਜੂਕੇਸ਼ਨ ਇੰਚਾਰਜ ਜਲੰਧਰ ਪੱਛਮੀ ਸੰਜੀਵ ਭਗਤ, ‘ਆਪ’ ਆਗੂ ਸਿਮਰਨਜੀਤ ਸਿੰਘ ਬੰਟੀ, ਐਡਵੋਕੇਟ ਸੰਦੀਪ ਵਰਮਾ, ਕਮਲ ਲੋਚ, ਏਕਮਜੀਤ, ਅਨਮੋਲ ਅਤੇ ਸਕੂਲਾਂ ਦਾ ਸਟਾਫ਼ ਵੀ ਮੌਜੂਦ ਸੀ।