ਜਲੰਧਰ, 11 ਜੁਲਾਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸ਼ਨੀਵਾਰ ਨੂੰ ਸਥਾਨਕ ਈ.ਐਸ.ਆਈ. ਹਸਪਤਾਲ ਦਾ ਦੌਰਾ ਕਰਕੇ ਹਸਪਤਾਲ ਵਿੱਚ ਉਪਲਬਧ ਸਿਹਤ ਸੇਵਾਵਾਂ, ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਪ੍ਰਸ਼ਾਸਨ ਤੋਂ ਇਲਾਜ ਪ੍ਰਬੰਧ, ਆਧੁਨਿਕ ਮੈਡੀਕਲ ਉਪਕਰਣਾਂ, ਦਵਾਈਆਂ ਦੀ ਉਪਲਬਧਤਾ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।

ਨਿਰੀਖਣ ਦੌਰਾਨ ਕੈਬਨਿਟ ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਇਲਾਜ ਸਬੰਧੀ ਉਨ੍ਹਾਂ ਦੇ ਤਜਰਬਿਆਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਗੁਣਵੱਤਾ ਭਰਪੂਰ ਅਤੇ ਸੌਖੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸੇ ਮਕਸਦ ਨਾਲ ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ’ਤੇ ਨਿਰਭਰ ਨਾ ਰਹਿਣਾ ਪਵੇ।

ਸ਼੍ਰੀ ਭਗਤ ਨੇ ਕਿਹਾ ਕਿ ਈ.ਐਸ.ਆਈ. ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਆਰੀ ਤੇ ਬਿਹਤਰ ਸਿਹਤ ਸੇਵਾਵਾਂ ਮਿਲ ਰਹੀਆਂ ਹਨ, ਜੋ ਕਿ ਸਰਕਾਰ ਦੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਵਚਨਬੱਧਤਾ ਦਾ ਨਤੀਜਾ ਹੈ। ਉਨ੍ਹਾਂ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਹੋਰ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਰੀਜ਼ਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਸਮਰਪਣ ਦੀ ਭਾਵਨਾ ਨਾਲ ਸੇਵਾ ਕਰਨਾ ਹੀ ਸਿਹਤ ਸੇਵਾਵਾਂ ਦੀ ਸਭ ਤੋਂ ਵੱਡੀ ਪਛਾਣ ਹੈ।

ਉਨ੍ਹਾਂ ਹਸਪਤਾਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਇਲਾਜ, ਸਫ਼ਾਈ, ਦਵਾਈਆਂ ਦੀ ਉਪਲਬਧਤਾ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਅਤੇ ਆਮ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਹਸਪਤਾਲ ਪ੍ਰਸ਼ਾਸਨ ਨੇ ਕੈਬਨਿਟ ਮੰਤਰੀ ਨੂੰ ਹਸਪਤਾਲ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਸਿਹਤ ਸੇਵਾਵਾਂ, ਮਰੀਜ਼ਾਂ ਦੀ ਗਿਣਤੀ, ਉਪਲਬਧ ਮੈਡੀਕਲ ਸਹੂਲਤਾਂ ਅਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸਬੰਧਤ ਵਿਭਾਗ ਦੇ ਅਧਿਕਾਰੀ, ਹਸਪਤਾਲ ਦੇ ਸੀਨੀਅਰ ਡਾਕਟਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਭਰੋਸਾ ਪ੍ਰਗਟਾਇਆ ਕਿ ਈ.ਐਸ.ਆਈ. ਹਸਪਤਾਲ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਦਾ ਰਹੇਗਾ ਅਤੇ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰੇਗਾ।