
ਜਲੰਧਰ, 31 ਅਕਤੂਬਰ :
		ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਨੂੰ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
		ਕੈਬਨਿਟ ਮੰਤਰੀ ਵਲੋਂ ਭਾਰਗੋ ਕੈਂਪ ਵਿਖੇ ਵਿਜੈ ਜਵੈਲਰ ਦੀ ਦੁਕਾਨ ਦਾ ਦੌਰਾ ਕੀਤਾ ਗਿਆ, ਜਿਸ ਨੂੰ ਵੀਰਵਾਰ ਨੂੰ ਤਿੰਨ ਨਕਾਬਪੋਸ਼ਾਂ ਵਲੋਂ ਲੁੱਟਿਆ ਗਿਆ ਸੀ। ਇਸ ਮੌਕੇ ਪੀੜਤਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਉਹਨਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਜਲਦ ਹੀ ਨਿਆਂ ਦਵਾਇਆ ਜਾਵੇਗਾ।
		ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਵਲੋਂ ਮੁਲਜ਼ਮਾਂ ਨੂੰ ਫੜਨ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਦੋਸ਼ੀਆਂ ਦੀ ਪਹਿਚਾਣ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਜ਼ੁਰਮ ਵਿੱਚ ਸ਼ਾਮਿਲ ਮੁਲਜ਼ਮਾਂ ਨੂੰ ਸਖ਼ਤ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਲੁਟੇਰਿਆਂ ਵਲੋਂ ਗ੍ਰਿਫ਼ਤਾਰ ਕਰਨ ਉਪਰੰਤ ਗਹਿਣੇ ਬਰਾਮਦ ਕਰਕੇ ਪੀੜਤਾਂ ਨੂੰ ਵਾਪਿਸ ਕੀਤੇ ਜਾਣਗੇ।
			ਸਰਕਾਰ ਵਲੋਂ ਜਾਰੀ ਯਤਨਾਂ ’ਤੇ ਚਾਨਣਾ ਪਾਂਉਦਿਆਂ ਸ੍ਰੀ ਭਗਤ ਨੇ ਅਮਨ ਅਤੇ ਕਾਨੂੰਨ ਨੂੰ ਬਹਾਲ ਰੱਖਣ ਲਈ ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਅਤੇ ਅਪਰਾਧੀਆਂ ਖਿਲਾਫ਼ ਕੀਤੀ ਜਾ ਰਹੀ ਫੈਸਲਾਕੁੰਨ ਕਾਰਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ਼ ਮਿਸਾਲੀ ਕਦਮ ਚੁੱਕਦਿਆਂ ਇਕ ਹੋਰ ਮੀਲ ਦਾ ਪੱਥਰ ਸਥਾਪਿਤ ਕੀਤਾ ਗਿਆ ਹੈ।
		ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਨਾਗਰਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਿਸ਼ਨ ਲਈ ਦ੍ਰਿੜ ਹੈ। ਇਸ ਮੌਕੇ ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਰਾਜਨੀਤਿਕ ਲਾਹਾ ਲੈਣ ਲਈ ਅਜਿਹੇ ਸੰਵੇਦਨਸ਼ੀਲ ਮੁੱਦਿਆਂ ਉਤੇ ਰਾਜਨੀਤੀ ਕਰਨ ਤੋਂ ਵੀ ਵਰਜਿਆ।
——–