
ਜਲੰਧਰ, 28 ਅਪ੍ਰੈਲ : ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਜ਼ਿਲ੍ਹੇ ਦੇ 27 ਹੋਰ ਸਰਕਾਰੀ ਸਕੂਲਾਂ ਵਿੱਚ ਕਰੀਬ 3.01 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ 14 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 62.36 ਲੱਖ ਅਤੇ 13 ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚਲੇ 2.38 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ਾਮਲ ਹਨ।
ਇਸੇ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਸਤੀ ਦਾਨਿਸ਼ਮੰਦਾ ਵਿਖੇ 19.10 ਲੱਖ ਦੀ ਲਾਗਤ ਨਾਲ ਤਿਆਰ ਦੋ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।
ਇਸ ਮੌਕੇ ਕਰਵਾਏ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਨਵੀਂ ਪੀੜ੍ਹੀ ਦੇ ਸੁਨਹਿਰੀ ਭਵਿੱਖ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅਤਿ-ਆਧਨਿਕ ਸਹੂਲਤਾਂ ਨਾਲ ਲੈਸ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਬਿਹਤਰ ਮਾਹੌਲ ਪ੍ਰਦਾਨ ਕੀਤਾ ਜਾ ਸਕੇ।
ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਜੀ ਦੀ ਵਿਚਾਰਧਾਰਾ ’ਤੇ ਚੱਲਦੇ ਹੋਏ ਸਿੱਖਿਆ ਦੇ ਖੇਤਰ ਨੂੰ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਸਿੱਖਿਆ ਲਈ ਇਸ ਵਾਰ ਪਹਿਲਾਂ ਨਾਲੋਂ ਜ਼ਿਆਦਾ ਬਜਟ ਰੱਖਿਆ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਅਤੇ ਹੋਰਨਾਂ ਨੂੰ ਵੀ ਇਸ ਦੇ ਲਈ ਪ੍ਰੇਰਿਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਨਤੀਜੇ ਜਾਂ ਹੋਰ ਕਾਰਗੁਜ਼ਾਰੀ ਪੱਖੋਂ ਕਿਸੇ ਨਾਲੋਂ ਘੱਟ ਨਹੀਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਸਕੂਲ ਨੂੰ ਕਿਸੇ ਵੀ ਕਿਸਮ ਦੀ ਲੋੜ ਪੈਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਉਸਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ’ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਪੰਜਾਬ ਸਿੱਖਿਆ ਕ੍ਰਾਂਤੀ ਕੋਆਰਡੀਨੇਟਰ ਸੰਜੀਵ ਭਗਤ, ਚੇਅਰਮੈਨ ਸੁਭਾਸ਼ ਭਗਤ, ਸੰਦੀਪ ਵਰਮਾ, ਕਮਲ ਲੋਚ, ਜੇ.ਈ. ਬਲਵਿੰਦਰ, ਬਲਾਕ ਨੋਡਲ ਅਫ਼ਸਰ ਪਰਮਿੰਦਰ ਫਲੋਰਾ, ਪ੍ਰਿੰ. ਰੇਖਾ ਰਾਣੀ ਅਤੇ ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ।
ਇਸੇ ਤਰ੍ਹਾਂ ਵਿਧਾਇਕ ਬਲਕਾਰ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਸਰਕਾਰੀ ਹਾਈ ਸਕੂਲ ਬੁਲੰਦਪੁਰ, ਸਰਕਾਰੀ ਪ੍ਰਾਇਮਰੀ ਸਕੂਲ ਬੁਲੰਦਪੁਰ, ਸਰਕਾਰੀ ਪ੍ਰਾਇਮਰੀ ਸਕੂਲ ਕਬੂਲਪੁਰ, ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਓਵਾਲੀ ਵਿਖੇ 41.27 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸੇ ਤਰ੍ਹਾਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਵਿਧਾਨ ਸਭਾ ਹਲਕਾ ਨਕੋਦਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ (ਲੜਕੀਆਂ), ਸਰਕਾਰੀ ਪ੍ਰਾਇਮਰੀ ਸਕੂਲ ਡਾ. ਅੰਬੇਡਕਰ ਨਗਰ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਵਿਖੇ 84.24 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ।
ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ 8 ਸਰਕਾਰੀ ਸਕੂਲਾਂ ਵਿੱਚ 45.21 ਲੱਖ, ਫਿਲੌਰ ਦੇ 6 ਸਰਕਾਰੀ ਸਕੂਲਾਂ ਵਿੱਚ 40.66 ਲੱਖ, ਆਦਮਪੁਰ ਦੇ 3 ਸਰਕਾਰੀ ਸਕੂਲਾਂ ਵਿੱਚ 70.65 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।