
ਜਲੰਧਰ, 7 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੇ ਅੱਜ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 29.77 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ।
ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਰੈਣਕ ਬਾਜ਼ਾਰ ਵਿਖੇ 15.52 ਲੱਖ ਰੁਪਏ ਦੀ ਲਾਗਤ ਵਾਲੇ 2 ਨਵੇਂ ਕਲਾਸ ਰੂਮ, ਸਰਕਾਰੀ ਪ੍ਰਾਇਮਰੀ ਸਕੂਲ ਲਾਡੋਵਾਲੀ ਰੋਡ ਵਿਖੇ 3.57 ਲੱਖ ਰੁਪਏ ਨਾਲ ਕਲਾਸ ਰੂਮਜ਼ ਦੀ ਮੁਰੰਮਤ, ਸਰਕਾਰੀ ਪ੍ਰਾਇਮਰੀ ਸਕੂਲ ਕਾਕੀ ਪਿੰਡ ਵਿਖੇ 1.99 ਲੱਖ ਨਾਲ ਚਾਰਦਿਵਾਰੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ 8.69 ਲੱਖ ਦੀ ਲਾਗਤ ਨਾਲ ਟਾਇਲਟ ਬਲਾਕ ਤੇ ਹੋਰ ਵਿਕਾਸ ਕਾਰਜ ਸ਼ਾਮਲ ਹਨ।
ਆਪਣੇ ਸੰਬੋਧਨ ਵਿੱਚ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਆਧੁਨਿਕਤਾ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਇੱਕ ਸਿਰਫ਼ ਪ੍ਰੋਗਰਾਮ ਨਹੀਂ, ਸਗੋਂ ਨਵੀਂ ਪੀੜ੍ਹੀ ਲਈ ਸੁਨਹਿਰੀ ਭਵਿੱਖ ਦੀ ਨੀਂਹ ਰੱਖਣ ਵਾਲੀ ਪਹਿਲਕਦਮੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੀਣ ਯੋਗ ਪਾਣੀ, ਹਾਈ-ਸਪੀਡ ਵਾਈਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖ-ਵੱਖ ਪਖਾਨੇ, ਡੈਸਕ ਤੇ ਕੁਰਸੀਆਂ, ਚਾਰਦਿਵਾਰੀ ਅਤੇ ਸੁਰੱਖਿਆ ਦੀਆਂ ਹੋਰ ਸਹੂਲਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਮੂਨੇ ਦਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਸ਼੍ਰੀ ਅਰੋੜਾ ਨੇ ਇਸ ਮੌਕੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਪੜ੍ਹਾਉਣ ਦੀ ਅਪੀਲ ਵੀ ਕੀਤੀ।