ਜਲੰਧਰ (11-07-2025) ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਰਹਿਨੁਮਾਈ ਹੇਠ ਸਿਹਤ ਵਿਭਾਗ ਵੱਲੋਂ ਸੂਬੇ ਵਿੱਚ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਲਗਾਤਾਰ ਜਾਰੀ ਹੈ। ਇਸਦੇ ਮੱਦੇਨਜਰ ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਨੇ ਫੀਲਡ ਵਿੱਚ ਉਤਰ ਕੇ ਪੰਜਾਬ ਰੋਡਵੇਜ ਵਰਕਸ਼ਾਪ (ਨੰ. – 1 ਅਤੇ 2) ਜਲੰਧਰ ਵਿਖੇ ਮੁਹਿੰਮ ਦੀ ਅਗਵਾਈ ਕੀਤੀ। ਉਨ੍ਹਾਂ ਨਾਲ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ, ਜਿਲ੍ਹਾ ਐਪੀਡਮੋਲੋਜਿਸਟ ਡਾ. ਸ਼ੋਭਨਾ ਬਾਂਸਲ, ਪੰਜਾਬ ਰੋਡਵੇਜ ਵਰਕਸ਼ਾਪ-2 ਦੇ ਸੁਪਰਡੈਂਟ ਰਾਜਪਾਲ, ਇੰਚਾਰਜ ਪੰਜਾਬ ਰੋਡਵੇਜ ਵਰਕਸ਼ਾਪ ਸਰਬਦੀਪ ਸਿੰਘ, ਡਿਪਟੀ ਐਮਈਆਈਓ ਅਸੀਮ ਸ਼ਰਮਾ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ, ਅਮਨ ਧਵਨ ਸੈਨੇਟਰੀ ਇੰਸਪੈਕਟਰ ਮਿਊਂਸੀਪਲ ਕਾਰਪੋਰੇਸ਼ਨ, ਨਰਸਿੰਗ ਵਿਦਿਆਰਥਣਾਂ ਅਤੇ ਐਂਟੀ ਲਾਰਵਾ ਟੀਮਾਂ ਵੱਲੋਂ ਪੰਜਾਬ ਰੋਡਵੇਜ ਵਰਕਸ਼ਾਪ ਜਲੰਧਰ ਵਿਖੇ ਡੇਂਗੂ ਸਰਵੇ ਕੀਤਾ ਗਿਆ ਅਤੇ ਪੰਜਾਬ ਰੋਡਵੇਜ ਦੀ ਵਰਕਸ਼ਾਪ ਦੇ ਸਟਾਫ਼ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸੰਭਾਵਿਤ ਥਾਵਾਂ ‘ਤੇ ਡੇਂਗੂ ਲਾਰਵੇ ਦੀ ਸ਼ਨਾਖਤ ਕੀਤੀ ਗਈ, ਲਾਰਵਾ ਮਿਲਣ ‘ਤੇ ਉਸਨੂੰ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ ਅਤੇ ਫੋਗਿੰਗ ਵੀ ਕਰਵਾਈ ਗਈ।
ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ “ਹਰ ਸ਼ੁੱਕਰਵਾਰ – ਡੇਂਗੂ ਤੇ ਵਾਰ” ਮੁਹਿੰਮ ਦਾ ਮੰਤਵ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਮੱਛਰ ਦਾ ਲਾਰਵਾ ਸਾਫ਼ ਪਾਣੀ ਵਿੱਚ ਪਣਪਦਾ ਹੈ, ਇਸ ਲਈ ਆਪਣੇ ਘਰਾਂ-ਦਫ਼ਤਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਰੱਖੀ ਜਾਵੇ ਅਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੂਲਰਾਂ ਵਿੱਚਲਾ ਪਾਣੀ ਹਫਤੇ ਵਿੱਚ ਇਕ ਵਾਰ ਜਰੂਰ ਬਦਲਿਆ ਜਾਵੇ, ਗਮਲਿਆਂ, ਟੁੱਟੇ-ਭੱਜੇ ਬਰਤਨਾਂ, ਘਰਾਂ-ਦਫਤਰਾਂ ਦੀਆਂ ਛੱਤਾਂ ‘ਤੇ ਰੱਖੇ ਟਾਈਰਾਂ ਆਦਿ ਥਾਵਾਂ ਉੱਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਬਰਤਨਾਂ ਵਿਚਲਾ ਪਾਣੀ ਵੀ ਜਰੂਰ ਬਦਲਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ।
ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਦੀਆਂ 62 ਟੀਮਾਂ, ਜਿਨ੍ਹਾਂ ਵਿੱਚ 151 ਆਸ਼ਾ ਵਰਕਰ ਅਤੇ 235 ਨਰਸਿੰਗ ਵਿਦਿਆਰਥਣਾਂ ਵੀ ਸ਼ਾਮਲ ਸਨ, ਵੱਲੋਂ ਸ਼ੁਕਰਵਾਰ ਨੂੰ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ 3652 ਥਾਵਾਂ, 103 ਦਫ਼ਤਰਾਂ ਅਤੇ 7316 ਕੰਟੇਨਰਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ 43 ਥਾਵਾਂ ‘ਤੇ ਡੇਂਗੂ ਲਾਰਵਾ ਮਿਲਿਆ, ਜਿਸਨੂੰ ਨਿਰਧਾਰਤ ਤਰੀਕੇ ਨਾਲ ਟੀਮਾਂ ਵੱਲੋਂ ਨਸ਼ਟ ਕੀਤਾ ਗਿਆ। ਇਸ ਦੌਰਾਨ ਟੀਮਾਂ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਵੀ ਕੀਤਾ ਗਿਆ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।