ਜਲੰਧਰ (24 ਅਪ੍ਰੈਲ 2026): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਸ਼ੁਕਰਵਾਰ ਤੋਂ ‘ਵਿਸ਼ਵ ਟੀਕਾਕਰਨ ਹਫ਼ਤਾ’ (24 ਅਪ੍ਰੈਲ ਤੋਂ 30 ਅਪ੍ਰੈਲ ) ਦੀ ਸ਼ੁਰੂਆਤ ਕੀਤੀ ਗਈ ਹੈ। ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਰਹਿਨੁਮਾਈ ਹੇਠ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਫੀਲਡ ਸਟਾਫ਼ ਨਾਲ ਵਰਚੁਅਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਫੀਲਡ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਇਸ ਹਫ਼ਤੇ ਦੌਰਾਨ ਟੀਕਾਕਰਨ ਤੋਂ ਵਾਂਝੇ ਰਹਿ ਗਏ (Left-out) ਅਤੇ ਡਰਾਪ-ਆਊਟ ਲਾਭਪਾਤਰੀਆਂ ਦੀ 100 ਫੀਸਦੀ ਕਵਰੇਜ ਨੂੰ ਯਕੀਨੀ ਬਣਾਇਆ ਜਾਵੇ।

ਸਿਵਲ ਸਰਜਨ ਡਾ ਰਾਜੇਸ਼ ਗਰਗ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਅਤੇ ਪ੍ਰਵਾਸੀ ਆਬਾਦੀ (Migratory areas) ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਝੁੱਗੀਆਂ-ਝੌਂਪੜੀਆਂ, ਭੱਠਿਆਂ ਅਤੇ ਗੁੱਜਰਾਂ ਦੇ ਡੇਰਿਆਂ ਵਰਗੇ ਹਾਈ-ਰਿਸਕ ਖੇਤਰਾਂ ਵਿੱਚ ਰਹਿ ਰਹੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਵਿਸ਼ੇਸ਼ ਭਾਲ ਕਰਕੇ ਮੌਕੇ ‘ਤੇ ਹੀ ਉਨ੍ਹਾਂ ਦਾ ਟੀਕਾਕਰਨ ਕੀਤਾ ਜਾਵੇਗਾ।

ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕਿਹਾ ਕਿ ਟੀਕਾਕਰਨ ਬਿਮਾਰੀਆਂ ਵਿਰੁੱਧ ਬੱਚਿਆਂ ਦਾ ਸੁਰੱਖਿਆ ਕਵਚ ਹੁੰਦਾ ਹੈ। ਉਨ੍ਹਾਂ ਨੇ ਸਮੂਹ ਜਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਦੇ ਸਿਹਤਮੰਦ ਭਵਿੱਖ ਲਈ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ ਤੁਹਾਡੇ ਬੱਚੇ ਦਾ ਕੋਈ ਵੀ ਟੀਕਾ ਰਹਿ ਗਿਆ ਹੈ, ਤਾਂ ਇਸ ਵਿਸ਼ੇਸ਼ ਹਫ਼ਤੇ ਦੌਰਾਨ ਲਗਾਏ ਜਾ ਰਹੇ ਕੈਂਪਾਂ ਦਾ ਲਾਭ ਉਠਾਉਂਦੇ ਹੋਏ ਤੁਰੰਤ ਟੀਕਾਕਰਨ ਮੁਕੰਮਲ ਕਰਵਾਓ ਤਾਂ ਜੋ ਬੱਚਿਆਂ ਨੂੰ ਖ਼ਤਰਨਾਕ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ

ਜਿਲਾ ਟੀਕਾਕਰਨ ਅਫਸਰ ਡਾ. ਰਾਕੇਸ਼ ਚੋਪੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗਰਭਵਤੀ ਔਰਤਾਂ ਅਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਲਈ ਮੁਕੰਮਲ ਟੀਕਾਕਰਨ ਬੇਹੱਦ ਜ਼ਰੂਰੀ ਹੈ। ਇਹ ਟੀਕੇ ਬੱਚਿਆਂ ਨੂੰ ਕਈ ਨਾਮੁਰਾਦ ਤੇ ਮਾਰੂ ਬਿਮਾਰੀਆਂ ਤੋਂ ਬਚਾਉਂਦੇ ਹਨ ਅਤੇ ਉਨ੍ਹਾਂ ਦੇ ਸਰੀਰ ਵਿੱਚ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਂਦੇ ਹਨ। ਉਨ੍ਹਾਂ ਨੇ ਸਿਹਤ ਵਿਭਾਗ ਦੇ ਫੀਲਡ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਤਿਆਰ ਕੀਤੇ ਗਏ ਐਕਸ਼ਨ ਪਲਾਨ ਮੁਤਾਬਕ ਹਰ ਵਾਂਝੇ ਰਹਿ ਗਏ ਲਾਭਪਾਤਰੀ ਤੱਕ ਪਹੁੰਚ ਕਰਨ ਨੂੰ ਤਰਜੀਹ ਦੇਣ।