ਜਲੰਧਰ (11.06.2024): ਸਿਵਲ ਸਰਜਨ ਡਾ. ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਅਰਬਨ ਕਮਿਊਨਿਟੀ ਹੈਲਥ ਸੈਂਟਰ ਖੁਰਲਾ ਕਿੰਗਰਾ ਵਿਖੇ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸਦੀ ਅਗਵਾਈ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੋਰ ਵੱਲੋਂ ਕੀਤੀ ਗਈ। ਇਸ ਮੋਕੇ ਐਸ.ਐਮ.ਓ. ਡਾ. ਅਸ਼ੋਕ ਕੁਮਾਰ, ਮੈਡੀਕਲ ਅਫ਼ਸਰ ਡਾ. ਸ਼ਿਵਾਲੀ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ ਵੱਲੋਂ ਵੀ ਵਿਚਾਰ ਸਾਂਝੇ ਕੀਤੇ ਗਏ।
ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੋਰ ਵੱਲੋਂ ਸੈਮੀਨਾਰ ਦੋਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣਾ ਅੱਜ ਸਮੇਂ ਦੀ ਮੁੱਖ ਲੋੜ ਬਣਦੀ ਜਾ ਰਹੀ ਹੈ। ਸਿਹਤ ਵਿਭਾਗ ਲੜਕੀ ਨੂੰ ਕੁੱਖ ਵਿਚ ਹੀ ਮਾਰ ਦੇਣ ਦੇ ਘਿਨੋਣੇ ਕੰਮ ਦੀ ਨਿੰਦਾ ਕਰਦਾ ਹੈ ਤੇ ਪੀ.ਸੀ. –ਪੀ.ਐਨ.ਡੀ.ਟੀ. ਐਕਟ ਦੀ ਪਾਲਣਾ ਕਰਨਾ ਯਕੀਨੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਦਾ ਮੁੱਖ ਮਕਸਦ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣਾ ਹੈ ਅਤੇ ਔਰਤਾਂ ਨੂੰ ਆਤਮ-ਨਿਰਭਰ ਤੇ ਸ਼ਕਤੀਸ਼ਾਲੀ ਬਨਾਉਣ ਅਤੇ ਸਮਾਜ ਵਿਚ ਅੱਗੇ ਵੱਧਣ ਦੇ ਮੌਕੇ ਦੇਣ ਦੀ ਇੱਕ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਮੁਹਿੰਮ ਨੂੰ ਸਫਲ ਬਣਾਉਣ ‘ਚ ਆਪਣਾ ਅਹਿਮ ਯੋਗਦਾਨ ਦੇਣਾ ਚਾਹੀਦਾ ਹੈ।
ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ੋਕ ਕੁਮਾਰ ਨੇ ਕਿਹਾ ਕਿ ਆਧੁਨਿਕ ਸਮਾਜ ਵਿੱਚ ਲੜਕੇ ਅਤੇ ਲੜਕੀ ਵਿੱਚ ਕੋਈ ਫਰਕ ਨਹੀਂ ਹੈ, ਅੱਜ ਲੋੜ ਹੈ ਆਪਣੀ ਸੋਚ ਨੂੰ ਅਗਾਂਹਵਧੂ ਅਤੇ ਸਾਰਥਕ ਬਣਾ ਕੇ ਔਰਤ ਨੂੰ ਪੂਰਾ ਸਤਿਕਾਰ ਅਤੇ ਸਨਮਾਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਖਿਅਤ ਤੇ ਖੁਸ਼ਹਾਲ ਬੇਟੀ ਸਾਡੇ ਦੇਸ਼ ਤੇ ਸਮਾਜ ਦਾ ਭਵਿੱਖ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖੁਦ ਜਾਗਰੂਕ ਹੁੰਦਿਆਂ ਹੋਰਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋਂ ਸਮਾਜਿਕ ਬੁਰਾਈ ਦਾ ਖਾਤਮਾ ਹੋ ਸਕੇ। ਇਸ ਮੌਕੇ ਡੈਂਟਲ ਮੈਡੀਕਲ ਅਫ਼ਸਰ ਡਾ. ਗੋਰਵ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ, ਸਟਾਫ ਨਰਸ ਰਜਵੰਤ ਕੌਰ ਅਤੇ ਏ.ਐਨ.ਐਮ. ਵੰਦਨਾ ਮੌਜੂਦ ਸਨ।
ਫੋਟੋ ਕੈਪਸ਼ਨ – ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਬੇਟੀ ਬਚਾਓ ਜਾਗਰੂਕਤਾ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ।