10 ਜੂਨ() ਲੋਕ ਸਭਾ ਚੋਣਾਂ ਮੌਕੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਕੋਠੀਆਂ ਦੇ ਘਿਰਾਓ ਕਰਨ ਦੀ ਮੁਹਿੰਮ ਉਪਰੰਤ ਲੋਕ ਸਭਾ ਚੋਣਾਂ ਦਾ ਚੋਣ ਜ਼ਾਬਤਾ ਖਤਮ ਹੁੰਦੇ ਸਾਰ ਹੀ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਮੁੜ 12 ਜੂਨ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਗੰਭੀਰਪੁਰ ਕੋਠੀ ਦੇ ਘਿਰਾਓ ਦਾ ਐਲਾਨ ਕਰ ਦਿੱਤਾ ਹੈ।
ਪੰਜ ਬੇਰੁਜ਼ਗਾਰ ਜਥੇਬੰਦੀਆਂ ਉੱਤੇ ਆਧਾਰਤ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ,ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ,ਹਰਜਿੰਦਰ ਸਿੰਘ ਝੁਨੀਰ ਅਤੇ ਹਰਜਿੰਦਰ ਬੁਢਲਾਡਾ ਨੇ ਦੱਸਿਆ ਕਿ ਚੋਣਾਂ ਮੌਕੇ ਪੰਜਾਬ ਦੇ ਵੱਖ ਵੱਖ ਪਿੰਡਾਂ/ਸ਼ਹਿਰਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਬੇਰੁਜ਼ਗਾਰਾਂ ਦੀਆਂ ਮੰਗਾਂ ਤੋ ਜਾਣੂ ਕਰਵਾਉਂਦੇ ਮੰਗ ਪੱਤਰ ਦਿੱਤੇ ਗਏ ਹਨ। ਇਸ ਦੌਰਾਨ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ,ਪਟਿਆਲਾ ਤੋਂ ਉਮੀਦਵਾਰ ਡਾਕਟਰ ਬਲਵੀਰ ਸਿੰਘ, ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਭਰਨ, ਮਾਸਟਰ ਕੇਡਰ ਉੱਤੇ ਥੋਪੀ 55 ਪ੍ਰਤੀਸ਼ਤ ਦੀ ਬੇਤੁਕੀ ਸ਼ਰਤ ਰੱਦ ਕਰਨ, ਉਮਰ ਹੱਦ ਛੋਟ ਦੇਣ, ਆਰਟ ਐਂਡ ਕਰਾਫਟ ਦੀਆਂ 250 ਅਸਾਮੀਆਂ ਦਾ ਲਿਖਤੀ ਪੇਪਰ ਤੁਰੰਤ ਲੈਣ, ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਭਰਨ, ਲੈਕਚਰਾਰ ਭਰਤੀ ਲਈ ਸਬਜੈੱਕਟ ਕੰਬੀਨੇਸ਼ਨ ਨੂੰ ਦਰੁਸ਼ਤ ਕਰਕੇ ਬਾਕੀ ਸਾਰੇ ਵਿਸ਼ਿਆਂ ਦੀਆਂ ਅਸਾਮੀਆਂ ਭਰਨ ਅਤੇ ਓਵਰਏਜ਼ ਹੋ ਚੁੱਕੇ ਉਮੀਦਵਾਰਾਂ ਨੂੰ ਮੌਕਾ ਦੇਣ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ ਸਨ ਤਾਂ ਸਬੰਧਤ ਉਮੀਦਵਾਰਾਂ ਨੇ ਚੋਣ ਜ਼ਾਬਤਾ ਖਤਮ ਹੁੰਦੇ ਸਾਰ ਹੀ ਬੇਰੁਜ਼ਗਾਰਾਂ ਦੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ ਸੀ ਜਿਹੜਾ ਕਿ ਲਾਰਾ ਬਣ ਚੁੱਕਾ ਹੈ।
ਸੂਬਾ ਆਗੂ ਅਮਨਦੀਪ ਸੇਖਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਬਿਸਤਰਾ ਗੋਲ ਕਰਨ ਵਿੱਚ ਬੇਰੁਜ਼ਗਾਰਾਂ ਦਾ ਬਹੁਤ ਵੱਡਾ ਯੋਗਦਾਨ ਹੈ ਕਿਉਕਿ ਸੂਬਾ ਸਰਕਾਰ ਨੇ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਨਹੀਂ ਦਿੱਤਾ। ਉਹਨਾਂ ਅੱਗੇ ਦੱਸਿਆ ਕਿ ਜੇਕਰ ਘੂਕ ਸੁੱਤੀ ਸਰਕਾਰ ਨੇ ਅਜੇ ਵੀ ਕਰਵਟ ਨਾ ਲਈ ਤਾਂ ਆਉਂਦੀਆਂ ਜ਼ਿਮਨੀ ਚੋਣਾਂ,ਪੰਚਾਇਤੀ/ਬਲਾਕ ਸੰਮਤੀ,ਜ਼ਿਲ੍ਹਾ ਪ੍ਰੀਸ਼ਦ ਅਤੇ ਹੋਰ ਚੋਣਾਂ ਵਿੱਚ ਬੇਰੁਜ਼ਗਾਰ ਸਿੱਧਾ ਵਿਰੋਧ ਕਰਨਗੇ। ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਬੇਰੁਜ਼ਗਾਰਾਂ ਦੇ ਮਸਲੇ ਤੁਰੰਤ ਹੱਲ ਕੀਤੇ ਜਾਣ।
ਸੂਬਾ ਆਗੂ ਜਗਸੀਰ ਝਲੂਰ ਨੇ ਦੱਸਿਆ ਕਿ ਬੇਰੁਜ਼ਗਾਰ 12 ਜੂਨ ਨੂੰ ਸਵੇਰੇ 11 ਵਜੇ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਫਲੇ ਦੇ ਰੂਪ ਵਿੱਚ ਸਿੱਖਿਆ ਮੰਤਰੀ ਦੀ ਪਿੰਡ ਗੰਭੀਰਪੁਰ ਕੋਠੀ ਵੱਲ ਨੂੰ ਰੋਸ ਮਾਰਚ ਕਰਨਗੇ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।