ਜਲੰਧਰ (01 ਜਨਵਰੀ 2025) – ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਨੇ ਅੱਜ ਨਵੇਂ ਸਾਲ ਦੇ ਸ਼ੁਭ ਮੌਕੇ ਜਲੰਧਰ ਵਾਸੀਆਂ ਤੇ ਸਮੂਹ ਸਟਾਫ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਵੱਧ ਰਹੀ ਸਰਦੀ ਅਤੇ ਸ਼ੀਤ ਲਹਿਰ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਕਿਹਾ ਕਿ ਸਰਦੀ ਵੱਧਣ ਅਤੇ ਠੰਡੀਆਂ ਹਵਾਵਾਂ ਚੱਲਣ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਵੱਧ ਜਾਂਦੀਆਂ ਹਨ ਅਤੇ ਅਜਿਹੇ ਵਿੱਚ ਸਾਨੂੰ ਜਾਗਰੂਕ ਰਹਿੰਦੇ ਹੋਏ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨਾਂ ਕਿਹਾ ਕਿ ਸ਼ੀਤ ਲਹਿਰ ਦੇ ਸਮੇਂ ਸਰੀਰ ਦਾ ਤਾਪਮਾਨ ਘੱਟ ਹੋਣ, ਕੰਬਣੀ ਲੱਗਣ, ਜੁਬਾਨ ਦਾ ਲੜਖੜਾਨਾ ਆਦਿ ਦੇ ਲੱਛਣ ਦਿਸਣ ਅਤੇ ਫਲੂ, ਸਰਦੀ, ਖੰਘ ਅਤੇ ਜੁਕਾਮ ਆਦਿ ਹੋ ਜਾਣ ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰੀ ਸਹਾਇਤਾ ਲਈ ਜਾਵੇ। ਕਰੋਨਿਕ ਬਿਮਾਰੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈੱਸ਼ਰ ਅਤੇ ਸਾਹ ਦੀ ਤਕਲੀਫ ਦੇ ਮਰੀਜ, ਛੋਟੀ ਉਮਰ ਦੇ ਬੱਚੇ, ਗਰਭਵਤੀ ਔਰਤਾਂ ਅਤੇ ਬਜੁਰਗ ਵਿਅਕਤੀ ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ, ਉਨ੍ਹਾਂ ਦਾ ਖਾਸ ਖਿਆਲ ਰੱਖਿਆ ਜਾਵੇ।
ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਸਰਦੀ ਵਿੱਚ ਬਜੁਰਗਾਂ ਅਤੇ ਬੱਚਿਆ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਵੇ ਛੋਟੇ ਬੱਚਿਆਂ ਨੂੰ ਸਰਦ ਮੌਸਮ ਵਿੱਚ ਨਿਮੋਨੀਆ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ੀਤ ਲਹਿਰ ਤੋਂ ਬਚਣ ਲਈ ਗਰਮ ਕੱਪੜੇ ਲਾਜ਼ਮੀ ਪਾਏ ਜਾਣ, ਸਰਦੀ ਵਿੱਚ ਦਸਤਾਨੇ, ਟੋਪੀ, ਮਫਲਰ ਅਤੇ ਜੁਰਾਬਾਂ- ਬੂਟ ਸਹਾਈ ਹੁੰਦੇ ਹਨ। ਉਹਨਾਂ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ‘ਚ ਅੰਗੀਠੀ ਬਾਲ ਕੇ ਸੇਕਣਾ ਅਤੇ ਸੌਣਾ ਨੁਕਸਾਨਦਾਇਕ ਹੋ ਸਕਦਾ ਹੈ ਕਿਉਂਕਿ ਇਸ ਤਰ੍ਹਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਹਾਨਿਕਾਰਕ ਸਾਬਤ ਹੋ ਸਕਦੀ ਹੈ। ਰੂਮ ਹੀਟਰ ਦੀ ਵਰਤੋਂ ਕਰਦੇ ਸਮੇਂ ਹਵਾ ਦੀ ਆਵਾਜਾਈ ਦਾ ਖਿਆਲ ਰੱਖਣ ‘ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।
ਸਿਵਲ ਸਰਜਨ ਨੇ ਕਿਹਾ ਕਿ ਸਰਦੀਆਂ ਦੇ ਦਿਨਾਂ ਵਿੱਚ ਬਜੁਰਗ ਅਤੇ ਦਮਾ ਤੇ ਸਾਹ ਦੀ ਬਿਮਾਰੀ, ਦਿਲ ਦੇ ਰੋਗਾਂ ਦੇ ਮਰੀਜ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ‘ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ। ਉਨ੍ਹਾਂ ਕਿਹਾ ਕਿ ਸਰੀਰ ‘ਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਨੂੰ ਵਧਾਉਣ ਲਈ ਪੋਸ਼ਟਿਕ ਆਹਾਰ ਜਿਵੇਂ ਵਿਟਾਮਿਨ-ਸੀ ਨਾਲ ਭਰਪੂਰ ਫਲ ਅਤੇ ਹਰੀ ਸਬਜੀਆਂ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦੀ ਮਾਤਰਾ ਵਿੱਚ ਗਰਮ ਗੁਨਗੁਨਾ ਪਾਣੀ ਪੀਣਾ ਚਾਹੀਦਾ ਹੈ।