ਚੰਡੀਗੜ () ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜੰਗੀਰ ਕੌਰ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸ: ਸੁਰਜੀਤ ਸਿੰਘ ਰੱਖੜਾ ਅਤੇ ਸ: ਸੁੱਚਾ ਸਿੰਘ ਛੋਟੇਪੁੱਰ ਨੇ ਸਾਂਝੇ ਤੌਰ ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਸਿੱਖ ਕੌਮ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ ਤੇ ਇਸ ਦੇ ਨਾਲ ਹੀ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦੇ ਹੋਏ ਜੱਥੇਦਾਰ ਸਾਹਿਬ ਆਪਣੇ ਅਸਤੀਫੇ ਦੇ ਮੁੜ ਗੌਰ ਫ਼ੁਰਮਾਉਣਗੇ ਇਸ ਦੀ ਸਿੱਖ ਕੌਮ ਉਮੀਦ ਕਰਦੀ ਹੈ। ਇਸ ਦੇ ਨਾਲ ਆਗੂਆਂ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕਿਸੇ ਵੀ ਹਾਲਤ ਵਿੱਚ ਸਵੀਕਾਰ ਕਰਨਾ ਸਿੱਖ ਕੌਮ ਨਾਲ ਬੇਇਨਸਾਫ਼ੀ ਹੋਵੇਗੀ।
ਸਖ਼ਤ ਸਬਦਾਂ ਦੀ ਵਰਤੋਂ ਕਰਦਿਆਂ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪਿਛਲੇ ਹਫਤੇ ਤੋਂ ਲਗਾਤਾਰ ਕਹਿ ਰਿਹਾ ਸੀ ਕਿ ਕੌਮ ਨੂੰ ਅੱਗ ਵੱਲ ਧਕਿਆ ਜਾ ਰਿਹਾ ਹੈ। ਜਿਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਤਨਖਾਹੀਆ ਪ੍ਰਧਾਨ ਗਿਣੀ ਮਿਥੀ ਸ਼ਾਜਿਸ ਨੂੰ ਅੱਗੇ ਵਧਾ ਰਿਹਾ ਹੈ। ਕੌਮ ਦੇ ਖਿਲਾਫ ਰਚੀ ਗਈ ਸਾਜਿਸ਼ ਪਿੱਛੇ ਸਿਰਫ ਸੁਖਬੀਰ ਸਿੰਘ ਬਾਦਲ ਹੀ ਨਹੀਂ ਸਗੋਂ ਵਿਰਸਾ ਸਿੰਘ ਵਲਟੋਹਾ ਸਮੇਤ ਤਮਾਮ ਓਹ ਲੀਡਰ ਸ਼ਾਮਿਲ ਨੇ ਜਿਹੜੇ ਇਸ ਸਾਜਿਸ਼ ਦਾ ਵਿਰੋਧ ਕਰਨ ਦੀ ਬਜਾਏ ਓਹਨਾ ਦੀ ਪਿੱਠ ਥਾਪੜ ਰਹੇ ਹਨ।
ਇਸ ਤੋਂ ਇਲਾਵਾ ਜਥੇ: ਵਡਾਲਾ ਨੇ ਕਿਹਾ ਸਿੰਘ ਸਾਹਿਬਾਨਾਂ ਨੇ ਬੀਤੇ ਦਿਨ ਵਿਰਸਾ ਸਿੰਘ ਵਲਟੋਹਾ ਵਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦਾ ਜਿਕਰ ਕੀਤਾ ਸੀ ਜਿਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਬੁਖਲਾ ਚੁੱਕਾ ਸੀ ਤੇ ਸ਼ਾਮ ਨੂੰ ਫਿਰ ਕਿਰਦਾਰਕੁਸ਼ੀ ਕਰਨੀ ਸ਼ੁਰੂ ਕਰ ਦਿੱਤੀ ਤੇ ਹੁਣ ਸਿੰਘ ਸਾਹਿਬਾਨ ਦੀਆਂ ਬੇਟੀਆਂ ਤੱਕ ਦੀਆਂ ਧਮਕੀਆਂ ਸਾਬਿਤ ਕਰਦੀਆਂ ਹਨ ਕਿ ਸੁਖਬੀਰ ਸਿੰਘ ਬਾਦਲ ਇਸ ਖੇਡ ਦਾ ਰਚਣਹਾਰਾ ਹੈ ਜਿਸ ਦੇ ਇਸ਼ਾਰੇ ਤੇ ਸ਼੍ਰੋਮਣੀ ਅਕਾਲੀ ਦਲ ਦਾ ਆਈਟੀ ਵਿੰਗ ਸੋਸ਼ਲ ਮੀਡੀਆ ਤੇ ਗੁੰਡਾ ਰੋਲ ਅਦਾ ਕਰ ਰਿਹਾ ਸੀ।
ਸਿੱਖ ਕੌਮ ਨੂੰ ਸਿੰਘ ਸਾਹਿਬਾਨ ਦੀ ਹਿਫਾਜਤ ਲਈ ਅੱਗੇ ਆਉਣ ਦੀ ਅਪੀਲ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਅਬਦਾਲੀ ਦਾ ਰੂਪ ਲੈਕੇ ਚੁੱਕੇ ਸੁਖਬੀਰ ਸਿੰਘ ਬਾਦਲ ਅਤੇ ਬਾਬਰ ਦੀ ਆਤਮਾ ਵਾਲੇ ਵਿਰਸਾ ਸਿੰਘ ਵਲਟੋਹਾ ਖਿਲਾਫ ਇੱਕਠੇ ਹੋਕੇ ਜਵਾਬ ਦੇਈਏ। ਆਗੂਆਂ ਨੇ ਕਿਹਾ ਕਿ ਜੇਕਰ ਸਿੰਘ ਸਾਹਿਬਾਨ ਜਾਂ ਓਹਨਾ ਦੇ ਕਿਸੇ ਪਰਿਵਾਰਿਕ ਮੈਂਬਰ ਦਾ ਕਿਸੇ ਤਰੀਕੇ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਕੌਮ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ।