ਜਲੰਧਰ (09.05.2025): ਭਾਰਤ ਅਤੇ ਪਾਕਿਸਤਾਨ ਦੇ ਵਿੱਚ ਤਣਾਅ ਨੂੰ ਦੇਖਦੇ ਹੋਏ ਅਤੇ ਦੇਸ਼ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਜਿਲ੍ਹੇ ਦੇ ਸਮੂਹ ਐਸ.ਐਮ.ਓਜ਼ ਨਾਲ ਸ਼ੁੱਕਰਵਾਰ ਨੂੰ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਸਮੂਹ ਐਸ.ਐਮ.ਓਜ਼ ਨੂੰ ਐਮਰਜੈਂਸੀ ਸਿਹਤ ਸੇਵਾਵਾਂ ਨੂੰ 24 ਘੰਟੇ ਅਲਰਟ ਮੋਡ ‘ਚ ਰੱਖਣ ਦੀ ਹਦਾਇਤ ਕੀਤੀ ਗਈ। ਸਿਵਲ ਸਰਜਨ ਨੇ ਹਦਾਇਤ ਕਰਦਿਆਂ ਕਿਹਾ ਕਿ ਹਰ ਬਲਾਕ ਵਿੱਚ ਐਮਰਜੈਂਸੀ ਟੀਮਾਂ ਦਾ ਗਠਨ ਕਰਕੇ ਲੋਕਾਂ ਲਈ ਸਿਹਤ ਸੇਵਾਵਾਂ ਨੂੰ ਪੂਰੀ ਤਰ੍ਹਾਂ ਦੁਰਸਤ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਵਾਚਦੇ ਹੋਏ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦੀ ਹਦਾਇਤ ਕੀਤੀ ਜਾਂਦੀ ਹੈ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਸਮੂਹ ਐਸ.ਐਮ.ਓਜ਼ ਨੂੰ 24 ਘੰਟੇ ਮੋਬਾਈਲ ਤੇ ਉਪਲਬਧ ਰਹਿਣ ਅਤੇ ਕਿਸੇ ਵੀ ਸਮੇਂ ਕਿਸੇ ਵੀ ਐਮਰਜੈਂਸ਼ੀ ਡਿਊਟੀ ਲਈ ਤਿਆਰ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਫਰਸਟ-ਏਡ-ਕਿਟ, ਦਵਾਈਆਂ ਅਤੇ ਮੈਡੀਕਲ ਉਪਕਰਨਾਂ ਦੀ ਉਪਲਬਧਤਾ ਨੂੰ ਵੀ ਸੁਨਿਸ਼ਚਿਤ ਕੀਤਾ ਜਾਵੇ। ਉਨ੍ਹਾਂ ਨੇ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਆਪਾਤ ਸਥਿਤੀ ਨਾਲ ਨਜਿੱਠਣ ਲਈ ਪ੍ਰਾਇਵੇਟ ਹਸਪਤਾਲਾਂ ਨਾਲ ਵੀ ਪੂਰੀ ਤਰ੍ਹਾਂ ਤਾਲਮੇਲ ਬਣਾ ਕੇ ਰੱਖਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਅਗਲੇ ਹੁਕਮਾਂ ਤੱਕ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਹਿੱਤ ਸਿਹਤ ਸਟਾਫ਼ ਵੱਲੋਂ ਆਪਣੀ ਡਿਊਟੀ ਪੂਰੀ ਨਿਸ਼ਠਾ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਨਿਭਾਈ ਜਾਵੇ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।