
ਜਲੰਧਰ, 1 ਅਗਸਤ।
ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾ ਭਲਾਈ ਅਤੇ ਆਜ਼ਾਦੀ ਸੈਨਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਹਰ ਵਾਅਦੇ ਨੂੰ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਪੂਰਾ ਕਰ ਰਹੀ ਹੈ। ਇਸੇ ਤਹਿਤ ਅੱਜ ਸੂਬੇ ਦੀਆਂ 35.5 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਅਧੀਨ ਸਨਮਾਨ ਰਾਸ਼ੀ ਜਾਰੀ ਕੀਤੀ ਗਈ ਹੈ। ਹੁਣ ਤੱਕ ਇਸ ਯੋਜਨਾ ਰਾਹੀਂ ਕੁੱਲ 68.5 ਲੱਖ ਮਹਿਲਾਵਾਂ ਲਾਭਾਨਵਿਤ ਹੋ ਚੁੱਕੀਆਂ ਹਨ।
ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਆਰਥਿਕ ਸਹਾਇਤਾ ਤੱਕ ਸੀਮਿਤ ਨਹੀਂ, ਸਗੋਂ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਦੇ ਸਨਮਾਨ, ਆਤਮ-ਵਿਸ਼ਵਾਸ ਅਤੇ ਸਸ਼ਕਤੀਕਰਨ ਦਾ ਪ੍ਰਤੀਕ ਹੈ। ਸੂਬਾ ਸਰਕਾਰ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਉਤਥਾਨ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲਈ ਚੋਣੀ ਵਾਅਦੇ ਸਿਰਫ਼ ਐਲਾਨ ਨਹੀਂ, ਸਗੋਂ ਜਨਤਾ ਨਾਲ ਕੀਤੇ ਪਵਿੱਤਰ ਸੰਕਲਪ ਹਨ। ਸਰਕਾਰ ਆਪਣੇ ਹਰ ਵਾਅਦੇ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ ਲਈ ਵਚਨਬੱਧ ਹੈ ਅਤੇ ਜਨਤਾ ਦੇ ਭਰੋਸੇ ‘ਤੇ ਹਮੇਸ਼ਾ ਖਰੀ ਉਤਰਦੀ ਰਹੇਗੀ।
ਮੋਹਿੰਦਰ ਭਗਤ ਨੇ ਯੋਜਨਾ ਨਾਲ ਜੁੜੀਆਂ ਸਾਰੀਆਂ ਮਾਵਾਂ ਅਤੇ ਭੈਣਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਜਨ-ਕਲਿਆਣਕਾਰੀ ਯੋਜਨਾਵਾਂ ਰਾਹੀਂ ਸੂਬੇ ਦੇ ਹਰ ਪਰਿਵਾਰ ਤੱਕ ਵਿਕਾਸ ਅਤੇ ਖੁਸ਼ਹਾਲੀ ਪਹੁੰਚਾਉਣ ਲਈ ਲਗਾਤਾਰ ਕੰਮ ਕਰਦੀ ਰਹੇਗੀ।